ਖੰਨਾ ਪੁੱਜੇ ਅੰਮ੍ਰਿਤਪਾਲ ਦੇ ਪਿਤਾ ਨੇ ਦਿੱਤਾ ਵੱਡਾ ਬਿਆਨ; ਕਿਹਾ- SGPC ਪ੍ਰਧਾਨ ਨੂੰ ਦੇਣਾ ਚਾਹੀਦਾ ਅਸਤੀਫਾ
ਖੰਨਾ : ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੇ ਪਿਤਾ ਤਰਸੇਮ ਸਿੰਘ ਖਾਲਸਾ ਅਤੇ ਉਨ੍ਹਾਂ ਦੇ ਨਾਲ ਫਰੀਦਕੋਟ ਤੋਂ ਸੰਸਦ ਮੈਂਬਰ ਸਰਬਜੀਤ ਸਿੰਘ ਖਾਲਸਾ ਆਪਣੇ ਕਾਫਲੇ ਸਮੇਤ ਅੱਜ ਖੰਨਾ ਪੁੱਜੇ। ਇੱਥੋਂ ਦੇ ਗੁਰਦੁਆਰਾ ਸਾਹਿਬ ਤੋਂ ਫਤਹਿਗੜ੍ਹ ਸਾਹਿਬ ਸ਼ਹੀਦੀ ਸਭਾ ਵਿੱਚ ਮੱਥਾ ਟੇਕਣ ਲਈ ਰਵਾਨਾ ਹੋਏ। ਉਨ੍ਹਾਂ ਦੇ ਕਾਫਲੇ ਦਾ ਕਈ ਥਾਵਾਂ ‘ਤੇ ਭਰਵਾ ਸਵਾਗਤ ਕੀਤਾ ਗਿਆ।
ਨੈਤਿਕਤਾ ਦੇ ਆਧਾਰ ‘ਤੇ ਅਸਤੀਫਾ ਦੇਣ ਧਾਮੀ
ਇਸ ਦੌਰਾਨ ਤਰਸੇਮ ਖਾਲਸਾ ਅਤੇ ਸਰਬਜੀਤ ਸਿੰਘ ਨੇ ਮੀਡੀਆ ਨਾਲ ਗੱਲਬਾਤ ਵੀ ਕੀਤੀ। ਅਤੇ ਉਨ੍ਹਾਂ 14 ਜਨਵਰੀ ਨੂੰ ਮਾਘੀ ਮੌਕੇ ਵਿਸ਼ਾਲ ਕਾਨਫਰੰਸ ਕਰਨ ਦਾ ਐਲਾਨ ਕੀਤਾ। ਇਸ ਤੋਂ ਇਲਾਵਾ ਤਰਸੇਮ ਸਿੰਘ ਖਾਲਸਾ ਨੇ SGPC ਪ੍ਰਧਾਨ ਦੇ ਅਪਸ਼ਬਦ ਬੋਲਣ ਦੇ ਮਾਮਲੇ ‘ਤੇ ਵੀ ਆਪਣੀ ਪ੍ਰਤੀਕਿਰਿਆ ਦਿੱਤੀ। ਉਨ੍ਹਾਂ ਨੇ ਕਿਹਾ ਕਿ ਹੈਰਾਨੀ ਦੀ ਗੱਲ ਹੈ ਕਿ ਹਰਜਿੰਦਰ ਸਿੰਘ ਧਾਮੀ ਵਰਗੇ ਲੋਕ ਇੰਨੇ ਉੱਚੇ ਅਹੁਦਿਆਂ ‘ਤੇ ਰਹਿੰਦਿਆਂ ਇਸ ਤਰ੍ਹਾਂ ਦੀ ਸ਼ਬਦਾਵਲੀ ਵਰਤ ਰਹੇ ਹਨ। ਉਨ੍ਹਾਂ ਕਿਹਾ ਕਿ ਉਨ੍ਹਾਂ ਵੱਲੋਂ ਨਿਭਾਈ ਗਈ ਧਾਰਮਿਕ ਸਜਾ ਕੋਈ ਸਜ਼ਾ ਨਹੀਂ ਸਗੋਂ ਸੇਵਾ ਹੈ, ਜੋ ਹਰ ਸਿੱਖ ਕਰਦਾ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਧਾਮੀ ਨੂੰ ਨੈਤਿਕਤਾ ਦੇ ਆਧਾਰ ‘ਤੇ ਅਸਤੀਫਾ ਦੇ ਦੇਣਾ ਚਾਹੀਦਾ ਹੈ।
ਚੜ੍ਹਦੀ ਕਲਾ ‘ਚ ਹੈ ਅੰਮ੍ਰਿਤਪਾਲ ਸਿੰਘ
ਇਸ ਤੋਂ ਇਲਾਵਾ ਤਰਸੇਮ ਸਿੰਘ ਖਾਲਸਾ ਨੇ ਕਿਹਾ ਕਿ ਇੱਥੇ ਚੰਗਾ ਕੰਮ ਕਰਨ ਜੇਲ ਚ ਬੰਦ ਕਰ ਦਿੱਤਾ ਜਾਂਦਾ ਹੈ ਅਤੇ ਗਲਤ ਕੰਮ ਕਰਨ ਵਾਲੇ ਖੁੱਲ੍ਹੇ ਘੁੰਮਦੇ ਹਨ। ਅੰਮ੍ਰਿਤਪਾਲ ਦੀ ਰਿਹਾਈ ਤੇ ਬੋਲਦਿਆਂ ਉਨ੍ਹਾਂ ਕਿਹਾ ਕਿ 15 ਜਨਵਰੀ ਨੂੰ ਸੁਣਵਾਈ ਹੋਵੇਗੀ, ਦੇਖਦੇ ਹਾਂ ਕੀ ਬਣਦਾ ਹੈ। ਅਜੇ ਕੁਝ ਪਹਿਲਾਂ ਮੈਂ ਆਪਣੇ ਬੇਟੇ ਨਾਲ ਗੱਲ ਕੀਤੀ ਸੀ, ਉਹ ਚੜ੍ਹਦੀ ਕਲਾ ਵਿਚ ਹੈ ਅਤੇ ਸਿੱਖ ਕੌਮ ਨੂੰ ਇਹੀ ਸੰਦੇਸ਼ ਦਿੱਤਾ ਸੀ ਕਿ ਸਭ ਇਕਜੁੱਟ ਹੋ ਕੇ ਸਿੱਖ ਪੰਥ ਦੀ ਮਜ਼ਬੂਤੀ ਲਈ ਕੰਮ ਕਰਨ। ਇਸ ਦੇ ਨਾਲ ਹੀ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੇ ਅੰਦੋਲਨ ਨੂੰ ਜਾਇਜ਼ ਠਹਿਰਾਉਂਦਿਆਂ ਉਨ੍ਹਾਂ ਸਮੂਹ ਕਿਸਾਨ ਜਥੇਬੰਦੀਆਂ ਨੂੰ ਆਪਸੀ ਗਿਲੇ-ਸ਼ਿਕਵੇ ਭੁਲਾ ਕੇ ਇੱਕ ਮੰਚ ‘ਤੇ ਇਕੱਠੇ ਹੋਣ ਲਈ ਵੀ ਕਿਹਾ।