ਹਰਿਆਣਾ ’ਚ ਮੁੱਖ ਮੰਤਰੀ ਦੀ ਆਮਦ ਤੋਂ ਪਹਿਲਾਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪ੍ਰਕਾਸ਼ ਅਸਥਾਨ ਦੀ ਚੈਕਿੰਗ ਕਰਨਾ ਨਿੰਦਣਯੋਗ – ਐਡਵੋਕੇਟ ਧਾਮੀ

0
66

ਹਰਿਆਣਾ ਦੇ ਅੰਬਾਲਾ ਜ਼ਿਲ੍ਹੇ ਦੇ ਨਰਾਇਣਗੜ੍ਹ ਸਥਿਤ ਗੁਰਦੁਆਰਾ ਸ੍ਰੀ ਰਾਤਗੜ੍ਹ ਸਾਹਿਬ ਵਿਖੇ ਬੀਤੇ ਦਿਨੀਂ ਸੂਬੇ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਦੀ ਆਮਦ ਤੋਂ ਪਹਿਲਾਂ ਚੱਲ ਰਹੇ ਗੁਰਮਤਿ ਸਮਾਗਮ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪ੍ਰਕਾਸ਼ ਅਸਥਾਨ ਦੀ ਸੁਰੱਖਿਆ ਕਰਮੀਆਂ ਵੱਲੋਂ ਚੈਕਿੰਗ ਕਰਨ ਦੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ ਹੈ।

ਐਡਵੋਕੇਟ ਧਾਮੀ ਨੇ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਅਦਬ ਸਤਿਕਾਰ ਤੇ ਮਰਯਾਦਾ ਸਿੱਖਾਂ ਲਈ ਵੱਡੀ ਮਹੱਤਤਾ ਰੱਖਦਾ ਹੈ, ਪਰ ਇਸ ਦੇ ਉਲਟ ਹਰਿਆਣਾ ਅੰਦਰ ਭਾਰਤੀ ਜਨਤਾ ਪਾਰਟੀ ਦੀ ਅਗਵਾਈ ਵਾਲੀ ਸਰਕਾਰ ਦੇ ਪੁਲਿਸ ਪ੍ਰਸ਼ਾਸਨ ਵੱਲੋਂ ਇਸ ਦਾ ਵੱਡਾ ਉਲੰਘਣ ਕੀਤਾ ਗਿਆ ਹੈ।

ਉਨ੍ਹਾਂ ਕਿਹਾ ਕਿ ਇਸ ਘਟਨਾ ਦੀ ਸਾਹਮਣੇ ਆਈ ਵੀਡੀਓ ਤੋਂ ਸਪੱਸ਼ਟ ਹੁੰਦਾ ਹੈ ਕਿ ਕਿਵੇਂ ਹਰਿਆਣਾ ਪੁਲਿਸ ਦੇ ਕਰਮੀਆਂ ਨੇ ਗੁਰੂ ਸਾਹਿਬ ਦੇ ਪ੍ਰਕਾਸ਼ ਅਸਥਾਨ ਦੀ ਚੈਕਿੰਗ ਕਰਕੇ ਸਿੱਖ ਭਾਵਨਾਵਾਂ ਨੂੰ ਠੇਸ ਪਹੁੰਚਾਈ ਹੈ। ਉਨ੍ਹਾਂ ਕਿਹਾ ਕਿ ਦੁਨੀਆਂ ਭਰ ਦੀਆਂ ਵੱਡੀਆਂ ਸ਼ਖ਼ਸੀਅਤਾਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਸ਼ਰਧਾ ਤੇ ਸਤਿਕਾਰ ਨਾਲ ਨਤਮਸਤਕ ਹੁੰਦੀਆਂ ਹਨ, ਪਰੰਤੂ ਹਰਿਆਣਾ ਦੀ ਭਾਜਪਾ ਸਰਕਾਰ ਦੀ ਇਹ ਕਾਰਵਾਈ ਗੁਰੂ ਘਰ ਦੀਆਂ ਪ੍ਰੰਪਰਾਵਾਂ ਦੇ ਉਲਟ ਅਤੇ ਸੱਤਾ ਦੇ ਨਸ਼ੇ ਤੋਂ ਪ੍ਰਭਾਵਿਤ ਹੈ।

ਐਡਵੋਕੇਟ ਧਾਮੀ ਨੇ ਦੁੱਖ ਪ੍ਰਗਟਾਇਆ ਕਿ ਇਸ ਘਟਨਾ ਦੇ ਕੁਝ ਦਿਨ ਬੀਤ ਜਾਣ ਦੇ ਬਾਵਜੂਦ ਵੀ ਹਰਿਆਣਾ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਦੇ ਆਗੂਆਂ ਵੱਲੋਂ ਹੁਣ ਤਕ ਇਸ ਸਬੰਧੀ ਕੋਈ ਪ੍ਰਤੀਕਿਰਿਆ ਜਾ ਨੋਟਿਸ ਨਹੀਂ ਲਿਆ ਗਿਆ, ਜਿਸ ਤੋਂ ਇਹ ਸਿੱਧ ਹੁੰਦਾ ਹੈ ਕਿ ਉਹ ਭਾਜਪਾ ਸਰਕਾਰ ਦੇ ਪ੍ਰਭਾਵ ਹੇਠ ਚੱਲ ਰਹੇ ਹਨ। ਉਨ੍ਹਾਂ ਹਰਿਆਣਾ ਦੇ ਮੁੱਖ ਮੰਤਰੀ ਨੂੰ ਘਟਨਾ ਦੀ ਨੈਤਿਕ ਜ਼ੁੰਮੇਵਾਰੀ ਲੈਂਦਿਆਂ ਸਿੱਖ ਸੰਗਤਾਂ ਪਾਸੋਂ ਮੁਆਫ਼ੀ ਮੰਗਣ ਲਈ ਵੀ ਕਿਹਾ।

LEAVE A REPLY

Please enter your comment!
Please enter your name here