ਸੰਗਰੂਰ: ਖੁਰਾਕ ਤੇ ਸਿਵਲ ਸਪਲਾਈ ਮੰਤਰੀ ਭਾਰਤ ਭੂਸ਼ਣ ਆਸ਼ੂ ਨੇ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਕਮੇਟੀ ਦੀ ਪਲੇਠੀ ਮੀਟਿੰਗ ਦੀ ਪ੍ਰਧਾਨਗੀ ਕੀਤੀ। ਇਸ ਵਿਚ ਕੈਬਨਿਟ ਮੰਤਰੀ ਵਿਜੇਇੰਦਰ ਸਿੰਗਲਾ, ਧੂਰੀ ਦੇ ਵਿਧਾਇਕ ਦਲਵੀਰ ਸਿੰਘ ਗੋਲਡੀ ਵੀ ਸ਼ਾਮਿਲ ਹੋਏ। ਭਾਰਤ ਭੂਸ਼ਣ ਆਸ਼ੂ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਲੋਕਾਂ ਦੀ ਬਿਹਤਰੀ ਲਈ ਕਈ ਸਕੀਮਾਂ ਸ਼ੁਰੂ ਕੀਤੀਆਂ ਹਨ। ਇਨ੍ਹਾਂ ਨੂੰ ਜ਼ਮੀਨੀ ਪੱਧਰ ‘ਤੇ ਹਰੇਕ ਲਾਭਪਾਤਰੀ ਤੱਕ ਪਹੁੰਚਾਇਆ ਜਾਣਾ ਚਾਹੀਦਾ ਹੈ। ਇਸ ਦੇ ਨਾਲ ਹੀ ਇਹ ਯਕੀਨੀ ਬਣਾਇਆ ਜਾਵੇ ਕਿ ਲੋੜਵੰਦਾਂ ਨੂੰ ਸਕੀਮਾਂ ਦਾ ਵੱਧ ਤੋਂ ਵੱਧ ਲਾਭ ਮਿਲੇ। ਇਸ ਦੇ ਨਾਲ ਹੀ ਉਨ੍ਹਾਂ ਨੇ ਇਹ ਵੀ ਕਿਹਾ ਕਿ ਲੋਕਾਂ ਦੀਆਂ ਸਮੱਸਿਆਵਾਂ ਸੁਣ ਕੇ ਉਨ੍ਹਾਂ ਦਾ ਹੱਲ ਕੀਤਾ ਜਾਵੇ।
ਭਾਰਤ ਭੂਸ਼ਣ ਆਸ਼ੂ ਨੇ ਕਿਹਾ ਕਿ ਕਮੇਟੀ ਦੇ ਗਠਨ ਦਾ ਮੁੱਖ ਮੰਤਵ ਸਰਕਾਰ ਤੇ ਲੋਕਾਂ ਦਰਮਿਆਨ ਆਪਸੀ ਤਾਲਮੇਲ ਕਾਇਮ ਕਰਨਾ ਹੈ ਤਾਂ ਜੋ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਹੱਲ ਕੀਤਾ ਜਾ ਸਕੇ। ਉਨ੍ਹਾਂ ਜ਼ਿਲ੍ਹਾ ਸ਼ਿਕਾਇਤ ਨਿਵਾਰਨ ਕਮੇਟੀ ਦੇ ਸਮੂਹ ਗੈਰ-ਸਰਕਾਰੀ ਮੈਂਬਰਾਂ ਨੂੰ ਅਪੀਲ ਕੀਤੀ ਕਿ ਉਹ ਲੋਕਾਂ ਦੀਆਂ ਸ਼ਿਕਾਇਤਾਂ ਲਿਖਤੀ ਰੂਪ ਵਿਚ ਕਮੇਟੀ ਅੱਗੇ ਪੇਸ਼ ਕਰਨ ਤੇ ਉਨ੍ਹਾਂ ਦੇ ਹੱਲ ਨੂੰ ਯਕੀਨੀ ਬਣਾਉਣ।
ਭਾਰਤ ਭੂਸ਼ਣ ਆਸ਼ੂ ਨੇ ਦੱਸਿਆ ਕਿ ਆਟਾ ਦਾਲ ਸਕੀਮ ਤਹਿਤ ਦਿੱਤੀ ਜਾਣ ਵਾਲੀ ਕਣਕ ਰਾਸ਼ਨ ਡਿਪੂਆਂ ਰਾਹੀਂ ਯੋਗ ਵਿਅਕਤੀਆਂ ਨੂੰ ਮੁਹੱਈਆ ਕਰਵਾਈ ਜਾ ਰਹੀ ਹੈ। ਸਪਲਾਈ ਵਿਚ ਕਿਸੇ ਵੀ ਅਧਿਕਾਰੀ ਜਾਂ ਕਰਮਚਾਰੀ ਦੀ ਅਣਗਹਿਲੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਇਸ ਦੇ ਲਈ ਡਿਪੂ ਪੱਧਰ ਤੋਂ ਲੈ ਕੇ ਜ਼ਿਲ੍ਹਾ ਪੱਧਰ ਤਕ ਵਿਜੀਲੈਂਸ ਕਮੇਟੀਆਂ ਦਾ ਗਠਨ ਕੀਤਾ ਗਿਆ ਹੈ, ਜੋ ਕਿ ਵੰਡ ਪ੍ਰਣਾਲੀ ਦੀ ਪਾਰਦਰਸ਼ਤਾ ਬਰਕਰਾਰ ਰੱਖਦੀਆਂ ਹਨ। ਇਸ ਤੋਂ ਇਲਾਵਾ ਉਨ੍ਹਾਂ ਨੇ ਕਿਹਾ ਕਿ ਪੰਜਾਬ ਸਰਕਾਰ ਨੌਜਵਾਨਾਂ ਨੂੰ ਨੌਕਰੀਆਂ ਦੇਣ ਦੇ ਮੌਕੇ ਪ੍ਰਦਾਨ ਕਰ ਰਹੀ ਹੈ। ਅਗਲੇ ਦੋ ਮਹੀਨਿਆਂ ਵਿਚ ਵੱਖ-ਵੱਖ ਵਿਭਾਗਾਂ ਵਿਚ ਵੱਡੇ ਪੱਧਰ ’ਤੇ ਭਰਤੀ ਕੀਤੀ ਜਾਵੇਗੀ।