ਮਸਲਾ ਪਾਣੀਆਂ ਦਾ: ਭਗਵੰਤ ਮਾਨ ਦੀ ਅਗਵਾਈ ਹੇਠ ਅੱਜ ਹੋਵੇਗੀ ਸਰਬ ਪਾਰਟੀ ਮੀਟਿੰਗ, ਸੋਮਵਾਰ ਨੂੰ ਸੱਦਿਆ ਵਿਧਾਨ ਸਭਾ ਦਾ ਵਿਸੇਸ ਇਜਲਾਸ

0
47

ਚੰਡੀਗੜ੍ਹ, 2 ਮਈ 2025 – ਕੇਂਦਰ ਸਰਕਾਰ ਵੱਲੋਂ ਪੰਜਾਬ ਦੇ ਪਾਣੀਆਂ ਦੀ ਖੁੱਲ੍ਹੀ ਲੁੱਟ ਅਤੇ ਬੀ.ਬੀ.ਐਮ.ਬੀ. ਦੀ ਦੁਰਵਰਤੋਂ ਵਿਰੁੱਧ ਪੰਜਾਬ ਸਰਕਾਰ ਨੇ ਫੈਸਲਾਕੁੰਨ ਕਦਮ ਚੁੱਕਿਆ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਅੱਜ 2 ਮਈ ਨੂੰ ਸਵੇਰੇ 10 ਵਜੇ ਪੰਜਾਬ ਭਵਨ, ਚੰਡੀਗੜ੍ਹ ਵਿਖੇ ਸਰਬ ਪਾਰਟੀ ਮੀਟਿੰਗ ਬੁਲਾਈ ਗਈ ਹੈ, ਜਿਸ ਵਿੱਚ ਸੂਬੇ ਦੀਆਂ ਸਾਰੀਆਂ ਪ੍ਰਮੁੱਖ ਸਿਆਸੀ ਪਾਰਟੀਆਂ ਨੂੰ ਸੱਦਾ ਦਿੱਤਾ ਗਿਆ ਹੈ।

ਮੀਟਿੰਗ ਵਿੱਚ ਕੇਂਦਰ ਵੱਲੋਂ ਹਰਿਆਣਾ ਨੂੰ ਪੰਜਾਬ ਦੇ ਪਾਣੀਆਂ ਦੀ ਗੈਰ-ਕਾਨੂੰਨੀ ਵੰਡ ਅਤੇ ਬੀ.ਬੀ.ਐਮ.ਬੀ. (ਭਾਖੜਾ-ਬਿਆਸ ਪ੍ਰਬੰਧਨ ਬੋਰਡ) ਵੱਲੋਂ ਪੰਜਾਬ ਦੇ ਅਧਿਕਾਰਾਂ ਦੇ ਹਨਨ ਵਰਗੇ ਗੰਭੀਰ ਮੁੱਦਿਆਂ ‘ਤੇ ਚਰਚਾ ਕੀਤੀ ਜਾਵੇਗੀ। ਇਹ ਮੀਟਿੰਗ ਪੰਜਾਬ ਦੇ ਹੱਕਾਂ ਅਤੇ ਵਸੀਲਿਆਂ ਦੀ ਰਾਖੀ ਲਈ ਇਕਜੁਟਤਾ ਦੀ ਲੋੜ ਨੂੰ ਦਰਸਾਉਂਦੀ ਹੈ।

ਇਹ ਵੀ ਪੜ੍ਹੋ: ਅਗਲੇ ਮੈਚਾਂ ਤੋਂ ਪਹਿਲਾਂ ਪੰਜਾਬ ਕਿੰਗਜ਼ ਨੂੰ ਲੱਗਾ ਵੱਡਾ ਝਟਕਾ ! ਸੱਟ ਲੱਗਣ ਕਾਰਨ ਬਾਹਰ ਹੋਇਆ ਇਹ ਖਿਡਾਰੀ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਪੱਸਟ ਕੀਤਾ ਕਿ ਪੰਜਾਬ ਦੇ ਪਾਣੀਆਂ ਦੀ ਹਰ ਬੂੰਦ ‘ਤੇ ਪੰਜਾਬੀਆਂ ਦਾ ਹੱਕ ਹੈ, ਅਤੇ ਕੋਈ ਵੀ ਇਸ ਨੂੰ ਖੋਹ ਨਹੀਂ ਸਕਦਾ। ਇਸ ਤਹਿਤ ਪੰਜਾਬ ਸਰਕਾਰ ਨੇ 5 ਮਈ, ਸੋਮਵਾਰ ਨੂੰ ਵਿਧਾਨ ਸਭਾ ਦਾ ਵਿਸੇਸ ਇਜਲਾਸ ਬੁਲਾਉਣ ਦਾ ਫੈਸਲਾ ਕੀਤਾ ਹੈ, ਜਿਸ ਵਿੱਚ ਪਾਣੀ ਦੇ ਮੁੱਦੇ ‘ਤੇ ਪ੍ਰਸਤਾਵ ਲਿਆਂਦਾ ਜਾਵੇਗਾ।

ਭਗਵੰਤ ਸਿੰਘ ਮਾਨ ਨੇ ਸਾਰੀਆਂ ਸਿਆਸੀ ਪਾਰਟੀਆਂ ਨੂੰ ਅਪੀਲ ਕੀਤੀ ਹੈ ਕਿ ਉਹ ਪਾਰਟੀਬਾਜੀ ਤੋਂ ਉਪਰ ਉੱਠ ਕੇ ਪੰਜਾਬ ਦੇ ਹੱਕਾਂ ਲਈ ਇਕਜੁਟ ਹੋਣ ਅਤੇ ਇਸ ਲੜਾਈ ਨੂੰ ਮਜਬੂਤ ਹੋ ਕੇ ਲੜਨ। ਉਨ੍ਹਾਂ ਨੇ ਦੁਹਰਾਇਆ ਕਿ ਪੰਜਾਬ ਸਰਕਾਰ ਕਿਸੇ ਵੀ ਕੀਮਤ ‘ਤੇ ਸੂਬੇ ਦੇ ਜਲ ਸਰੋਤਾਂ ਨਾਲ ਸਮਝੌਤਾ ਨਹੀਂ ਕਰੇਗੀ।

LEAVE A REPLY

Please enter your comment!
Please enter your name here