ਫ਼ਰੀਦਕੋਟ ਵਿੱਚ ਬਾਲ ਵਿਆਹ ਰੋਕ ਬਚਾਈ 16 ਸਾਲਾ ਬੱਚੀ : ਡਾ ਬਲਜੀਤ ਕੌਰ

0
4
child marriage

ਚੰਡੀਗੜ੍ਹ, 14 ਅਗਸਤ 2025 : ਚਾਈਲਡ ਹੈਲਪਲਾਈਨ (Child Helpline) ਰਾਹੀਂ ਪ੍ਰਾਪਤ ਸ਼ਿਕਾਇਤ ‘ਤੇ ਤੁਰੰਤ ਕਾਰਵਾਈ ਕਰਦਿਆਂ, ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ (ਡੀ. ਸੀ. ਪੀ. ਯੂ.) ਅਤੇ ਹੋਰ ਹਿੱਸੇਦਾਰਾਂ ਨੇ ਪਿੰਡ ਸੰਗਰਾਹੂਰ (ਸਾਦਿਕ), ਜ਼ਿਲ੍ਹਾ ਫ਼ਰੀਦਕੋਟ ਵਿੱਚ 16 ਸਾਲਾ ਲੜਕੀ ਦਾ ਪ੍ਰਸਤਾਵਿਤ ਬਾਲ ਵਿਆਹ (Child marriage) ਸਫਲਤਾਪੂਰਵਕ ਰੋਕ ਦਿੱਤਾ ।

ਮੰਤਰੀ ਨੇ ਕਿਹਾ ਕਿ ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ ਅਤੇ ਬਾਲ ਭਲਾਈ ਕਮੇਟੀ ਦੀ ਤੇਜ਼ ਕਾਰਵਾਈ ਨਾਲ ਨਾਬਾਲਗ ਦੀ ਸੁਰੱਖਿਆ, ਸਿੱਖਿਆ ਅਤੇ ਭਵਿੱਖ ਯਕੀਨੀ

ਪੰਜਾਬ ਦੀ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਅਧਿਕਾਰੀਆਂ ਅਤੇ ਹਿੱਸੇਦਾਰਾਂ ਵੱਲੋਂ ਕੀਤੀ ਗਈ ਤੇਜ਼ ਕਾਰਵਾਈ ਦੀ ਪ੍ਰਸ਼ੰਸਾ ਕਰਦਿਆਂ ਕਿਹਾ ਕਿ ਨਾਬਾਲਗਾਂ ਦੇ ਅਧਿਕਾਰਾਂ ਦੀ ਰੱਖਿਆ ਲਈ ਬਾਲ ਸੁਰੱਖਿਆ ਕਾਨੂੰਨਾਂ ਨੂੰ ਸਖ਼ਤੀ ਨਾਲ ਲਾਗੂ ਕਰਨਾ ਅਤਿ ਜ਼ਰੂਰੀ ਹੈ।

ਡਾ. ਬਲਜੀਤ ਕੌਰ (Dr. Baljit Kaur) ਨੇ ਕਿਹਾ ਕਿ ਇਹ ਕਾਰਵਾਈ ਕਿਸ਼ੋਰ ਨਿਆਂ (ਬੱਚਿਆਂ ਦੀ ਦੇਖਭਾਲ ਅਤੇ ਸੁਰੱਖਿਆ) ਐਕਟ, 2015 ਦੇ ਅਧੀਨ ਕੀਤੀ ਗਈ। ਬੱਚੀ ਨੂੰ ਬਚਾ ਕੇ ਬਾਲ ਭਲਾਈ ਕਮੇਟੀ (ਸੀਡਬਲਯੂਸੀ) ਅੱਗੇ ਪੇਸ਼ ਕੀਤਾ ਗਿਆ, ਜਿੱਥੇ ਉਸਨੂੰ ਕੌਂਸਲਿੰਗ ਦੇਣ ਤੋਂ ਬਾਅਦ ਜ਼ਰੂਰੀ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਗਏ।

ਬੱਚੀ ਨੂੰ ਮਾਪਿਆਂ ਦੇ ਹਵਾਲੇ ਉਹਨਾਂ ਦੇ ਵਾਅਦੇ ‘ਤੇ ਕੀਤਾ ਗਿਆ ਕਿ ਉਹ ਉਸਦੀ ਸੁਰੱਖਿਆ, ਸਿੱਖਿਆ ਅਤੇ ਸਮੁੱਚੀ ਤੰਦਰੁਸਤੀ ਨੂੰ ਯਕੀਨੀ ਬਣਾਉਣਗੇ। ਬੱਚੀ ਦੇ ਹਿੱਤਾਂ ਦੀ ਰਾਖੀ ਲਈ ਨਿਯਮਿਤ ਨਿਗਰਾਨੀ ਅਤੇ ਫਾਲੋ-ਅੱਪ ਜਾਰੀ ਰਹੇਗਾ।

ਡਾ. ਬਲਜੀਤ ਕੌਰ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ (Chief Minister Bhagwant Singh Mann) ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਪੰਜਾਬ ਨੂੰ ਬਾਲ ਵਿਆਹ ਮੁਕਤ ਸੂਬਾ ਬਣਾਉਣ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਕਿਹਾ ਕਿ ਇਸ ਮਿਸ਼ਨ ਨੂੰ ਸਫਲ ਬਣਾਉਣ ਲਈ ਰਾਜ ਭਰ ਵਿੱਚ ਜਾਗਰੂਕਤਾ ਫੈਲਾਉਣ, ਰੋਕਥਾਮ ਨੂੰ ਯਕੀਨੀ ਬਣਾਉਣ ਅਤੇ ਕਾਨੂੰਨਾਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਦੀ ਪ੍ਰਣਾਲੀ ਨੂੰ ਲਗਾਤਾਰ ਮਜ਼ਬੂਤ ਕੀਤਾ ਜਾ ਰਿਹਾ ਹੈ, ਤਾਂ ਜੋ ਹਰ ਬੱਚੇ ਦਾ ਬਚਪਨ ਸੁਰੱਖਿਅਤ ਅਤੇ ਸੁਨਹਿਰਾ ਬਣ ਸਕੇ।

ਮੰਤਰੀ ਵੱਲੋਂ ਲੋਕਾਂ ਨੂੰ ਅਪੀਲ ਕੀਤੀ ਗਈ ਕਿ ਸੂਬੇ ਨੂੰ ਬਾਲ ਵਿਆਹ ਮੁਕਤ ਬਣਾਉਣ ਲਈ ਸਰਕਾਰ ਦਾ ਪੂਰਾ ਸਹਿਯੋਗ ਕੀਤਾ ਜਾਵੇ ਅਤੇ ਜੇਕਰ ਕਿਸੇ ਨੂੰ ਆਪਣੇ ਆਸ-ਪਾਸ ਬਾਲ ਵਿਆਹ ਬਾਰੇ ਕੋਈ ਜਾਣਕਾਰੀ ਹੋਵੇ ਤਾਂ ਸਮੇਂ ਸਿਰ ਚਾਈਲਡ ਹੈਲਪਲਾਈਨ ਨੰਬਰ 1098 ‘ਤੇ ਸੂਚਿਤ ਕੀਤਾ ਜਾਵੇ । ਉਨ੍ਹਾਂ ਵਿਸ਼ਵਾਸ ਦਿਵਾਇਆ ਕਿ ਜਾਣਕਾਰੀ ਸਾਂਝੀ ਕਰਨ ਵਾਲੇ ਦਾ ਨਾਮ ਪੂਰੀ ਤਰ੍ਹਾਂ ਗੁਪਤ ਰੱਖਿਆ ਜਾਵੇਗਾ ।

Read More : ਡਾ. ਬਲਜੀਤ ਕੌਰ ਨੇ ਸੌਂਪੇ ਵਿਭਾਗ ਵਿੱਚ ਨਵੇਂ ਨਿਯੁਕਤ ਕਰਮਚਾਰੀਆਂ ਨੂੰ ਨਿਯੁਕਤੀ ਪੱਤਰ

LEAVE A REPLY

Please enter your comment!
Please enter your name here