ਪੰਜਾਬ ਸਹਿਕਾਰੀ ਸੁਸਾਇਟੀਆਂ ਐਕਟ- 1961 ਵਿੱਚ ਸੋਧਾਂ ਨੂੰ ਮਨਜ਼ੂਰੀ

0
38
Cabinet Meeting

ਚੰਡੀਗੜ੍ਹ, 14 ਅਗਸਤ 2025 : ਮੁੱਖ ਮੰਤਰੀ ਭਗਵੰਤ ਸਿੰਘ ਮਾਨ (Chief Minister Bhagwant Singh Mann) ਦੀ ਅਗਵਾਈ ਹੇਠ ਪੰਜਾਬ ਕੈਬਨਿਟ ਨੇ ਅੱਜ ਪੰਜਾਬ ਸਹਿਕਾਰੀ ਸੁਸਾਇਟੀਆਂ ਐਕਟ 1961 ਵਿੱਚ ਸੋਧ (Amendment to the Punjab Cooperative Societies Act 1961) ਨੂੰ ਮਨਜ਼ੂਰੀ ਦੇ ਦਿੱਤੀ । ਮੁੱਖ ਮੰਤਰੀ ਦਫ਼ਤਰ ਦੇ ਬੁਲਾਰੇ ਨੇ ਦੱਸਿਆ ਕਿ ਇਸ ਸਬੰਧੀ ਫੈਸਲਾ ਅੱਜ ਇੱਥੇ ਮੁੱਖ ਮੰਤਰੀ ਦੀ ਅਗਵਾਈ ਹੇਠ ਮੰਤਰੀ ਮੰਡਲ ਦੀ ਹੋਈ ਮੀਟਿੰਗ ਵਿੱਚ ਲਿਆ ਗਿਆ ।

ਗ਼ੈਰ-ਰਜਿਸਟਰਡ ਕਬਜ਼ੇ, ਬੇਨਾਮੀ ਲੈਣ-ਦੇਣ ਅਤੇ ਹੋਰ ਗ਼ੈਰ-ਕਾਨੂੰਨੀ ਪ੍ਰਬੰਧਾਂ ਨੂੰ ਰੋਕਣ ਦੇ ਉਦੇਸ਼ ਨਾਲ ਚੁੱਕਿਆ ਕਦਮ

ਕੈਬਨਿਟ ਨੇ ਪੰਜਾਬੀ ਸਹਿਕਾਰੀ ਸੁਸਾਇਟੀਆਂ ਐਕਟ 1961 ਵਿੱਚ ਸੋਧ ਅਤੇ ਸਹਿਕਾਰੀ ਸੁਸਾਇਟੀਆਂ ਦੀਆਂ ਕੁੱਝ ਸ਼ੇ੍ਰਣੀਆਂ ਲਈ ਅਸ਼ਟਾਮ ਡਿਊਟੀ ਤੇ ਰਜਿਸਟਰੇਸ਼ਨ ਫੀਸ ਛੋਟਾਂ ਵਾਪਸ ਲੈਣ ਦੀ ਪ੍ਰਵਾਨਗੀ ਦੇ ਦਿੱਤੀ । ਪੰਜਾਬ ਸਹਿਕਾਰੀ ਸੁਸਾਇਟੀਆਂ ਐਕਟ 1961 ਤਹਿਤ ਲਾਜ਼ਮੀ ਰਜਿਸਟਰੇਸ਼ਨ ਲਈ ਛੋਟਾਂ ਦਿੱਤੀਆਂ ਗਈਆਂ ਸਨ, ਜੋ ਅਸਲ ਵਿੱਚ ਸਹਿਕਾਰੀ ਸੰਸਥਾਵਾਂ ਦੇ ਵਿਕਾਸ ਨੂੰ ਸੁਚਾਰੂ ਬਣਾਉਣ ਲਈ ਸਨ ਪਰ ਇਸ ਨਾਲ ਇਕ ਅਜਿਹੀ ਸਥਿਤੀ ਪੈਦਾ ਹੋ ਗਈ, ਜੋ ਜਾਇਦਾਦ ਦੇ ਲੈਣ-ਦੇਣ (ਖਾਸ ਕਰ ਕੇ ਸ਼ਹਿਰੀ ਹਾਊਸਿੰਗ ਸਭਾਵਾਂ ਵਿੱਚ) ਨੂੰ ਰਸਮੀ ਰਜਿਸਟਰੇਸ਼ਨ ਜਾਂ ਅਸ਼ਟਾਮ ਡਿਊਟੀ ਅਤੇ ਰਜਿਸਟਰੇਸ਼ਨ ਫੀਸ ਦੇ ਭੁਗਤਾਨ ਤੋਂ ਬਿਨਾਂ ਹੋਣ ਦੀ ਆਗਿਆ ਦਿੰਦੀ ਸੀ ।

ਇਸ ਨਾਲ ਗ਼ੈਰ-ਰਜਿਸਟਰਡ ਕਬਜ਼ੇ, ਬੇਨਾਮੀ ਲੈਣ-ਦੇਣ ਅਤੇ ਕਾਨੂੰਨੀ ਪੱਖੋਂ ਜ਼ੋਖ਼ਿਮ ਵਾਲੇ ਹੋਰ ਪ੍ਰਬੰਧਾਂ ਨੂੰ ਹੁਲਾਰਾ ਮਿਲਿਆ। ਇਸ ਲਈ ਇਸ ਐਕਟ ਦੀ ਧਾਰਾ 37 ਵਿੱਚ ਸੋਧ ਕਰ ਕੇ ਧਾਰਾ 2 ਅਤੇ 3 ਜੋੜੀ ਗਈ ਹੈ, ਜਿਸ ਵਿੱਚ ਕਿਹਾ ਗਿਆ ਹੈ ਕਿ ਸੂਬਾ ਸਰਕਾਰ ਸਰਕਾਰੀ ਗਜ਼ਟ ਵਿੱਚ ਨੋਟੀਫਿਕੇਸ਼ਨ ਰਾਹੀਂ ਇਹ ਨਿਰਦੇਸ਼ ਦੇ ਸਕਦੀ ਹੈ ਕਿ ਉਪ-ਧਾਰਾ (1) ਜਾਂ ਇਸ ਦੇ ਕਿਸੇ ਵੀ ਹਿੱਸੇ ਅਧੀਨ ਸਹਿਕਾਰੀ ਸਭਾਵਾਂ ਦੇ ਅਜਿਹੇ ਵਰਗ ਜਾਂ ਵਰਗਾਂ ਜਾਂ ਵਿਸ਼ੇਸ਼ ਪ੍ਰਬੰਧਾਂ ਦੀਆਂ ਅਜਿਹੀਆਂ ਸ਼ੇ੍ਰਣੀਆਂ ਜਿਵੇਂ ਕਿ ਨੋਟੀਫਿਕੇਸ਼ਨ ਵਿੱਚ ਦਰਸਾਇਆ ਜਾ ਸਕਦਾ ਹੈ, ਮੁਤਾਬਕ ਛੋਟ ਹੋਵੇਗੀ । ਅਜਿਹਾ ਨੋਟੀਫਿਕੇਸ਼ਨ ਜਾਰੀ ਹੋਣ `ਤੇ ਨੋਟੀਫਾਈ ਕੀਤੇ ਵਿਸ਼ੇਸ਼ ਪ੍ਰਬੰਧ ਭਾਰਤੀ ਰਜਿਸਟਰੇਸ਼ਨ ਐਕਟ, 1908 ਦੀ ਧਾਰਾ 17 ਦੀ ਉਪ-ਧਾਰਾ (1) ਦੇ ਉਪ-ਧਾਰਾ (ਬੀ) ਤੇ (ਸੀ) ਦੇ ਦਾਇਰੇ ਵਿੱਚ ਆਉਂਦਾ ਮੰਨਿਆ ਜਾਵੇਗਾ, ਅਤੇ ਇਸ ਅਨੁਸਾਰ ਉਸ ਐਕਟ ਅਧੀਨ ਲਾਜ਼ਮੀ ਰਜਿਸਟਰੇਸ਼ਨ ਅਧੀਨ ਹੋਵੇਗਾ ।

ਪੰਚਾਇਤ ਵਿਕਾਸ ਸਕੱਤਰ ਦੀ ਅਸਾਮੀ ਸਿਰਜਣ ਨੂੰ ਹਰੀ ਝੰਡੀ

ਢੁਕਵੀਂ ਕਾਰਜਕੁਸ਼ਲਤਾ ਤੇ ਨਿਗਰਾਨੀ ਰਾਹੀਂ ਪੇਂਡੂ ਇਲਾਕਿਆਂ ਦੇ ਵਿਕਾਸ ਨੂੰ ਰਫ਼ਤਾਰ ਦੇਣ ਲਈ ਕੈਬਨਿਟ ਨੇ ਪੰਚਾਇਤ ਸਕੱਤਰਾਂ ਤੇ ਗ੍ਰਾਮ ਸੇਵਕਾਂ (ਪਿੰਡ ਵਿਕਾਸ ਅਫ਼ਸਰਾਂ) ਦੇ ਕਾਡਰ ਦਾ ਰਲੇਵਾਂ ਕਰ ਕੇ ‘ਪੰਚਾਇਤ ਵਿਕਾਸ ਸਕੱਤਰ’ ਦੀ ਅਸਾਮੀ ਸਿਰਜਣ ਦੀ ਮਨਜ਼ੂਰੀ ਵੀ ਦੇ ਦਿੱਤੀ। ਇਸ ਤੋਂ ਬਾਅਦ ਪੰਜਾਬ ਭਰ ਵਿੱਚ ਪੇਂਡੂ ਵਿਕਾਸ ਨੂੰ ਤੇਜ਼ ਕਰਨ ਲਈ ਇਨ੍ਹਾਂ ਅਸਾਮੀਆਂ ਲਈ ਇਕ ਸੂਬਾਈ ਕਾਡਰ ਦਾ ਗਠਨ ਕੀਤਾ ਜਾਵੇਗਾ ।

ਮੌਜੂਦਾ ਪੰਚਾਇਤ ਸਕੱਤਰਾਂ ਲਈ ਇਕ ‘ਡਾਇੰਗ ਕਾਡਰ’ ਦੀ ਸਿਰਜਣਾ ਕੀਤੀ ਜਾਵੇਗੀ, ਜਿਨ੍ਹਾਂ ਨੂੰ ਉਨ੍ਹਾਂ ਦੇ ਸਵੈ-ਘੋਸ਼ਣਾ ਪੱਤਰਾਂ ਦੇ ਆਧਾਰ ਉਪਰ ਅਤੇ ਉਨ੍ਹਾਂ ਦੀ ਸੀਨੀਆਰਤਾ ਦੇ ਅਨੁਸਾਰ, ਸੀਨੀਆਰਤਾ ਸੂਚੀ ਵਿੱਚ ਮੌਜੂਦਾ ਗ੍ਰਾਮ ਸੇਵਕਾਂ (ਵੀ.ਡੀ.ਓ.) ਦੇ ਬਾਅਦ ਰੱਖਿਆ ਜਾਵੇਗਾ ।

ਫ਼ਸਲ ਖ਼ਰੀਦ ਬਾਰੇ ਮੰਤਰੀ ਸਮੂਹ ਦੇ ਗਠਨ ਲਈ ਕਾਰਜ ਬਾਅਦ ਮਨਜ਼ੂਰੀ

ਕੈਬਨਿਟ ਨੇ ਆਗਾਮੀ ਖ਼ਰੀਦ ਸੀਜ਼ਨਾਂ ਦੌਰਾਨ ਸਾਉਣੀ ਤੇ ਹਾੜ੍ਹੀ ਦੀਆਂ ਫ਼ਸਲਾਂ ਦੀ ਸੁਚਾਰੂ ਖ਼ਰੀਦ ਲਈ ਮੰਤਰੀ ਸਮੂਹ ਦੇ ਗਠਨ ਦੀ ਕਾਰਜ ਬਾਅਦ ਪ੍ਰਵਾਨਗੀ ਦੇ ਦਿੱਤੀ। ਇਹ ਮੰਤਰੀ ਸਮੂਹ ਖੇਤੀਬਾੜੀ ਮੰਤਰੀ ਦੀ ਅਗਵਾਈ ਹੇਠ ਬਣਾਇਆ ਗਿਆ ਹੈ। ਇਸ ਵਿੱਚ ਖੁਰਾਕ ਤੇ ਸਪਲਾਈ ਮੰਤਰੀ, ਟਰਾਂਸਪੋਰਟ ਮੰਤਰੀ ਅਤੇ ਜਲ ਸਰੋਤ ਮੰਤਰੀ ਮੈਂਬਰਾਂ ਵਜੋਂ ਸ਼ਾਮਲ ਹਨ ।

ਕੈਬਨਿਟ ਸਬ ਕਮੇਟੀ ਦੇ ਗਠਨ ਨੂੰ ਕਾਰਜ ਬਾਅਦ ਪ੍ਰਵਾਨਗੀ

ਮੰਤਰੀ ਮੰਡਲ ਨੇ ਛੇਵੇਂ ਪੰਜਾਬ ਤਨਖਾਹ ਕਮਿਸ਼ਨ ਦੀ ਰਿਪੋਰਟ ਦੇ ਭਾਗ ਦੋ ਅਤੇ ਭਾਗ ਤਿੰਨ `ਤੇ ਵਿਚਾਰ ਕਰਨ ਲਈ ਅਧਿਕਾਰੀਆਂ ਦੀ ਕਮੇਟੀ ਵੱਲੋਂ ਦਿੱਤੀਆਂ ਜਾਣ ਵਾਲੀਆਂ ਸਿਫ਼ਾਰਸ਼ਾਂ `ਤੇ ਵਿਚਾਰ ਕਰਨ ਲਈ ਗਠਿਤ ਕੈਬਨਿਟ ਸਬ-ਕਮੇਟੀ ਨੂੰ ਵੀ ਕਾਰਜ ਬਾਅਦ ਪ੍ਰਵਾਨਗੀ ਦੇ ਦਿੱਤੀ ।

ਲੈਂਡ ਪੂਲਿੰਗ ਪਾਲਿਸੀ 2025 ਦਾ ਨੋਟੀਫਿਕੇਸ਼ਨ ਵਾਪਸ ਲੈਣ ਦੀ ਸਹਿਮਤੀ

ਕੈਬਨਿਟ ਨੇ 4 ਜੂਨ 2025 ਨੂੰ ਜਾਰੀ ਲੈਂਡ ਪੂਲਿੰਗ ਪਾਲਿਸੀ 2025 ਅਤੇ ਇਸ ਨਾਲ ਸਬੰਧਤ ਸੋਧਾਂ ਸਬੰਧੀ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਵਿਭਾਗ ਦਾ ਨੋਟੀਫਿਕੇਸ਼ਨ ਵਾਪਸ ਲੈਣ ਦਾ ਵੀ ਫੈਸਲਾ ਕੀਤਾ ਹੈ ।

Read More : ਮੁੱਖ ਮੰਤਰੀ ਭਗਵੰਤ ਸਿੰਘ ਮਾਨ 17 ਮਈ ਨੂੰ ਸਬ ਡਵੀਜ਼ਨਲ ਕੰਪਲੈਕਸ ਬਟਾਲਾ ਦਾ ਕਰਨਗੇ ਉਦਘਾਟਨ

LEAVE A REPLY

Please enter your comment!
Please enter your name here