ਸਾਬਕਾ ਮੰਤਰੀ ਅਤੇ ਅਕਾਲੀ ਆਗੂ ਸੁਖਦੇਵ ਸਿੰਘ ਢੀਂਡਸਾ ਦਾ ਅੰਤਿਮ ਸੰਸਕਾਰ ਅੱਜ ਸੰਗਰੂਰ ਜ਼ਿਲ੍ਹੇ ‘ਚ ਉਨ੍ਹਾਂ ਦੇ ਜੱਦੀ ਪਿੰਡ ਉਭਾਵਾਲ ਵਿੱਚ ਕੀਤਾ ਜਾਵੇਗਾ। ਇਸ ਤੋਂ ਪਹਿਲਾਂ ਸਵੇਰੇ ਉਨ੍ਹਾਂ ਦੀ ਮ੍ਰਿਤਕ ਦੇਹ ਚੰਡੀਗੜ੍ਹ ਤੋਂ ਰਾਜਪੁਰਾ, ਪਟਿਆਲਾ, ਭਵਾਨੀਗੜ੍ਹ ਰਾਹੀਂ ਸਵੇਰੇ 10:30 ਤੋਂ 11:00 ਵਜੇ ਦੇ ਵਿਚਕਾਰ ਸੰਗਤ ਦੇ ਅੰਤਿਮ ਦਰਸ਼ਨ ਲਈ ਸੰਗਰੂਰ ਸਥਿਤ ਉਨ੍ਹਾਂ ਦੇ ਨਿਵਾਸ ਸਥਾਨ ‘ਤੇ ਲਿਆਂਦੀ ਜਾਵੇਗੀ। ਅੰਤਿਮ ਰਸਮਾਂ ਸੰਗਰੂਰ ਤੋਂ ਉਨ੍ਹਾਂ ਦੇ ਜੱਦੀ ਪਿੰਡ ਉੱਭਾਵਾਲ ਲਈ ਦੁਪਹਿਰ 3 ਵਜੇ ਦੇ ਕਰੀਬ ਸ਼ੁਰੂ ਹੋਣਗੀਆਂ।
ਇਸ ਤੋਂ ਪਹਿਲਾਂ ਵੀਰਵਾਰ ਨੂੰ ਉਨ੍ਹਾਂ ਦੀ ਦੇਹ ਨੂੰ ਮੋਹਾਲੀ ਦੇ ਫੋਰਟਿਸ ਹਸਪਤਾਲ ਤੋਂ ਚੰਡੀਗੜ੍ਹ ਲਿਜਾਇਆ ਗਿਆ, ਜਿੱਥੇ ਕਈ ਮਸ਼ਹੂਰ ਹਸਤੀਆਂ ਉਨ੍ਹਾਂ ਨੂੰ ਅੰਤਿਮ ਸ਼ਰਧਾਂਜਲੀ ਦੇਣ ਲਈ ਪਹੁੰਚੀਆਂ। ਇਸ ਦੌਰਾਨ ਅਕਾਲੀ ਦਲ, ਆਮ ਆਦਮੀ ਪਾਰਟੀ, ਕਾਂਗਰਸ ਅਤੇ ਭਾਜਪਾ ਦੇ ਆਗੂ ਉਨ੍ਹਾਂ ਦੇ ਅੰਤਿਮ ਦਰਸ਼ਨਾਂ ਲਈ ਪਹੁੰਚੇ।
ਦੱਸ ਦਈਏ ਕਿ ਸੁਖਦੇਵ ਸਿੰਘ ਢੀਂਡਸਾ ਨੇ ਮੋਹਾਲੀ ਦੇ ਹਸਪਤਾਲ ‘ਚ ਆਖਰੀ ਸਾਹ ਲਏ। ਉਨ੍ਹਾਂ ਨੂੰ 27 ਮਈ 2025 ਨੂੰ ਗੰਭੀਰ ਹਾਲਤ ਵਿੱਚ ਫੋਰਟਿਸ ਹਸਪਤਾਲ, ਮੋਹਾਲੀ ਵਿੱਚ ਦਾਖਲ ਕਰਵਾਇਆ ਗਿਆ ਸੀ। ਹਸਪਤਾਲ ਨੇ ਆਪਣੇ ਬਿਆਨ ਵਿੱਚ ਕਿਹਾ ਕਿ ਉਹ ਨਮੂਨੀਆ ਅਤੇ ਦਿਲ ਨਾਲ ਸਬੰਧਤ ਗੁੰਝਲਦਾਰ ਸਮੱਸਿਆਵਾਂ ਤੋਂ ਪੀੜਤ ਸਨ, ਜੋ ਕਿ ਉਮਰ ਨਾਲ ਸਬੰਧਤ ਬਿਮਾਰੀਆਂ ਕਾਰਨ ਵਧ ਗਈਆਂ ਸਨ।28 ਮਈ ਨੂੰ ਸ਼ਾਮ 5:05 ਵਜੇ ਦੇ ਕਰੀਬ ਉਨ੍ਹਾਂ ਦਾ ਦਿਹਾਂਤ ਹੋ ਗਿਆ।