ਪਟਿਆਲਾ, 11 ਨਵੰਬਰ 2025 : ਪੰਜਾਬ ਸਰਕਾਰ ਵੱਲੋਂ ਵਿਦਿਆਰਥੀਆਂ ਲਈ 15-ਦਿਨਾ ਵਿਦਿਅਕ ਪਾਠਕ੍ਰਮ ਦੀ ਯੋਜਨਾ ਉਲੀਕੀ ਤਹਿਤ ਅੱਜ ਜ਼ਿਲ੍ਹੇ ਦੇ ਸਮੂਹ ਮਿਡਲ, ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲਾਂ ਵਿਖੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਦਿਹਾੜੇ (Martyrdom Day of Sri Guru Tegh Bahadur Ji) ਸਬੰਧੀ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਭੇਜੀ ਲੈਕਚਰ ਲੜੀ ਵਿੱਚੋਂ ਪਹਿਲਾ ਲੈਕਚਰ ‘ਪ੍ਰਕਾਸ਼ ਸ੍ਰੀ ਗੁਰੂ ਤੇਗ ਬਹਾਦਰ ਜੀ’ ਸੁਣਾਇਆ ਗਿਆ ਹੈ ।
ਸਰਕਾਰੀ ਸਕੂਲਾਂ ‘ਚ ਵਿਦਿਆਰਥੀਆਂ ਨੂੰ ਸਵੇਰ ਦੀ ਸਭਾ ਮੌਕੇ ਸ਼ਰਧਾ ਭਾਵਨਾ ਨਾਲ ਗੁਰੂ ਸਾਹਿਬ ਦੇ ਜੀਵਨ ਤੇ ਸਿੱਖਿਆਵਾਂ ਦਾ ਪਾਠ ਪੜ੍ਹਾਇਆ
ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ (Chief Minister Bhagwant Singh Mann) ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੀ ਸਦੀਵੀ ਵਿਰਾਸਤ ਨੂੰ ਸਿਜਦਾ ਕਰਦਿਆਂ ਉਨ੍ਹਾਂ ਦੀ ਲਾਸਾਨੀ ਸ਼ਹਾਦਤ, ਸੱਚ ਦੇ ਰਾਹ ‘ਤੇ ਚੱਲਣ ਦੇ ਸਿਧਾਂਤ ਅਤੇ ਧਾਰਮਿਕ ਆਜ਼ਾਦੀ ਦੇ ਸੰਦੇਸ਼ ਨੂੰ ਸਮੁੱਚੀ ਮਨੁੱਖਤਾ ਤੱਕ ਪਹੁੰਚਾਉਣ ਲਈ ਗੁਰੂ ਸਾਹਿਬ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮਾਗਮ ਬਹੁਤ ਸ਼ਰਧਾ ਭਾਵਨਾ ਨਾਲ ਕਰਵਾਏ ਜਾ ਰਹੇ ਹਨ ।
ਪੰਜਾਬ ਦੇ ਸਾਰੇ ਸਕੂਲਾਂ ਵਿੱਚ ਨਰਸਰੀ ਤੋਂ ਲੈ ਕੇ ਬਾਰ੍ਹਵੀਂ ਜਮਾਤ ਤੱਕ 15-ਦਿਨਾਂ ਦਾ ਲਾਜ਼ਮੀ ਵਿਦਿਅਕ ਪਾਠਕ੍ਰਮ ਸ਼ੁਰੂ ਕੀਤਾ ਗਿਆ ਹੈ
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਨ੍ਹਾਂ ਸਮਾਗਮਾਂ ਨੂੰ ਅਜਿਹੇ ਤਰੀਕੇ ਨਾਲ ਉਲੀਕਿਆ ਗਿਆ ਹੈ ਕਿ ਹਰ ਉਮਰ ਵਰਗ ਖ਼ਾਸ ਤੌਰ ‘ਤੇ ਨੌਜਵਾਨ ਅਤੇ ਵਿਦਿਆਰਥੀ ਇਨ੍ਹਾਂ ਦਾ ਹਿੱਸਾ ਬਣ ਸਕਣ, ਇਸੇ ਤਹਿਤ ਹੀ ਸਕੂਲਾਂ ਵਿੱਚ ਵੀ ਵਿਸ਼ੇਸ਼ ਲੈਕਚਰ ਕਰਵਾਏ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਅੱਜ ਤੋਂ ਪੰਜਾਬ ਦੇ ਸਾਰੇ ਸਕੂਲਾਂ ਵਿੱਚ ਨਰਸਰੀ ਤੋਂ ਲੈ ਕੇ ਬਾਰ੍ਹਵੀਂ ਜਮਾਤ ਤੱਕ 15-ਦਿਨਾਂ ਦਾ ਲਾਜ਼ਮੀ ਵਿਦਿਅਕ ਪਾਠਕ੍ਰਮ ਸ਼ੁਰੂ ਕੀਤਾ ਗਿਆ ਹੈ ।
27 ਨਵੰਬਰ ਤੱਕ ਚੱਲਣ ਵਾਲੇ ਪ੍ਰੋਗਰਾਮਾਂ ਦੇ ਪਹਿਲੇ ਦਿਨ ‘ਪ੍ਰਕਾਸ਼ ਧੰਨ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ’ ਪ੍ਰਸੰਗ ਤੋਂ ਜਾਣੂ ਕਰਵਾਇਆ
ਇਸ ਬਾਰੇ ਹੋਰ ਵਿਸਥਾਰ ਨਾਲ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਸਿੱਖਿਆ ਅਫ਼ਸਰ ਸੰਜੀਵ ਕੁਮਾਰ (District Education Officer Sanjeev Kumar) ਨੇ ਦੱਸਿਆ ਕਿ ਇਹ ਲੈਕਚਰ ਅੱਜ ਸ਼ੁਰੂ ਹੋ ਗਏ ਹਨ ਅਤੇ ਇਹ ਲਗਾਤਾਰ 27 ਨਵੰਬਰ ਤੱਕ ਜਾਰੀ ਰਹਿਣਗੇ ਅਤੇ ਰੋਜ਼ਾਨਾ ਹੀ ਵਿਦਿਆਰਥੀਆਂ ਨੂੰ ਸਵੇਰ ਦੀ ਸਭਾ ਵਿੱਚ ਸ੍ਰੀ ਗੁਰੂ ਤੇਗ ਬਹਾਦਰ ਜੀ, ਮਾਤਾ ਗੁਜਰੀ ਦੇ ਜੀਵਨ ਨਾਲ ਰੂਬਰੂ ਕਰਵਾਉਣ ਸਮੇਤ ਭਾਈ ਮਤੀ ਦਾਸ, ਭਾਈ ਸਤੀ ਦਾਸ ਤੇ ਭਾਈ ਦਿਆਲਾ ਜੀ ਦੀ ਕੁਰਬਾਨੀ ਬਾਰੇ ਜਾਣੂ ਕਰਵਾਇਆ ਜਾਵੇਗਾ । ਜ਼ਿਲ੍ਹਾ ਸਿੱਖਿਆ ਅਫ਼ਸਰ ਨੇ ਦੱਸਿਆ ਕਿ ਅੱਜ ਸਵੇਰ ਦੀ ਸਭਾ ਦੌਰਾਨ 10-12 ਮਿੰਟ ਦਾ ਪਹਿਲਾਂ ਤੋਂ ਰਿਕਾਰਡ ਕੀਤਾ ਪਾਠ ਸਰਵਣ ਕਰਵਾਇਆ ਗਿਆ, ਜਿਸ ਵਿੱਚ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ ਪ੍ਰਕਾਸ਼ ਬਾਰੇ ਦੱਸਿਆ ਗਿਆ ਹੈ । ਉਨ੍ਹਾਂ ਕਿਹਾ ਕਿ ਇਸ ਦੌਰਾਨ ਵਿਦਿਆਰਥੀਆਂ ਉਤਸ਼ਾਹ ਨਾਲ ਗੁਰੂ ਸਾਹਿਬ ਦੇ ਜੀਵਨ ਦੇ ਪਹਿਲੇ ਪ੍ਰਸੰਗ ਬਾਰੇ ਜਾਣਕਾਰੀ ਹਾਸਲ ਕੀਤੀ ਹੈ ।
Read More : ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਤਿਆਰੀਆਂ ਜੋਰਾਂ ‘ਤੇ









