ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸੂਰਜੀ ਊਰਜਾ ਪਲਾਂਟ ਦਾ ਬੀਬੀ ਜਗੀਰ ਕੌਰ ਨੇ ਕੀਤਾ ਉਦਘਾਟਨ

0
130

525 ਕਿਲੋਵਾਟ ਦਾ ਪਲਾਂਟ ਤਿਆਰ, ਕੁੱਲ 3 ਮੈਗਾਵਾਟ ਤੱਕ ਹੋਵੇਗਾ ਵਿਸਥਾਰ-ਬੀਬੀ ਜਗੀਰ ਕੌਰ

ਅੰਮ੍ਰਿਤਸਰ : ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਬਿਜਲੀ ਦੇ ਖਰਚੇ ਘਟਾਉਣ ਦੇ ਮੰਤਵ ਨਾਲ ਲਗਾਏ ਗਏ ਸੂਰਜੀ ਊਰਜਾ ਪਲਾਂਟ ਦਾ ਉਦਘਾਟਨ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਕੀਤਾ। ਸ਼੍ਰੋਮਣੀ ਕਮੇਟੀ ਵੱਲੋਂ ਇਸ ਪਲਾਂਟ ਦੀ ਸੇਵਾ ਯੂਨਾਈਟਡ ਸਿੱਖ ਮਿਸ਼ਨ ਅਮਰੀਕਾ ਨੂੰ ਦਿੱਤੀ ਗਈ ਸੀ, ਜਿਸ ਨੇ ਥੋੜ੍ਹੇ ਸਮੇਂ ਵਿਚ ਹੀ ਇਕ ਹਿੱਸੇ ਨੂੰ ਤਿਆਰ ਕੀਤਾ ਹੈ। ਕੁਲ 3 ਮੈਗਾਵਾਟ ਦੇ ਸਥਾਪਿਤ ਕੀਤੇ ਜਾ ਰਹੇ ਪਲਾਂਟ ਵਿੱਚੋਂ 525 ਕਿਲੋਵਾਟ ਦੀ ਸਮਰੱਥਾ ਦਾ ਪਲਾਂਟ ਸ਼੍ਰੋਮਣੀ ਕਮੇਟੀ ਤੇ ਧਰਮ ਪ੍ਰਚਾਰ ਕਮੇਟੀ ਦੇ ਮੁੱਖ ਦਫ਼ਤਰ ਅਤੇ ਸਰਾਵਾਂ ਦੀਆਂ ਇਮਾਰਤਾਂ ’ਤੇ ਲਗਾਇਆ ਗਿਆ ਹੈ। ਪਲਾਂਟ ਦੇ ਉਦਘਾਟਨ ਮਗਰੋਂ ਗੱਲਬਾਤ ਕਰਦਿਆਂ ਬੀਬੀ ਜਗੀਰ ਕੌਰ ਨੇ ਕਿਹਾ ਕਿ ਅੱਜ ਇਸ ਗੱਲ ਦੀ ਵੱਡੀ ਲੋੜ ਹੈ ਕਿ ਕੁਦਰਤੀ ਸਰੋਤਾਂ ਦੀ ਵਰਤੋਂ ਕਰਕੇ ਬਿਜਲੀ ਤਿਆਰ ਕੀਤੀ ਜਾਵੇ।

ਅੱਜ ਦੇ ਤਕਨੀਕੀ ਯੁੱਗ ਵਿਚ ਇਹ ਕਾਰਜ ਬਹੁਤ ਸੁਖਾਲਾ ਹੈ, ਜਿਸ ਨੂੰ ਸ਼੍ਰੋਮਣੀ ਕਮੇਟੀ ਨੇ ਪਹਿਲ ਦੇ ਅਧਾਰ ’ਤੇ ਸ਼ੁਰੂ ਕੀਤਾ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਕੁਲ 3 ਮੈਗਾਵਾਟ ਦਾ ਸੂਰਜੀ ਊਰਜਾ ਪਲਾਂਟ ਤਿਆਰ ਕੀਤਾ ਜਾਣਾ ਹੈ, ਜਿਸ ਲਈ ਯੂਨਾਈਟਡ ਸਿੱਖ ਮਿਸ਼ਨ ਅਮਰੀਕਾ ਸੇਵਾਵਾਂ ਦੇ ਰਿਹਾ ਹੈ। ਉਨ੍ਹਾਂ ਦੱਸਿਆ ਕਿ ਸ੍ਰੀ ਦਰਬਾਰ ਸਾਹਿਬ ਨਜ਼ਦੀਕ ਇਮਾਰਤਾਂ ਉੱਪਰ 500 ਕਿਲੋਵਾਟ ਦੇ ਕਰੀਬ ਪਲਾਂਟ ਹੀ ਸਥਾਪਿਤ ਹੋ ਸਕਿਆ ਹੈ, ਜਦਕਿ ਬਾਕੀ ਅੰਮ੍ਰਿਤਸਰ ਦੇ ਨਜ਼ਦੀਕ ਗੁਰਦੁਆਰਾ ਗੁਰੂਸਰ ਸਤਲਾਣੀ ਸਾਹਿਬ ਵਿਖੇ ਲਗਾਇਆ ਜਾਵੇਗਾ।

ਇਸ ਲਈ ਕਾਰਵਾਈ ਲਗਭਗ ਮੁਕੰਮਲ ਹੋ ਚੁੱਕੀ ਹੈ ਅਤੇ ਇਹ ਜਲਦ ਤਿਆਰ ਹੋਵੇਗਾ। ਉਨ੍ਹਾਂ ਇਹ ਵੀ ਦੱਸਿਆ ਕਿ ਗੁਰਦੁਆਰਾ ਬੀੜ ਬਾਬਾ ਬੁੱਢਾ ਸਾਹਿਬ ਠੱਠਾ ਅਤੇ ਗੁਰਦੁਆਰਾ ਸ਼ਹੀਦ ਗੰਜ ਬਾਬਾ ਦੀਪ ਸਿੰਘ ਸ੍ਰੀ ਅੰਮ੍ਰਿਤਸਰ ਵਿਖੇ ਵੀ ਸੂਰਜੀ ਊਰਜਾ ਦੇ ਪਲਾਂਟ ਲਗਾਉਣ ਦਾ ਕਾਰਜ ਚੱਲ ਰਿਹਾ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਸੂਰਜੀ ਊਰਜਾ ਇਕ ਚੰਗੇ ਬਦਲ ਵਜੋਂ ਸਾਹਮਣੇ ਹੈ, ਜਿਸ ਦਾ ਫਾਇਦਾ ਲਿਆ ਜਾਵੇਗਾ। ਇਸ ਨਾਲ ਜਿਥੇ ਕੁਦਰਤੀ ਵਾਤਾਵਰਣ ਬਰਕਰਾਰ ਰਹੇਗਾ, ਉਥੇ ਹੀ ਵਿੱਤੀ ਲਾਭ ਵੀ ਮਿਲੇਗਾ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਯੂਨਾਈਟਡ ਸਿੱਖ ਮਿਸ਼ਨ ਅਮਰੀਕਾ ਦੇ ਚੇਅਰਮੈਨ ਸ. ਰਸ਼ਪਾਲ ਸਿੰਘ ਢੀਂਡਸਾ ਅਤੇ ਹੋਰ ਨੁਮਾਇੰਦਿਆਂ ਨੂੰ ਗੁਰੂ ਬਖ਼ਸ਼ਿਸ਼ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ।

ਇਸ ਮੌਕੇ ਸਿੰਘ ਸਾਹਿਬ ਗਿਆਨੀ ਗੁਰਮਿੰਦਰ ਸਿੰਘ, ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਐਡਵੋਕੇਟ ਭਗਵੰਤ ਸਿੰਘ ਸਿਆਲਕਾ, ਮੁੱਖ ਸਕੱਤਰ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਅੰਤ੍ਰਿੰਗ ਮੈਂਬਰ ਸ. ਭੁਪਿੰਦਰ ਸਿੰਘ ਭਲਵਾਨ, ਮੈਂਬਰ ਭਾਈ ਰਾਜਿੰਦਰ ਸਿੰਘ ਮਹਿਤਾ, ਭਾਈ ਮਨਜੀਤ ਸਿੰਘ ਭੂਰਾਕੋਹਨਾ, ਭਾਈ ਗੁਰਚਰਨ ਸਿੰਘ ਗਰੇਵਾਲ, ਬੀਬੀ ਕਿਰਨਜੋਤ ਕੌਰ, ਬੀਬੀ ਕੁਲਦੀਪ ਕੌਰ ਟੌਹੜਾ, ਸ. ਹਰਪਾਲ ਸਿੰਘ ਜੱਲ੍ਹਾ, ਸ. ਅਮਰਜੀਤ ਸਿੰਘ ਭਲਾਈਪੁਰ, ਸ. ਸੁਰਜੀਤ ਸਿੰਘ ਤੁਗਲਵਾਲ, ਸ. ਗੁਰਨਾਮ ਸਿੰਘ ਜੱਸਲ, ਸ. ਅਮਰਜੀਤ ਸਿੰਘ ਬੰਡਾਲਾ, ਸ. ਜਰਨੈਲ ਸਿੰਘ ਡੋਗਰਾਂਵਾਲਾ, ਸ. ਅਮਰੀਕ ਸਿੰਘ ਵਿਛੋਆ, ਸ. ਸੁਖਹਰਪ੍ਰੀਤ ਸਿੰਘ ਰੋਡੇ, ਸ਼੍ਰੋਮਣੀ ਕਮੇਟੀ ਦੇ ਵਧੀਕ ਸਕੱਤਰ ਸ. ਸੁਖਦੇਵ ਸਿੰਘ ਭੂਰਾਕੋਹਨਾ, ਮੀਤ ਸਕੱਤਰ ਸ. ਕੁਲਵਿੰਦਰ ਸਿੰਘ ਰਮਦਾਸ, ਸ. ਸਿਮਰਜੀਤ ਸਿੰਘ ਕੰਗ, ਓਐਸਡੀ ਡਾ. ਅਮਰੀਕ ਸਿੰਘ ਲਤੀਫਪੁਰ, ਡਾ. ਸੁਖਬੀਰ ਸਿੰਘ, ਸੁਪ੍ਰਿੰਟੈਂਡੈਂਟ ਸ. ਮਲਕੀਤ ਸਿੰਘ ਬਹਿੜਵਾਲ, ਯੂਨਾਈਟਡ ਸਿੱਖ ਮਿਸ਼ਨ ਦੇ ਚੇਅਰਮੈਨ ਸ. ਰਸ਼ਪਾਲ ਸਿੰਘ ਢੀਂਡਸਾ, ਡਾ. ਐਨ. ਪੀ. ਸਿੰਘ, ਸ. ਅਵਤਾਰ ਸਿੰਘ, ਸ. ਭੁਪਿੰਦਰ ਸਿੰਘ, ਬੀਬੀ ਮਨਜੀਤ ਕੌਰ ਢੀਂਡਸਾ, ਸ. ਰਣਜੀਤ ਸਿੰਘ, ਸ. ਸੁਲੱਖਣ ਸਿੰਘ, ਸ. ਪਰਮਜੀਤ ਸਿੰਘ ਮਾਨ, ਸ੍ਰੀ ਉਜੈਸਵੀ ਸ਼ਰਮਾ ਆਦਿ ਮੌਜੂਦ ਸਨ।

LEAVE A REPLY

Please enter your comment!
Please enter your name here