‘ਆਪ’ ਸਰਕਾਰ ਉਦਯੋਗ ਦੇ ਮੁੱਦਿਆਂ ਨੂੰ ਹੱਲ ਕਰਨ ਲਈ ਵਚਨਬੱਧ- ਸੰਸਦ ਮੈਂਬਰ ਸੰਜੀਵ ਅਰੋੜਾ
ਚੰਡੀਗੜ੍ਹ: ਆਮ ਆਦਮੀ ਪਾਰਟੀ (ਆਪ) ਦੇ ਸੰਸਦ ਮੈਂਬਰ ਸੰਜੀਵ ਅਰੋੜਾ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਮੁਲਾਕਾਤ ਕਰਕੇ ਸੂਬੇ ਵਿੱਚ ਉਦਯੋਗਿਕ ਖੇਤਰ ਦੇ ਮੁੱਖ ਮਸਲਿਆਂ ‘ਤੇ ਚਰਚਾ ਕੀਤੀ। ਮੀਟਿੰਗ ਦੌਰਾਨ ਸੰਸਦ ਮੈਂਬਰ ਅਰੋੜਾ ਨੇ ਪ੍ਰਮੁੱਖ ਉਦਯੋਗ ਸੰਗਠਨਾਂ ਦੁਆਰਾ ਉਜਾਗਰ ਕੀਤੀਆਂ ਚੁਣੌਤੀਆਂ ਤੋਂ ਜਾਣੂ ਕਰਵਾਇਆ ਅਤੇ ਇਨ੍ਹਾਂ ਮੁੱਦਿਆਂ ਨੂੰ ਹੱਲ ਕਰਨ ਲਈ ਸਰਕਾਰ ਦੀ ਵਚਨਬੱਧਤਾ ‘ਤੇ ਜ਼ੋਰ ਦਿੱਤਾ। ਨਵੀਂ ਓਟੀਐਸ ਸਕੀਮ ਦੇ ਐਲਾਨ ਤੋਂ ਬਾਅਦ ਸੰਸਦ ਮੈਂਬਰ ਸੰਜੀਵ ਅਰੋੜਾ ਨੇ ‘ਆਪ’ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ, ਮੁੱਖ ਮੰਤਰੀ ਭਗਵੰਤ ਮਾਨ ਅਤੇ ਉਦਯੋਗ ਮੰਤਰੀ ਦਾ ਉਦਯੋਗਿਕ ਮਸਲਿਆਂ ਨੂੰ ਸਰਗਰਮੀ ਨਾਲ ਹੱਲ ਕਰਨ ਲਈ ਉਨ੍ਹਾਂ ਦਾ ਧੰਨਵਾਦ ਕੀਤਾ।
ਤਿੰਨ ਪ੍ਰਮੁੱਖ ਉਦਯੋਗ ਸੰਗਠਨਾਂ ਨਾਲ ਗੱਲਬਾਤ
ਐਮਪੀ ਅਰੋੜਾ ਨੇ ਕਿਹਾ “ਮੈਂ ਸਾਡੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ, ਸਾਡੇ ਮੁੱਖ ਮੰਤਰੀ ਭਗਵੰਤ ਮਾਨ ਜੀ ਅਤੇ ਉਦਯੋਗ ਮੰਤਰੀ ਦਾ ਉਦਯੋਗ ਲਈ ਪ੍ਰਗਤੀਸ਼ੀਲ ਯੋਜਨਾਵਾਂ, ਖਾਸ ਕਰਕੇ ਪੀਐਸਆਈਈਸੀ ਵਿੱਚ ਲੰਬਿਤ ਮਾਮਲਿਆਂ ਲਈ ਓਟੀਐਸ ਸਕੀਮ ਪੇਸ਼ ਕਰਨ ਲਈ ਉਨ੍ਹਾਂ ਦਾ ਧੰਨਵਾਦੀ ਹਾਂ। ਮੈਂ ਉਦਯੋਗਿਕ ਖੇਤਰ ਦੁਆਰਾ ਉਠਾਏ ਗਏ ਕੁਝ ਮਹੱਤਵਪੂਰਨ ਮੁੱਦਿਆਂ ਬਾਰੇ ਉਨ੍ਹਾਂ ਨਾਲ ਸੰਪਰਕ ਕੀਤਾ, ਅਤੇ ਉਹ ਤੁਰੰਤ ਇਨ੍ਹਾਂ ਮਸਲਿਆਂ ਨੂੰ ਹੱਲ ਕਰਨ ਲਈ ਸਹਿਮਤ ਹੋ ਗਏ,”। ਉਨ੍ਹਾਂ ਸਾਂਝਾ ਕੀਤਾ ਕਿ ਉਨ੍ਹਾਂ ਨੇ ਪੰਜਾਬ ਦੀਆਂ ਤਿੰਨ ਪ੍ਰਮੁੱਖ ਉਦਯੋਗ ਸੰਗਠਨਾਂ ਨਾਲ ਗੱਲਬਾਤ ਕਰਕੇ ਜ਼ਰੂਰੀ ਮੁੱਦਿਆਂ ਦੀ ਸੂਚੀ ਤਿਆਰ ਕੀਤੀ ਹੈ। “ਐਸੋਸੀਏਸ਼ਨਾਂ ਨੇ ਮੈਨੂੰ ਦੱਸਿਆ ਕਿ ‘ਆਪ’ ਸਰਕਾਰ ਦੇ ਸੱਤਾ ਵਿੱਚ ਆਉਣ ਤੋਂ ਬਾਅਦ ਉਨ੍ਹਾਂ ਦੇ ਜ਼ਿਆਦਾਤਰ ਮੁੱਦੇ ਪਹਿਲਾਂ ਹੀ ਹੱਲ ਹੋ ਚੁੱਕੇ ਹਨ। ਹਾਲਾਂਕਿ, ਉਨ੍ਹਾਂ ਨੇ ਸਰਬਸੰਮਤੀ ਨਾਲ ਇੱਕ ਮੁੱਖ ਮੰਗ ਉਠਾਈ ਜਿਸ ਵਿੱਚ ਵਧੀਆਂ ਜ਼ਮੀਨੀ ਕੀਮਤਾਂ ਅਤੇ ਬਕਾਇਆ ਭੁਗਤਾਨਾਂ ਨਾਲ ਸਬੰਧਤ ਵਿਵਾਦਾਂ ਦੇ ਲੰਬਿਤ ਮਾਮਲਿਆਂ ਲਈ ਇੱਕ-ਵਾਰੀ ਨਿਪਟਾਰਾ (ਓ.ਟੀ.ਐਸ) ਯੋਜਨਾ ਨੂੰ ਲਾਗੂ ਕਰਨਾ ਸ਼ਾਮਿਲ ਹੈ।”
ਉਦਯੋਗਪਤੀਆਂ ਨੂੰ ਆਪਣੀਆਂ ਚਿੰਤਾਵਾਂ ਲਈ ਅੱਗੇ ਆਉਣ ਦੀ ਅਪੀਲ
ਸਕੀਮ ਦੁਆਰਾ ਪ੍ਰਦਾਨ ਕੀਤੀ ਗਈ ਵਿੱਤੀ ਰਾਹਤ ਨੂੰ ਉਜਾਗਰ ਕਰਦੇ ਹੋਏ, ਐਮਪੀ ਅਰੋੜਾ ਨੇ ਕਿਹਾ, “ਉਦਯੋਗ ਪ੍ਰਤੀਨਿਧੀਆਂ ਨੇ ਗਣਨਾ ਕੀਤੀ ਹੈ ਕਿ ਉਹ ਇਸ ਪਹਿਲਕਦਮੀ ਕਾਰਨ ਪ੍ਰਤੀ ਵਰਗ ਗਜ਼ ₹2,160 ਦੀ ਬਚਤ ਕਰਨਗੇ। ਇਹ ਲਾਭ ਸਿੱਧੇ ਤੌਰ ‘ਤੇ ਉਨ੍ਹਾਂ ਦੀ ਵਿੱਤੀ ਸਥਿਤੀ ਨੂੰ ਮਜ਼ਬੂਤ ਕਰੇਗਾ ਅਤੇ ਉਨ੍ਹਾਂ ਦੀਆਂ ਬੈਲੇਂਸ ਸ਼ੀਟਾਂ ਵਿੱਚ ਸੁਧਾਰ ਕਰੇਗਾ।” ਸੰਸਦ ਮੈਂਬਰ ਸੰਜੀਵ ਅਰੋੜਾ ਨੇ ਉਦਯੋਗਪਤੀਆਂ ਨੂੰ ਆਪਣੀਆਂ ਚਿੰਤਾਵਾਂ ਲਈ ਅੱਗੇ ਆਉਣ ਦੀ ਅਪੀਲ ਕੀਤੀ ਅਤੇ ਉਨ੍ਹਾਂ ਨੂੰ ਸਰਕਾਰ ਵੱਲੋਂ ਅਟੁੱਟ ਸਹਿਯੋਗ ਦੇਣ ਦਾ ਭਰੋਸਾ ਦਿੱਤਾ। ਉਨ੍ਹਾਂ ਕਿਹਾ “ਮੈਂ ਸਾਰੇ ਉਦਯੋਗਪਤੀਆਂ ਨੂੰ ਭਰੋਸਾ ਦਿਵਾਉਣਾ ਚਾਹਾਂਗਾ ਕਿ ਉਹ ਬਿਨਾਂ ਕਿਸੇ ਝਿਜਕ ਦੇ ਆਪਣੇ ਮੁੱਦਿਆਂ ਨੂੰ ਲੈ ਕੇ ਸਾਡੇ ਨਾਲ ਸੰਪਰਕ ਕਰ ਸਕਦੇ ਹਨ। ਅਸੀਂ ਉਨ੍ਹਾਂ ਨੂੰ ਪ੍ਰਭਾਵਸ਼ਾਲੀ ਅਤੇ ਪਾਰਦਰਸ਼ੀ ਢੰਗ ਨਾਲ ਹੱਲ ਕਰਨ ਲਈ ਇੱਥੇ ਹਾਂ।”