‘ਗੁਰੂ ਤੇਗ਼ ਬਹਾਦਰ ਜੀ ਦਾ 350ਵਾਂ ਸ਼ਹੀਦੀ ਦਿਹਾੜਾ’

0
34
Guru Tegh Bahadur Ji'

ਪਟਿਆਲਾ, 4 ਨਵੰਬਰ 2025 : ਸ੍ਰੀ ਗੁਰੂ ਤੇਗ ਬਹਾਦਰ ਜੀ (Sri Guru Tegh Bahadur Ji) ਦੀ ਲਾਸਾਨੀ ਸ਼ਹਾਦਤ ਦੇ 350ਵੇਂ ਵਰ੍ਹੇ ਨੂੰ ਸਮਰਪਿਤ ਪੰਜਾਬ ਸਰਕਾਰ ਵਲੋਂ ਕਰਵਾਏ ਜਾ ਰਹੇ ਸਮਾਗਮਾਂ ਦੀ ਲੜੀ ਤਹਿਤ ਗੁਰੂ ਸਾਹਿਬ ਦੇ ਜੀਵਨ, ਲਾਸਾਨੀ ਸ਼ਹਾਦਤ ਅਤੇ ਸਿੱਖਿਆਵਾਂ ‘ਤੇ ਆਧਾਰਿਤ ਵਿਸ਼ਾਲ ਲਾਈਟ ਐਂਡ ਸਾਊਂਡ ਸ਼ੋਅ ‘ਹਿੰਦ ਦੀ ਚਾਦਰ’ ਨੇ ਮੰਗਲਵਾਰ ਦੀ ਸ਼ਾਮ ਨੂੰ ਪੋਲੋ ਗਰਾਊਂਡ ਵਿਖੇ ਪੁੱਜੀ ਵੱਡੀ ਗਿਣਤੀ ਸੰਗਤ ਨੂੰ ਭਾਵੁਕ ਕਰ ਦਿੱਤਾ ।

ਹਿੰਦ ਦੀ ਚਾਦਰ’ ਵਿਸ਼ਾਲ ਲਾਈਟ ਐਂਡ ਸਾਊਂਡ ਸ਼ੋਅ ਦੀ ਸ਼ਾਨਦਾਰ ਪੇਸ਼ਕਾਰੀ ਨੇ ਸੰਗਤ ਨੂੰ

ਕੀਤਾ ਭਾਵੁਕ

‘ਹਿੰਦ ਦੀ ਚਾਦਰ’ ਸ਼ੋਅ ਵਿੱਚ 350 ਸਾਲ (350 years) ਪਹਿਲਾਂ ਸ੍ਰੀ ਗੁਰੂ ਤੇਗ ਬਹਾਦਰ ਜੀ ਵੱਲੋਂ ‘ਤਿਲਕ ਜੰਝੂ ਰਾਖਾ ਪ੍ਰਭ ਤਾ ਕਾ, ਕੀਨੋ ਬਡੋ ਕਲੂ ਮਹਿਕ ਸਾਕਾ’ ਤਹਿਤ ਆਪਣੇ ਪਿਆਰੇ ਗੁਰਸਿੱਖਾਂ ਭਾਈ ਮਤੀ ਦਾਸ ਜੀ, ਭਾਈ ਸਤੀ ਦਾਸ ਜੀ ਅਤੇ ਭਾਈ ਦਿਆਲਾ ਜੀ ਸਮੇਤ ਦਿੱਲੀ ਦੇ ਚਾਂਦਨੀ ਚੌਂਕ ਵਿਖੇ ਦਿੱਤੀ ਗਈ ਲਾਸਾਨੀ ਸ਼ਹਾਦਤ ਨਾਲ ਬੁਲੰਦ ਕੀਤੀ ਗਈ ਹੱਕ, ਸੱਚ, ਨਿਆਂ, ਪਰਉਪਕਾਰ ਤੇ ਮਨੁੱਖੀ ਅਧਿਕਾਰਾਂ ਦੀ ਆਵਾਜ਼ ਨੂੰ ਵਿਲੱਖਣ ਢੰਗ ਨਾਲ ਪੇਸ਼ ਕੀਤਾ ਗਿਆ । ਇਸ ਦੌਰਾਨ ਢਾਡੀ ਸੁਖਦੇਵ ਸਿੰਘ ਬੂਹ ਦੇ ਜਥੇ ਨੇ ਵਾਰਾਂ ਦੇ ਗਾਇਨ ਨਾਲ ਸ੍ਰੀ ਗੁਰੂ ਤੇਗ ਬਹਾਦਰ ਜੀ, ਭਾਈ ਮਤੀ ਦਾਸ ਜੀ, ਭਾਈ ਸਤੀ ਦਾਸ ਜੀ ਅਤੇ ਭਾਈ ਦਿਆਲਾ ਜੀ ਵੱਲੋਂ ਦਿੱਤੀ ਸ਼ਹਾਦਤ ਦੇ ਪ੍ਰਸੰਗ ਸੁਣਾਏ। ਸ਼ੋਅ ਮੌਕੇ ਸੰਗਤ, ਜਿਸ ‘ਚ ਬੱਚੇ, ਬਜ਼ੁਰਗ ਤੇ ਜਵਾਨ ਸ਼ਾਮਲ ਸਨ, ਨੇ ਧੰਨ ਗੁਰੂ ਤੇਗ ਬਹਾਦਰ ਜੀ ਉਚਾਰਦੇ ਹੋਏ ਜੈਕਾਰੇ ਵੀ ਲਗਾਏ ।

ਸ੍ਰੀ ਗੁਰੂ ਤੇਗ ਬਹਾਦਰ ਜੀ ਦੀ 350 ਸਾਲਾ ਸ਼ਹੀਦੀ ਸ਼ਤਾਬਦੀ ਨੂੰ ਇੱਕ ਸੇਵਕ ਵਜੋਂ ਵੱਡੇ ਪੱਧਰ ‘ਤੇ ਮਨਾ ਰਹੀ

ਹੈ ਪੰਜਾਬ ਸਰਕਾਰ : ਡਾ. ਬਲਬੀਰ ਸਿੰਘ

ਸੰਗਤ ‘ਚ ਸ਼ਾਮਲ ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ (Punjab Health and Family Welfare Minister) ਡਾ. ਬਲਬੀਰ ਸਿੰਘ ਨੇ ਦੱਸਿਆ ਕਿ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਸ਼ਹਾਦਤ ਦੇ 350 ਸਾਲਾ ਸ਼ਤਾਬਦੀ ਨੂੰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਇੱਕ ਨਿਮਾਣੇ ਸੇਵਕ ਵਜੋਂ ਵੱਡੇ ਪੱਧਰ ‘ਤੇ ਮਨਾ ਰਹੀ ਹੈ। ਇਸ ਤਹਿਤ ਉਲੀਕੇ ਵੱਖ-ਵੱਖ ਸਮਾਗਮਾਂ ਦੀ ਲੜੀ ਤਹਿਤ ਇਸ 45 ਮਿੰਟ ਦੇ ਲਾਈਟ ਐਂਡ ਸਾਊਂਡ ਸ਼ੋਅ ਨੇ ਡਿਜੀਟਲ ਤਰੀਕੇ ਨਾਲ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਜੀਵਨ, ਵਿਰਾਸਤ, ਸਿੱਖਿਆਵਾਂ, ਅਦੁੱਤੀ ਸਿੱਖ ਇਤਿਹਾਸ ਅਤੇ ਗੁਰੂ ਜੀ ਦੇ ਮਹਾਨ ਬਲੀਦਾਨ ਬਾਰੇ ਚਾਨਣਾ ਪਾਇਆ ਹੈ ।

ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੀ ਲਾਸਾਨੀ ਸ਼ਹਾਦਤ ਕਿਸੇ ਇੱਕ ਧਰਮ ਜਾਂ ਫ਼ਿਰਕੇ ਲਈ ਨਹੀਂ, ਸਗੋਂ ਸਮੁੱਚੀ ਮਾਨਵਤਾ ਦੇ ਮੌਲਿਕ ਅਧਿਕਾਰਾਂ ਅਤੇ ਸਨਮਾਨ ਲਈ ਸੀ : ਸਿਹਤ ਮੰਤਰੀ

ਸਿਹਤ ਮੰਤਰੀ ਨੇ ਕਿਹਾ ਕਿ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੀ ਲਾਸਾਨੀ ਸ਼ਹਾਦਤ (Unparalleled martyrdom) ਕਿਸੇ ਇੱਕ ਧਰਮ ਜਾਂ ਫ਼ਿਰਕੇ ਲਈ ਨਹੀਂ, ਸਗੋਂ ਸਮੁੱਚੀ ਮਾਨਵਤਾ ਦੇ ਮੌਲਿਕ ਅਧਿਕਾਰਾਂ ਅਤੇ ਸਨਮਾਨ ਲਈ ਸੀ । ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਇਹ ਯਕੀਨੀ ਬਣਾ ਰਹੀ ਹੈ ਕਿ ਗੁਰੂ ਸਾਹਿਬ ਜੀ ਦੀ ਲਾਸਾਨੀ ਸ਼ਹਾਦਤ ਬਾਰੇ ਪੰਜਾਬ ਅਤੇ ਦੇਸ਼ ਦੇ ਹਰ ਕੋਨੇ ਤੱਕ ਜਾਣਕਾਰੀ ਪਹੁੰਚੇ ਅਤੇ ਆਉਣ ਵਾਲੀਆਂ ਪੀੜ੍ਹੀਆਂ ਇਸ ਮਹਾਨ ਕੁਰਬਾਨੀ ਤੋਂ ਪ੍ਰੇਰਨਾ ਤੇ ਸੇਧ ਲੈ ਸਕਣ  ।

ਡਾ. ਬਲਬੀਰ ਸਿੰਘ ਨੇ ਅੱਗੇ ਦੱਸਿਆ ਕਿ ਇਸ ਸ਼ੋਅ ਨਾਲ ਪੰਜਾਬ ਸਰਕਾਰ ਵੱਲੋਂ ਹਿੰਦ ਦੀ ਚਾਦਰ ਨੌਵੇਂ ਪਾਤਸ਼ਾਹ (The Ninth King) ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੀ ਸਦੀਵੀ ਵਿਰਾਸਤ ਨੂੰ ਸਿਜਦਾ ਕਰਦਿਆਂ ਉਨ੍ਹਾਂ ਦੀ ਲਾਸਾਨੀ ਸ਼ਹਾਦਤ, ਸੱਚ ਦੇ ਰਾਹ ‘ਤੇ ਚੱਲਣ ਦੇ ਸਿਧਾਂਤ ਅਤੇ ਧਾਰਮਿਕ ਆਜ਼ਾਦੀ ਦੇ ਸੰਦੇਸ਼ ਨੂੰ ਸਮੁੱਚੀ ਮਨੁੱਖਤਾ ਤੱਕ ਪਹੁੰਚਾਉਣ ਲਈ ਗੁਰੂ ਸਾਹਿਬ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸੂਬਾ ਪੱਧਰੀ ਸਮਾਗਮਾਂ ਦੀ ਸ਼ੁਰੂਆਤ ਕੀਤੀ ਗਈ ਹੈ । ਇਨ੍ਹਾਂ ਸਮਾਗਮਾਂ ਨੂੰ ਅਜਿਹੇ ਤਰੀਕੇ ਨਾਲ ਉਲੀਕਿਆ ਗਿਆ ਹੈ ਕਿ ਹਰ ਉਮਰ ਵਰਗ ਖ਼ਾਸ ਤੌਰ ‘ਤੇ ਨੌਜਵਾਨ ਅਤੇ ਵਿਦਿਆਰਥੀ ਇਨ੍ਹਾਂ ਦਾ ਹਿੱਸਾ ਬਣ ਸਕਣ ।

23 ਨਵੰਬਰ ਤੋਂ 25 ਨਵੰਬਰ ਤੱਕ ਸ੍ਰੀ ਅਨੰਦਪੁਰ ਸਾਹਿਬ ਵਿਖੇ ਸਮਾਗਮ ਕਰਵਾਏ ਜਾ ਰਹੇ ਹਨ

ਉਨ੍ਹਾਂ ਕਿਹਾ ਕਿ 23 ਨਵੰਬਰ ਤੋਂ 25 ਨਵੰਬਰ ਤੱਕ ਸ੍ਰੀ ਅਨੰਦਪੁਰ ਸਾਹਿਬ ਵਿਖੇ ਸਮਾਗਮ ਕਰਵਾਏ ਜਾ ਰਹੇ ਹਨ ਜਦੋਂਕਿ ਪਟਿਆਲਾ ਜ਼ਿਲ੍ਹੇ ਭਰ ਅੰਦਰ ਗੁਰੂ ਸਾਹਿਬ ਦੀ ਚਰਨ ਛੋਹ ਪ੍ਰਾਪਤ 36 ਅਸਥਾਨਾਂ ਵਿਖੇ ਗੁਰਦੁਆਰਾ ਸਾਹਿਬ ਵਿਖੇ ਧਾਰਮਿਕ ਸਮਾਗਮ ਕਰਵਾਏ ਜਾ ਰਹੇ ਹਨ । ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਇਨ੍ਹਾਂ ਸਮਾਗਮਾਂ ਸਬੰਧੀ ਵੱਡੇ ਪੱਧਰ ‘ਤੇ ਤਿਆਰੀ ਵਿੱਢੀ ਹੋਈ ਹੈ ।

ਪੰਜਾਬ ਸਰਕਾਰ ਵਲੋਂ ਵੱਖ-ਵੱਖ ਸਥਾਨਾਂ ਤੋਂ ਕੱਢੇ ਜਾਣੇ ਹਨ ਵਿਸ਼ਾਲ ਨਗਰ ਕੀਰਤਨ

ਸਿਹਤ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਵੱਖ-ਵੱਖ ਸਥਾਨਾਂ ਤੋਂ ਵਿਸ਼ਾਲ ਨਗਰ ਕੀਰਤਨ ਕੱਢੇ ਜਾਣੇ ਹਨ । ਇਨ੍ਹਾਂ ਵਿਚੋਂ ਹੀ ਇਕ ਨਗਰ ਕੀਰਤਨ ਦਮਦਮਾ ਸਾਹਿਬ ਤਲਵੰਡੀ ਸਾਬੋ ਤੋਂ ਚੱਲਕੇ 21 ਨਵੰਬਰ ਨੂੰ ਪਟਿਆਲਾ ਵਿਖੇ ਪ੍ਰਵੇਸ਼ ਕਰੇਗਾ ਅਤੇ ਪੰਜਾਬ ਸਰਕਾਰ ਵੱਲੋਂ ਨਿਵੇਕਲੀ ਪਹਿਲ ਕਰਦਿਆਂ ਪਹਿਲੀ ਵਾਰ ਹਰ ਜ਼ਿਲ੍ਹੇ ਵਿੱਚ ਪਹੁੰਚਣ ‘ਤੇ ਨਗਰ ਕੀਰਤਨ ਨੂੰ ਸ਼ਾਨਦਾਰ ‘ਗਾਰਡ ਆਫ਼ ਆਨਰ’ ਦਿੱਤਾ ਜਾਵੇਗਾ । ਇਸ ਮੌਕੇ ਸੰਗਤ ਨੇ ਭਾਵੁਕ ਹੁੰਦਿਆਂ ਦੱਸਿਆ ਕਿ ‘ਹਿੰਦ ਦੀ ਚਾਦਰ’ ਸ਼ੋਅ ਦੀ ਸ਼ਾਨਦਾਰ ਪੇਸ਼ਕਾਰੀ ਨਾਲ ਉਨ੍ਹਾਂ ਨੂੰ ਅਨੋਖਾ ਅਨੁਭਵ ਹੋਇਆ ਹੈ, ਜਿਸ ਨਾਲ ਗੁਰੂ ਸਾਹਿਬ ਦੇ ਸ਼ਾਂਤੀ, ਸਹਿਣਸ਼ੀਲਤਾ ਅਤੇ ਵਿਸ਼ਵਵਿਆਪੀ ਭਾਈਚਾਰੇ ਨੂੰ ਮਜ਼ਬੂਤ ਕਰਨ ਦੇ ਫਲਸਫ਼ੇ ਨੂੰ ਸੁੰਦਰਤਾ ਨਾਲ ਦਰਸਾਇਆ ਗਿਆ ਹੈ ।

ਇਸ ਮੌਕੇ ਕਿਹੜੀਆਂ ਕਿਹੜੀਆਂ ਸ਼ਖਸੀਅਤਾਂ ਸਨ ਮੌਜੂਦ

ਇਸ ਮੌਕੇ ਵਿਧਾਇਕ ਅਜੀਤਪਾਲ ਸਿੰਘ ਕੋਹਲੀ, ਨੀਨਾ ਮਿੱਤਲ, ਚੇਤਨ ਸਿੰਘ ਜੌੜਾਮਾਜਰਾ, ਗੁਰਦੇਵ ਸਿੰਘ ਦੇਵ ਮਾਨ, ਪ੍ਰੋਫੈਸਰ ਪਰਮਵੀਰ ਸਿੰਘ, ਚੇਅਰਮੈਨ ਰਣਜੋਧ ਸਿੰਘ ਹਡਾਣਾ, ਮੇਅਰ ਕੁੰਦਨ ਗੋਗੀਆ, ਚੇਅਰਮੈਨ ਬਲਜਿੰਦਰ ਸਿੰਘ ਢਿੱਲੋਂ, ਵਾਈਸ ਚੇਅਰਮੈਨ ਇੰਦਰਜੀਤ ਸਿੰਘ ਸੰਧੂ, ਆਪ ਸ਼ਹਿਰੀ ਪ੍ਰਧਾਨ ਤੇ ਚੇਅਰਮੈਨ ਤੇਜਿੰਦਰ ਮਹਿਤਾ, ਦਿਹਾਤੀ ਪ੍ਰਧਾਨ ਤੇ ਚੇਅਰਮੈਨ ਮੇਘ ਚੰਦ ਸ਼ੇਰਮਾਜਰਾ, ਜੱਸੀ ਸੋਹੀਆਂ ਵਾਲਾ, ਬਲਵਿੰਦਰ ਸਿੰਘ ਝਾੜਵਾਂ, ਸੀਨੀਅਰ ਡਿਪਟੀ ਮੇਅਰ ਹਰਿੰਦਰ ਕੋਹਲੀ, ਸਮੂਹ ਕੌਂਸਲਰ ਸਾਹਿਬਾਨ, ਆਪ ਦੇ ਸਮੂਹ ਬਲਾਕ ਪ੍ਰਧਾਨ ਤੇ ਵਲੰਟੀਅਰ, ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ, ਐਸ. ਐਸ. ਪੀ.. ਵਰੁਣ ਸ਼ਰਮਾ, ਨਗਰ ਨਿਗਮ ਕਮਿਸ਼ਨਰ ਪਰਮਜੀਤ ਸਿੰਘ, ਐਸ.ਪੀ. ਵੈਭਵ ਚੌਧਰੀ, ਏ. ਡੀ. ਸੀਜ. ਦਮਨਜੀਤ ਸਿੰਘ ਮਾਨ, ਨਵਰੀਤ ਕੌਰ ਸੇਖੋਂ ਤੇ ਸਿਮਰਪ੍ਰੀਤ ਕੌਰ, ਐਸ. ਡੀ. ਐਮਜ. ਡਾ. ਇਸਮਤ ਵਿਜੇ ਸਿੰਘ, ਰਿਚਾ ਗੋਇਲ ਤੇ ਹਰਜੋਤ ਕੌਰ ਮਾਵੀ ਸਮੇਤ ਸ਼ਹਿਰ ਤੇ ਜਿਲ੍ਹੇ ਦੇ ਵੱਖ-ਵੱਖ ਇਲਾਕਿਆਂ ਤੋਂ ਪੁੱਜੀ ਵੱਡੀ ਗਿਣਤੀ ਵਿੱਚ ਸੰਗਤ ਤੇ ਹੋਰ ਵਸਨੀਕਾਂ ਨੇ ਸ਼ਿਰਕਤ ਕੀਤੀ ।

Read More : ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਤਿਆਰੀਆਂ ਜੋਰਾਂ ‘ਤੇ

LEAVE A REPLY

Please enter your comment!
Please enter your name here