ਅੰਮ੍ਰਿਤਸਰ/ਬਰਮਿੰਘਮ : ਲੋਕ ਸਭਾ ਮੈਂਬਰ ਗੁਰਜੀਤ ਸਿੰਘ ਔਜਲਾ ਦੀਆਂ ਲਗਾਤਾਰ ਕੋਸ਼ਿਸ਼ਾਂ ਦੇ ਫਲਸਰੂਪ ਏਅਰ ਇੰਡੀਆ 3 ਸਤੰਬਰ ਤੋਂ ਅੰਮ੍ਰਿਤਸਰ – ਬਰਮਿੰਘਮ ਸਿੱਧੀ ਉਡ਼ਾਣ ਫਿਰ ਤੋਂ ਸ਼ੁਰੂ ਕਰ ਰਹੀ ਹੈ। ਔਜਲਾ ਨੇ ਇਸ ਸਬੰਧ ‘ਚ ਪ੍ਰਸੰਨਤਾ ਵਿਅਕਤ ਕਰਦੇ ਹੋਏ ਕਿਹਾ ਕਿ ਏਅਰ ਇੰਡੀਆ ਦੀ ਜਾਣਕਾਰੀ ਅਨੁਸਾਰ 3 ਸਤੰਬਰ ਤੋਂ ਹਰ ਹਫ਼ਤੇ ਅੰਮ੍ਰਿਤਸਰ ਅਤੇ ਬਰਮਿੰਘਮ ਦੇ ਵਿੱਚ ਸਿੱਧੀ ਉਡ਼ਾਣ ਸ਼ੁਰੂ ਕੀਤੀ ਜਾਵੇਗੀ।
ਇਹ ਉਡਾਣ ਹਰ ਸ਼ੁੱਕਰਵਾਰ ਨੂੰ ਅੰਮ੍ਰਿਤਸਰ ਤੋਂ ਦੁਪਹਿਰ 3:00 ਵਜੇ ਉਡਾਣ ਭਰੇਗੀ ਅਤੇ ਉਸੇ ਦਿਨ ਸ਼ਾਮ 5:20 ਵਜੇ ਬਰਮਿੰਘਮ ਪਹੁੰਚੇਗੀ। ਵਾਪਸੀ ਦੀ ਉਡਾਣ ਸ਼ਨਿਚਰਵਾਰ ਸ਼ਾਮ ਨੂੰ 7:30 ਵਜੇ ਬਰਮਿੰਘਮ ਤੋਂ ਰਵਾਨਾ ਹੋਵੇਗੀ ਅਤੇ ਅਗਲੇ ਦਿਨ ਐਤਵਾਰ ਸਵੇਰੇ 7:35 ਵਜੇ ਅੰਮ੍ਰਿਤਸਰ ਪਹੁੰਚੇਗੀ। ਏਅਰ ਇੰਡੀਆ ਇਸ ਰੂਟ ‘ਤੇ ਬੋਇੰਗ 787 ਡ੍ਰੀਮਲਾਈਨ ਜਹਾਜ਼ ਦੀ ਵਰਤੋਂ ਕਰੇਗੀ।
ਔਜਲਾ ਨੇ ਦੱਸਿਆ ਕਿ ਯੂਕੇ ਨਾਲ ਇਸ ਸਿੱਧੇ ਹਵਾਈ ਸੰਪਰਕ ਜ਼ਰੀਏ ਇੱਕ ਵਾਰ ਫਿਰ ਅੰਮ੍ਰਿਤਸਰ ਤੋਂ ਯੂ ਕੇ ਲਈ ਕਾਰਗੋ ਵਪਾਰ ਮੁੜ ਸ਼ੁਰੂ ਹੋ ਗਿਆ ਹੈ। ਲੰਡਨ ਅਤੇ ਬਰਮਿੰਘਮ ਨਾਲ ਹਵਾਈ ਸੰਪਰਕ ਮੁੜ ਸ਼ੁਰੂ ਹੋਣ ਦਾ ਸਵਾਗਤ ਕਰਦੇ ਹੋਏ ਸਰਦਾਰ ਔਜਲਾ ਨੇ ਕਿਹਾ ਕਿ ਉਡਾਣਾਂ ਦੇ ਦੁਬਾਰਾ ਸ਼ੁਰੂ ਹੋਣ ਨਾਲ ਕਿਸਾਨ ਅਤੇ ਵਪਾਰੀਆਂ ਨੂੰ ਵਸਤੂਆਂ ਵਿਦੇਸ਼ ਭੇਜਣ ਵਿੱਚ ਆਸਾਨੀ ਹੋਵੇਗੀ।
ਉਨ੍ਹਾਂ ਕਿਹਾ ਕਿ ਬਰਮਿੰਘਮ ਨਾਲ ਪੰਜਾਬ ਦਾ ਸਿੱਧਾ ਸੰਪਰਕ ਸਾਡੀ ਪੁਰਾਣੀ ਮੰਗ ਰਹੀ ਹੈ ਅਤੇ ਭਾਰਤ ਦੀ ਰਾਸ਼ਟਰੀ ਏਅਰਲਾਈਨ ਏਅਰ ਇੰਡੀਆ ਨੇ ਇਸਨੂੰ ਮੁੜ ਪੂਰਾ ਕੀਤਾ ਹੈ। ਉਨ੍ਹਾਂ ਕਿਹਾ ਕਿ ਇਹ ਸਾਡਾ ਕੇਵਲ ਵਪਾਰ ਰਸਤਾ ਨਹੀਂ, ਬਲਕਿ ਦਰਬਾਰ ਸਾਹਿਬ ਆਉਣ ਵਾਲੇ ਵਿਦੇਸ਼ੀ ਯਾਤਰੀਆਂ ਲਈ ਵੀ ਸਾਨੂੰ ਇਸ ਉਡਾਨ ਦੀ ਲੰਮੇ ਸਮੇਂ ਤੋਂ ਮੰਗ ਰਹੀ ਸੀ।