ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਇੱਕੋ ਦਿਨ 36 ਕੈਂਪ ਲਗਾ ਕੇ ਕਿਸਾਨਾਂ ਨੁੰ ਕੀਤਾ ਜਾਗਰੂਕ
ਬਟਾਲਾ, 22 ਫਰਵਰੀ- ਜ਼ਿਲ੍ਹਾ ਗੁਰਦਾਸਪੁਰ ਵਿੱਚ ਕਿਸਾਨਾਂ ਖਾਸ ਕਰਕੇ ਛੋਟੇ ਕਿਸਾਨਾਂ ਦੀਆਂ ਖੇਤੀ ਅਤੇ ਫ਼ਸਲਾਂ ਨਾਲ ਸਬੰਧਤ ਸਮੱਸਿਆਵਾਂ ਦੇ ਹੱਲ ਲਈ ਖੇਤੀਬਾੜੀ ਮੰਤਰੀ ਪੰਜਾਬ ਸ੍ਰੀ ਗੁਰਮੀਤ ਸਿੰਘ ਖੁੱਡੀਆਂ ਦੇ ਵਿਸ਼ੇਸ਼ ਆਦੇਸ਼ਾਂ ਦੀ ਪਾਲਣਾ ਕਰਦਿਆਂ 10 ਬਲਾਕਾਂ ਦੇ ਸਮੂਹ ਸਰਕਲਾਂ ਵਿਚ ਪ੍ਰਤੀ ਸਰਕਲ ਇਕ ਪਿੰਡ ਵਿੱਚ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਕਿਸਾਨਾਂ ਨਾਲ ਨੁੱਕੜ ਮੀਟਿੰਗਾਂ ਕੀਤੀਆਂ ਗਈਆਂ।
ਕਿਸਾਨ ਭਲਾਈ ਵਿਭਾਗ ਵੱਲੋਂ ਕਿਸਾਨ ਜਾਗਰੂਕਤਾ ਨੁੱਕੜ ਮੀਟਿੰਗ
ਇਸ ਲੜੀ ਤਹਿਤ ਬਲਾਕ ਸ੍ਰੀ ਹਰਗੋਬਿੰਦਪੁਰ ਦੇ ਪਿੰਡ ਕਪੂਰਾ ਵਿਚ ਡਾਕਟਰ ਸ਼ਾਹਬਾਜ ਸਿੰਘ ਚੀਮਾ ਅਤੇ ਬਲਵਿੰਦਰ ਕੌਰ ਖੇਤੀਬਾੜੀ ਵਿਸਥਾਰ ਅਫ਼ਸਰ ਦੇ ਉਦਮ ਸਦਕਾ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਕਿਸਾਨ ਜਾਗਰੂਕਤਾ ਨੁੱਕੜ ਮੀਟਿੰਗ ਕੀਤੀ ਗਈ, ਜਿਸ ਦੀ ਪ੍ਰਧਾਨਗੀ ਡਾਕਟਰ ਅਮਰੀਕ ਮੁੱਖ ਖੇਤੀਬਾੜੀ ਅਫ਼ਸਰ ਨੇ ਕੀਤੀ । ਮੀਟਿੰਗ ਦਾ ਪ੍ਰਬੰਧ ਝਿਰਮਲ ਸਿੰਘ ਪ੍ਰਧਾਨ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵੱਲੋਂ ਬਾਖੂਬੀ ਕੀਤਾ ਗਿਆ।ਇਸ ਮੌਕੇ ਡਾਕਟਰ ਜੋਬਨਜੀਤ ਸਿੰਘ,ਡਾਕਟਰ ਦਿਲਾਰਜ ਸਿੰਘ,ਡਾਕਟਰ ਅੰਮ੍ਰਿਤਪਾਲ ਸਿੰਘ ਖੇਤੀਬਾੜੀ ਵਿਕਾਸ ਅਫਸਰ,ਡਾਕਟਰ ਬਲਵਿੰਦਰ ਕੌਰ ਖੇਤੀਬਾੜੀ ਵਿਸਥਾਰ ਅਫ਼ਸਰ , ਨੀਲਮ ਘੁਮਾਣ,ਮੈਡਮ ਹਰਪ੍ਰੀਤ ਕੌਰ ,ਗੁਰਸੇਵਕ ਸਿੰਘ ,ਰਸ਼ੀਦ ਮੁਹੰਮਦ ਹਾਜ਼ਰ ਸਨ।
ਖੇਤੀ ਮਾਹਿਰ ਮੌਕੇ ‘ਤੇ ਕਰਦੇ ਸਮੱਸਿਆਵਾਂ ਦਾ ਹੱਲ
ਕਿਸਾਨਾਂ ਨੂੰ ਸੰਬੋਧਨ ਕਰਦਿਆਂ ਡਾਕਟਰ ਅਮਰੀਕ ਸਿੰਘ ਨੇ ਕਿਹਾ ਕਿ ਕਿਸਾਨਾਂ ਦੀ ਸਹੂਲਤ ਲਈ ਵਿਭਾਗ ਵੱਲੋਂ ਹਰ ਬੁੱਧਵਾਰ ਅਤੇ ਸ਼ੁਕਰਵਾਰ ਨੂੰ ਹਰੇਕ ਸਰਕਲ ਦੇ ਇੱਕ ਪਿੰਡ ਵਿੱਚ ਸਵੇਰੇ 11 ਵਜੇ ਤੋਂ ਬਾਅਦ ਦੁਪਹਿਰ ਇੱਕ ਵਜੇ ਤੱਕ ਪਿੰਡਾਂ ਵਿਚ ਕਿਸਾਨ ਜਾਗਰੂਕਤਾ ਮੀਟਿੰਗਾਂ ਕੀਤੀਆਂ ਜਾਂਦੀਆਂ ਹਨ, ਜਿਸ ਦੌਰਾਨ ਕਿਸਾਨ ਆਪਣੀਆਂ ਫ਼ਸਲਾਂ ਨਾਲ ਸਬੰਧਤ ਸਮੱਸਿਆਵਾਂ ਲੈ ਕੇ ਆਉਂਦੇ ਹਨ ਅਤੇ ਹਨ ਤਾਂ ਜੋਂ ਕਿਸਾਨਾਂ ਦੀ ਖੇਤੀ ਵਿਕਰੇਤਾਵਾਂ ਤੇ ਨਿਰਭਰਤਾ ਘਟਾਈ ਜਾ ਸਕੇ। ਉਨਾਂ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਸਾਉਣੀ ਰੁੱਤੇ ਮੱਕੀ ਦੀ ਕਾਸ਼ਤ ਨੂੰ ਉਤਸ਼ਾਹਿਤ ਕਰਨ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ, ਜਿਸ ਅਨੁਸਾਰ ਜ਼ਿਲਾ ਗੁਰਦਾਸਪੁਰ ਵਿੱਚ 7000 ਹੈਕਟੇਅਰ ਰਕਬੇ ਵਿੱਚ ਮੱਕੀ ਦੀ ਕਾਸ਼ਤ ਕੀਤੀ ਜਾਵੇਗੀ।
ਉਨਾਂ ਕਿਹਾ ਕਿ ਮੌਸਮੀ ਤਬਦੀਲੀਆਂ ਦਰਮਿਆਨ ਖੇਤੀ ਨੂੰ ਕਈ ਚੁਣੌਤੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਅਤੇ ਇਨ੍ਹਾਂ ਚੁਣੌਤੀਆਂ ਦਾ ਸਾਹਮਣਾ ਕਰਨ ਅਤੇ ਕਿਸਾਨਾਂ ਨੂੰ ਮੰਦਹਾਲੀ ਦੇ ਦੌਰ ਵਿੱਚੋਂ ਕੱਢਣ ਲਈ ਬਹੁਤ ਵੱਡੇ ਪੱਧਰ ’ਤੇ ਯਤਨ ਕਰਨ ਦੀ ਲੋੜ ਹੈ। ਉਨਾਂ ਕਿਹਾ ਕਿ ਕਿਸਾਨਾਂ ਨੂੰ ਖੇਤੀ ਖਰਚੇ ਘਟਾਉਣ ਅਤੇ ਖਾਦਾਂ ਦਵਾਈਆਂ ਦੀ ਸੁਚੱਜੀ ਵਰਤੋਂ ਕਰਨ ਸਮੇਤ ਸਮੇ ਦੇ ਹਾਣੀ ਬਣਾਉਣ ਦੀ ਦਿਸ਼ਾ ਵੱਲ ਕੰਮ ਕਰਨ ਦੀ ਜ਼ਰੂਰਤ ਹੈ। ਉਨਾਂ ਦੱਸਿਆ ਕਿ ਇਸੇ ਮੰਤਵ ਦੀ ਪੂਰਤੀ ਲਈ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਖੇਤੀ ਪਸਾਰ ਸੇਵਾਵਾਂ ਨੂੰ ਮਜ਼ਬੂਤ ਕਰਨ ਲਈ ਇਹ ਵਿਸ਼ੇਸ਼ ਯੋਜਨਾਬੰਧੀ ਕੀਤੀ ਗਈ ਹੈ ਤਾਂ ਜੋ ਕਿਸਾਨਾਂ ਨੂੰ ਰਵਾਇਤੀ ਖੇਤੀ ਤੋਂ ਹਟਾ ਕੇ ਤਕਨੀਕੀ ਖੇਤੀ ਨਾਲ ਜੋੜਿਆ ਜਾ ਸਕੇ।ਇਸ ਦੇ ਨਾਲ ਹੀ ਉਹਨਾਂ ਕਿਸਾਨਾਂ ਨੂੰ ਵੀ ਅਪੀਲ ਕੀਤੀ ਕਿ ਉਹ ਖੁਦ ਵੀ ਆਪਣੀ ਫਸਲ ਦਾ ਨਿਰੰਤਰ ਨਿਰੀਖਣ ਕਰਦੇ ਰਹਿਣ ਅਤੇ ਜੇਕਰ ਉਹਨਾਂ ਨੂੰ ਕਿਸੇ ਤਰ੍ਹਾਂ ਦੀ ਕੋਈ ਸਮੱਸਿਆ ਨਜ਼ਰ ਆਉਂਦੀ ਹੈ ਤਾਂ ਤੁਰੰਤ ਖੇਤੀਬਾੜੀ ਮਾਹਿਰਾਂ ਨਾਲ ਸੰਪਰਕ ਕੀਤਾ ਜਾਵੇ।