‘ਯੁੱਧ ਨਸ਼ਿਆਂ ਵਿਰੁੱਧ’: ਹੁਣ ਤੱਕ 95 ਕਿਲੋ ਹੈਰੋਇਨ, 52 ਕਿਲੋ ਅਫੀਮ ਤੇ 64 ਲੱਖ ਤੋਂ ਵੱਧ ਨਕਦੀ ਬਰਾਮਦ

0
160

– ਐਨਡੀਪੀਐਸ ਤਹਿਤ 1651 ਐਫਆਈਆਰ ਦਰਜ ਅਤੇ 2575 ਨਸ਼ਾ ਤਸਕਰ ਗ੍ਰਿਫ਼ਤਾਰ
– ਨਸ਼ੇ ਖਿਲਾਫ ਵੱਡਾ ਐਕਸ਼ਨ: 7.25 ਲੱਖ ਨਸ਼ੀਲੀਆਂ ਗੋਲੀਆਂ ਅਤੇ 1128 ਕਿਲੋ ਭੁੱਕੀ, 17 ਕਿਲੋ ਗਾਂਜਾ ਅਤੇ 4.5 ਕਿਲੋ ਚਰਸ ਵੀ ਬਰਾਮਦ
– ‘ਆਪ’ ਸਰਕਾਰ ਪੰਜਾਬ ‘ਚੋਂ ਨਸ਼ਾ ਖਤਮ ਕਰਨ ਲਈ ਵਚਨਬੱਧ, ਪੰਜਾਬ ਪੂਰੀ ਤਰ੍ਹਾਂ ਨਸ਼ਾ ਮੁਕਤ ਹੋ ਰਿਹਾ ਹੈ – ਮੰਤਰੀ ਤਰੁਨਪ੍ਰੀਤ ਸਿੰਘ ਸੌਂਧ
– ਸੌਂਧ ਨੇ ਲੋਕਾਂ ਨੂੰ ਸਰਕਾਰ ਦੀ ਇਸ ਮੁਹਿੰਮ ਦਾ ਸਮਰਥਨ ਕਰਨ ਦੀ ਕੀਤੀ ਅਪੀਲ, ਨਸ਼ੇ ਤੋਂ ਪੀੜਤ ਲੋਕਾਂ ਨੂੰ ਜਲਦੀ ਹੀ ਨਸ਼ਾ ਛੁਡਾਊ ਕੇਂਦਰਾਂ ਵਿੱਚ ਦਾਖਲ ਕਰਵਾਉਣ ਲਈ ਕਿਹਾ

ਚੰਡੀਗੜ੍ਹ, 19 ਮਾਰਚ 2025 – ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਆਗੂ ਅਤੇ ਕੈਬਨਿਟ ਮੰਤਰੀ ਤਰੁਣਪ੍ਰੀਤ ਸਿੰਘ ਸੌਂਧ ਨੇ ਪੰਜਾਬ ਸਰਕਾਰ ਦੀ ਨਸ਼ਾ ਵਿਰੋਧੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਦੀ ਸਫ਼ਲਤਾ ਨੂੰ ਦੱਸਿਆ ਅਤੇ 16 ਮਾਰਚ ਤੱਕ ਕੀਤੀ ਗਈ ਪੁਲਿਸ ਕਾਰਵਾਈ ਦੀ ਜਾਣਕਾਰੀ ਮੀਡੀਆ ਨਾਲ ਸਾਂਝੀ ਕੀਤੀ।

ਮੰਗਲਵਾਰ ਨੂੰ ਮੰਤਰੀ ਤਰੁਣਪ੍ਰੀਤ ਸੌਂਧ ਨੇ ਇਸ ਮੁਹਿੰਮ ਸਬੰਧੀ ਮੋਗਾ ਵਿਖੇ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕੀਤਾ। ਮੰਤਰੀ ਨੇ ਕਿਹਾ ਕਿ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੇ ਨਤੀਜੇ ਬਹੁਤ ਹੀ ਉਤਸ਼ਾਹਜਨਕ ਹਨ ਅਤੇ ਇਸ ਦੇ ਚੰਗੇ ਨਤੀਜੇ ਹਰ ਪਾਸੇ ਦੇਖਣ ਨੂੰ ਮਿਲ ਰਹੇ ਹਨ।

ਇਹ ਵੀ ਪੜ੍ਹੋ: ਪੰਜਾਬ ਵਿੱਚ ਅੱਜ ਤੋਂ ਫਿਰ ਬਦਲੇਗਾ ਮੌਸਮ: ਦੋ ਦਿਨਾਂ ਤੱਕ 4 ਜ਼ਿਲ੍ਹਿਆਂ ਵਿੱਚ ਹਲਕੀ ਬਾਰਿਸ਼ ਦੀ ਸੰਭਾਵਨਾ

ਉਨ੍ਹਾਂ ਕਿਹਾ ਕਿ ਪੰਜਾਬ ਭਰ ਵਿੱਚ ਇਹ ਮੁਹਿੰਮ ਬੜੀ ਸਫਲਤਾ ਨਾਲ ਚੱਲ ਰਹੀ ਹੈ। ਹੁਣ ਤੱਕ 95 ਕਿਲੋ ਹੈਰੋਇਨ, 52 ਕਿਲੋ ਅਫੀਮ ਅਤੇ 64 ਲੱਖ ਰੁਪਏ ਤੋਂ ਵੱਧ ਦੀ ਨਕਦੀ ਬਰਾਮਦ ਕੀਤੀ ਜਾ ਚੁੱਕੀ ਹੈ। ਨਾਰਕੋਟਿਕਸ ਡਰੱਗਜ਼ ਐਂਡ ਸਾਈਕੋਟ੍ਰੋਪਿਕ ਸਬਸਟੈਂਸ ਐਕਟ (ਐਨਡੀਪੀਐਸ) ਤਹਿਤ 1651 ਐਫਆਈਆਰ ਦਰਜ ਕੀਤੀਆਂ ਗਈਆਂ ਹਨ ਅਤੇ 2575 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।

ਇਸ ਤੋਂ ਇਲਾਵਾ 7.25 ਲੱਖ ਦੇ ਕਰੀਬ ਨਸ਼ੀਲੀਆਂ ਗੋਲੀਆਂ ਅਤੇ 1125 ਕਿਲੋ ਭੁੱਕੀ, 17 ਕਿਲੋ ਗਾਂਜਾ, 4.5 ਕਿਲੋ ਚਰਸ ਅਤੇ 1.25 ਕਿਲੋ ਆਈਸ, ਕਰੀਬ 500 ਬੋਤਲਾਂ ਨਕਲੀ ਸ਼ਰਾਬ, 6.25 ਕਿਲੋ ਨਸ਼ੀਲਾ ਪਾਊਡਰ ਅਤੇ 279 ਨਸ਼ੀਲੇ ਇੰਨਜੈਕਸ਼ਨ ਵੀ ਪੁਲਿਸ ਨੇ ਬਰਾਮਦ ਕੀਤੇ ਹਨ। ਇਸ ਦੇ ਨਾਲ ਹੀ ਨਸ਼ਾ ਤਸਕਰੀ ਵਿੱਚ ਸ਼ਾਮਲ ਦਰਜਨਾਂ ਲੋਕਾਂ ਦੀਆਂ ਇਮਾਰਤਾਂ ਨੂੰ ਢਾਹ ਦਿੱਤਾ ਗਿਆ ਹੈ।

ਨਸ਼ਾ ਤਸਕਰੀ ਨਾਲ ਸਬੰਧਤ 22 ਮੋਟਰਸਾਈਕਲ, 8 ਮੋਬਾਈਲ ਅਤੇ 4 ਕਾਰਾਂ ਵੀ ਜ਼ਬਤ ਕੀਤੀਆਂ ਗਈਆਂ ਹਨ। ਇਸ ਕਾਰਵਾਈ ਦੌਰਾਨ 4 ਕਿਲੋ ਤੋਂ ਵੱਧ ਸੋਨਾ, ਇੱਕ ਹਾਰ ਅਤੇ ਚੇਨ ਸਮੇਤ 1.25 ਕਿਲੋ ਚਾਂਦੀ ਵੀ ਬਰਾਮਦ ਕੀਤੀ ਗਈ ਹੈ।

ਮੰਤਰੀ ਨੇ ਕਿਹਾ ਕਿ ‘ਆਪ’ ਸਰਕਾਰ ਪੰਜਾਬ ‘ਚੋਂ ਨਸ਼ਾ ਖਤਮ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਪੁਲਿਸ ਵੱਲੋਂ ਨਸ਼ਾ ਤਸਕਰਾਂ ਖਿਲਾਫ 24 ਘੰਟੇ ਕਾਰਵਾਈ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਇਸ ਵਾਰ ਨਸ਼ਿਆਂ ਨਾਲ ਸਬੰਧਤ ਕਿਸੇ ਨੂੰ ਵੀ ਬਖਸ਼ਿਆ ਨਹੀਂ ਜਾਵੇਗਾ। ਉਨ੍ਹਾਂ ਚੇਤਾਵਨੀ ਦਿੱਤੀ ਕਿ ਨਸ਼ਾ ਤਸਕਰ ਜਾਂ ਤਾਂ ਪੰਜਾਬ ਛੱਡ ਦੇਣ ਜਾਂ ਫਿਰ ਕਾਰੋਬਾਰ ਛੱਡ ਦੇਣ।

ਸੌਂਧ ਨੇ ਕਿਹਾ ਕਿ ਸਰਕਾਰ ਨਸ਼ਾ ਤਸਕਰਾਂ ਵਿਰੁੱਧ ਕਾਰਵਾਈ ਕਰਨ ਦੇ ਨਾਲ-ਨਾਲ ਹੋਰ ਵੀ ਕਈ ਵਧੀਆ ਕਦਮ ਚੁੱਕ ਰਹੀ ਹੈ। ਲੋਕਾਂ ਵਿੱਚ ਜਾਗਰੂਕਤਾ ਪੈਦਾ ਕਰਨ ਲਈ ਯੂਨੀਵਰਸਿਟੀਆਂ ਅਤੇ ਕਾਲਜਾਂ ਵਿੱਚ ਇੱਕ ਹਜ਼ਾਰ ਤੋਂ ਵੱਧ ਮੀਟਿੰਗਾਂ ਕੀਤੀਆਂ ਗਈਆਂ ਹਨ। ਅਜਿਹੇ ਪ੍ਰੋਗਰਾਮ ਪਿੰਡਾਂ ਵਿੱਚ ਵੀ ਚਲਾਏ ਜਾ ਰਹੇ ਹਨ।

ਉਨ੍ਹਾਂ ਲੋਕਾਂ ਨੂੰ ਸਰਕਾਰ ਦੀ ਇਸ ਮੁਹਿੰਮ ਦਾ ਸਮਰਥਨ ਕਰਨ ਦੀ ਅਪੀਲ ਕਰਦਿਆਂ ਕਿਹਾ ਕਿ ਉਹ ਨਸ਼ਿਆਂ ਸਬੰਧੀ ਲੋਕਾਂ ਨੂੰ ਜਾਣਕਾਰੀ ਦੇਣ ਅਤੇ ਨਸ਼ੇ ਤੋਂ ਪੀੜਤ ਲੋਕਾਂ ਨੂੰ ਜਲਦੀ ਤੋਂ ਜਲਦੀ ਨਸ਼ਾ ਛੁਡਾਊ ਕੇਂਦਰਾਂ ਵਿੱਚ ਦਾਖਲ ਕਰਵਾਉਣ। ਉਨ੍ਹਾਂ ਕਿਹਾ ਕਿ ਇਨ੍ਹਾਂ ਕੇਂਦਰਾਂ ਵਿੱਚ ਹਰ ਤਰ੍ਹਾਂ ਦਾ ਪ੍ਰਬੰਧ ਕੀਤਾ ਗਿਆ ਹੈ ਤਾਂ ਜੋ ਲੋਕ ਨਸ਼ਾ ਛੱਡ ਕੇ ਆਮ ਜੀਵਨ ਵਿੱਚ ਪਰਤ ਸਕਣ।

LEAVE A REPLY

Please enter your comment!
Please enter your name here