ਅਸ਼ੀਰਵਾਦ ਸਕੀਮ ਅਧੀਨ 20 ਕਰੋੜ ਰੁਪਏ ਦੀ ਰਾਸ਼ੀ ਜਾਰੀ; 3922 ਲਾਭਪਾਤਰੀ ਪਰਿਵਾਰਾਂ ਨੂੰ ਮਿਲੇਗਾ ਲਾਭ : ਡਾ. ਬਲਜੀਤ ਕੌਰ

0
85

– ਪੰਜਾਬ ਸਰਕਾਰ ਵੱਲੋਂ ਅਸ਼ੀਰਵਾਦ ਸਕੀਮ ਅਧੀਨ ਦਿੱਤੀ ਜਾਂਦੀ ਹੈ 51 ਹਜ਼ਾਰ ਦੀ ਰਾਸ਼ੀ
– ਕਿਹਾ, ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸਮਾਜ ਦੇ ਘੱਟ ਆਮਦਨੀ ਵਾਲੇ, ਅਨੁਸੂਚਿਤ ਜਾਤੀਆਂ ਅਤੇ ਪੱਛੜੀਆਂ ਸ਼੍ਰੇਣੀਆਂ ਦੀ ਭਲਾਈ ਲਈ ਵਚਨਬੱਧ

ਚੰਡੀਗੜ੍ਹ, 29 ਮਾਰਚ 2025 – ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ਅਸ਼ੀਰਵਾਦ ਸਕੀਮ ਅਧੀਨ ਅਨੁਸੂਚਿਤ ਜਾਤੀਆਂ ਦੇ ਲਾਭਪਾਤਰੀ ਪਰਿਵਾਰਾਂ ਲਈ 20 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ ਹੈ। ਇਹ ਪ੍ਰਗਟਾਵਾ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ ਬਲਜੀਤ ਕੌਰ ਨੇ ਕੀਤਾ।

ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ ਬਲਜੀਤ ਕੌਰ ਨੇ ਦੱਸਿਆ ਹੈ ਕਿ ਚਾਲੂ ਵਿੱਤੀ ਸਾਲ 2024-25 ਦੌਰਾਨ ਅਸ਼ੀਰਵਾਦ ਸਕੀਮ ਤਹਿਤ 12 ਜ਼ਿਲ੍ਹਿਆਂ ਤੋਂ ਪ੍ਰਾਪਤ ਹੋਈਆਂ 3922 ਅਰਜ਼ੀਆਂ ‘ਤੇ ਕਾਰਵਾਈ ਕਰਦਿਆਂ 20 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਅਸ਼ੀਰਵਾਦ ਸਕੀਮ ਅਧੀਨ ਘੱਟ ਆਮਦਨੀ ਵਾਲੇ ਪਰਿਵਾਰ ਨਾਲ ਸਬੰਧਤ ਲੜਕੀ ਦੇ ਵਿਆਹ ਲਈ 51000 ਰੁਪਏ ਦੀ ਵਿੱਤੀ ਸਹਾਇਤਾ ਦਿੱਤੀ ਜਾਂਦੀ ਹੈ।

ਇਹ ਵੀ ਪੜ੍ਹੋ: ਪੱਛੜੀਆਂ ਸ੍ਰੇਣੀਆਂ ਅਤੇ ਆਰਥਿਕ ਤੌਰ ਤੇ ਕਮਜੋਰ ਵਰਗਾ ਦੇ ਲਾਭਪਾਤਰੀਆਂ ਲਈ 9.55 ਕਰੋੜ ਦੀ ਰਾਸ਼ੀ ਜਾਰੀ: ਡਾ. ਬਲਜੀਤ ਕੌਰ

ਡਾ. ਬਲਜੀਤ ਕੌਰ ਨੇ ਦੱਸਿਆ ਕਿ ਜਿਨ੍ਹਾਂ 12 ਜ਼ਿਲ੍ਹਿਆਂ ਦੇ ਲਾਭਪਾਤਰੀਆਂ ਲਈ ਰਾਸ਼ੀ ਜਾਰੀ ਕੀਤੀ ਗਈ ਹੈ, ਉਨ੍ਹਾਂ ਵਿੱਚ ਅੰਮ੍ਰਿਤਸਰ ਦੇ 1476, ਬਰਨਾਲਾ ਦੇ 56, ਫਰੀਦਕੋਟ ਦੇ 111, ਫਿਰੋਜ਼ਪੁਰ ਦੇ 389, ਸ੍ਰੀ ਫਤਹਿਗੜ੍ਹ ਸਾਹਿਬ ਦੇ 84, ਫਾਜ਼ਿਲਕਾ ਦੇ 188, ਕਪੂਰਥਲਾ ਦੇ 216, ਲੁਧਿਆਣਾ ਦੇ 767, ਮਾਨਸਾ ਦੇ 96, ਸ੍ਰੀ ਮੁਕਤਸਰ ਸਾਹਿਬ ਦੇ 152, ਰੂਪਨਗਰ ਦੇ 89 ਅਤੇ ਐਸ.ਬੀ.ਐਸ. ਨਗਰ ਦੇ 298 ਲਾਭਪਾਤਰੀ ਸ਼ਾਮਲ ਹਨ।

ਕੈਬਨਿਟ ਮੰਤਰੀ ਨੇ ਦੱਸਿਆ ਕਿ ਅਸ਼ੀਰਵਾਦ ਸਕੀਮ ਦਾ ਲਾਭ ਲੈਣ ਲਈ ਬਿਨੈਕਾਰ ਦਾ ਪੰਜਾਬ ਦਾ ਸਥਾਈ ਨਿਵਾਸੀ ਹੋਣਾ, ਪਰਿਵਾਰ ਦੀ ਸਾਲਾਨਾ ਆਮਦਨ 32,790 ਰੁਪਏ ਤੋਂ ਘੱਟ ਹੋਣਾ ਅਤੇ ਬਿਨੈਕਾਰ ਦਾ ਅਨੁਸੂਚਿਤ ਜਾਤੀਆਂ, ਪੱਛੜੀਆਂ ਸ਼੍ਰੇਣੀਆਂ ਜਾਂ ਹੋਰ ਆਰਥਿਕ ਤੌਰ ‘ਤੇ ਕਮਜ਼ੋਰ ਵਰਗਾਂ ਨਾਲ ਸਬੰਧਤ ਹੋਣਾ ਲਾਜ਼ਮੀ ਹੈ। ਉਨ੍ਹਾਂ ਇਹ ਵੀ ਕਿਹਾ ਕਿ ਇਸ ਸਕੀਮ ਅਧੀਨ ਇਕ ਪਰਿਵਾਰ ਦੀਆਂ ਦੋ ਧੀਆਂ ਲਾਭਪਾਤਰੀ ਹੋ ਸਕਦੀਆਂ ਹਨ।

ਉਨ੍ਹਾਂ ਦੱਸਿਆ ਕਿ ਲਾਭਪਾਤਰੀਆਂ ਨੂੰ ਵਿੱਤੀ ਸਹਾਇਤਾ ਡੀ.ਬੀ.ਟੀ ਰਾਹੀਂ ਸਿੱਧਾ ਉਨ੍ਹਾਂ ਦੇ ਬੈਂਕ ਖਾਤਿਆਂ ਵਿੱਚ ਭੇਜੀ ਜਾਂਦੀ ਹੈ, ਤਾਂ ਜੋ ਪੂਰੀ ਪਾਰਦਰਸ਼ਤਾ ਅਤੇ ਤੇਜ਼ੀ ਨਾਲ ਲਾਭ ਦਿੱਤਾ ਜਾ ਸਕੇ।

ਡਾ. ਬਲਜੀਤ ਕੌਰ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸਮਾਜ ਦੇ ਘੱਟ ਆਮਦਨੀ ਵਾਲੇ, ਅਨੁਸੂਚਿਤ ਜਾਤੀਆਂ ਅਤੇ ਪਿੱਛੜੇ ਵਰਗਾਂ ਦੀ ਭਲਾਈ ਲਈ ਵਚਨਬੱਧ ਹੈ ਅਤੇ ਉਨ੍ਹਾਂ ਨੂੰ ਆਤਮ-ਨਿਰਭਰ ਅਤੇ ਆਰਥਿਕ ਤੌਰ ‘ਤੇ ਮਜ਼ਬੂਤ ਬਣਾਉਣ ਲਈ ਨਿਰੰਤਰ ਯਤਨਸ਼ੀਲ ਹੈ।

LEAVE A REPLY

Please enter your comment!
Please enter your name here