
ਅੰਮ੍ਰਿਤਸਰ, 21 ਮਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਵਸ ਨੂੰ ਵੱਡੇ ਪੱਧਰ ‘ਤੇ ਮਨਾਉਣ ਲਈ ਸੂਬਾ ਸਰਕਾਰ ਵੱਲੋਂ ਫੈਸਲਾ ਲਿਆ ਗਿਆ ਹੈ ਅਤੇ ਉਨਾਂ ਦੇ ਚਰਨ ਛੋਹ ਪ੍ਰਾਪਤ ਸਥਾਨਾਂ ਉੱਤੇ ਵੱਡੇ ਸਮਾਗਮ ਕਰਵਾਏ ਜਾਣਗੇ।
ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਸੂਬਾ ਸਰਕਾਰ ਨੌਵੇਂ ਗੁਰੂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਵਸ ਨੂੰ ਵੱਡੇ ਪੱਧਰ ‘ਤੇ ਮਨਾਉਣ ਲਈ ਲੜੀਵਾਰ ਸਮਾਗਮ ਕਰਵਾਉਣ ਲਈ ਪੂਰੀ ਤਰ੍ਹਾਂ ਸਮਰਪਿਤ ਹੈ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਬੇਮਿਸਾਲ ਅਤੇ ਵਿਲੱਖਣ ਕੁਰਬਾਨੀ, ਜੋ ਆਉਣ ਵਾਲੀਆਂ ਪੀੜ੍ਹੀਆਂ ਲਈ ਹਮੇਸ਼ਾ ਪ੍ਰੇਰਨਾ ਸਰੋਤ ਰਹੇਗੀ, ਨੂੰ ਸਿਜਦਾ ਕਰਨ ਲਈ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਸੈਮੀਨਾਰ ਵੀ ਕਰਵਾਏ ਜਾਣਗੇ ।
ਉਨਾਂ ਨੇ ਕਿਹਾ ਕਿ ਇਸ ਦੇ ਨਾਲ-ਨਾਲ ਰਾਜ ਭਰ ਵਿੱਚ ਲੜੀਵਾਰ ਸਮਾਗਮ ਕਰਵਾਏ ਜਾਣਗੇ ਅਤੇ ਗੁਰੂ ਸਾਹਿਬ ਦੀਆਂ ਚਰਨ-ਛੋਹ ਪ੍ਰਾਪਤ ਥਾਵਾਂ ਦਾ ਵਿਆਪਕ ਵਿਕਾਸ ਯਕੀਨੀ ਬਣਾਇਆ ਜਾਵੇਗਾ। ਉਹਨਾਂ ਦੱਸਿਆ ਕਿ ਸਾਡੇ ਹਲਕੇ ਵਿੱਚ ਗੁਰਦੁਆਰਾ ਗੁਰੂ ਕਾ ਬਾਗ ਵਿਖੇ ਗੁਰੂ ਸਾਹਿਬ ਨੇ ਚਰਨ ਪਾਏ ਹਨ ਅਤੇ ਅਸੀਂ ਉਥੋਂ ਦੇ ਸਕੂਲ ਲਈ ਦੋ ਕਰੋੜ ਰੁਪਏ ਤੋਂ ਵੱਧ ਦੀ ਰਾਸ਼ੀ ਜਾਰੀ ਕਰ ਦਿੱਤੀ ਹੈ। ਉਨਾਂ ਨੇ ਕਿਹਾ ਕਿ ਸੂਬਾ ਸਰਕਾਰ ਇਨ੍ਹਾਂ ਪਵਿੱਤਰ ਸਥਾਨਾਂ ਦੀ ਇਤਿਹਾਸਕ ਮਹੱਤਤਾ ਨੂੰ ਉਜਾਗਰ ਕਰਦਿਆਂ ਬਾਖੂਬੀ ਢੰਗ ਨਾਲ ਸਜਾਏਗੀ ਅਤੇ ਇਹਨਾਂ ਸਥਾਨਾਂ ਲਈ ਜੋ ਵੀ ਲੋੜ ਹੋਈ ਉਹ ਕੰਮ ਕਰਵਾਏ ਜਾਣਗੇ।