ਅੰਮ੍ਰਿਤਸਰ DC ਵੱਲੋਂ ਜ਼ਿਲ੍ਹਾ ਪੱਧਰੀ ਸਮਾਗਮ ਦੇ ਪ੍ਰਬੰਧਾਂ ਦੀ ਸਮੀਖਿਆ
ਅੰਮ੍ਰਿਤਸਰ: ਨਵੇਂ ਚੁਣੇ ਗਏ ਪੰਚਾਂ ਨੂੰ ਜ਼ਿਲਾ ਪੱਧਰੀ ਸਹੁੰ ਚੁੱਕ ਸਮਾਗਮ 19 ਨਵੰਬਰ ਦਿਨ ਮੰਗਲਵਾਰ ਨੂੰ ਗੁਰੂ ਨਾਨਕ ਸਟੇਡੀਅਮ ਅੰਮ੍ਰਿਤਸਰ ਵਿਖੇ ਕਰਵਾਇਆ ਜਾਵੇਗਾ । ਇਸ ਸਬੰਧੀ ਤਿਆਰੀਆਂ ਦਾ ਜਾਇਜਾ ਲੈਂਦੇ ਹੋਏ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਦੱਸਿਆ ਕਿ ਸਮਾਗਮ ਦੀਆਂ ਤਿਆਰੀਆਂ ਲਗਭਗ ਮੁਕੰਮਲ ਹੋ ਚਲੀਆਂ ਹਨ ਅਤੇ ਇਸ ਮੌਕੇ ਕੈਬਨਿਟ ਮੰਤਰੀ ਸਰਦਾਰ ਕੁਲਦੀਪ ਸਿੰਘ ਧਾਲੀਵਾਲ ਨਵੇਂ ਚੁਣੇ ਗਏ ਪੰਚਾਂ ਨੂੰ ਸੌਹ ਚੁੱਕ ਰਸਮ ਅਦਾ ਕਰਵਾਉਣਗੇ।
ਸ਼ਟਲ ਬੱਸਾਂ ਰਾਹੀਂ ਲੋਕਾਂ ਨੂੰ ਲੈ ਕੇ ਜਾਇਆ ਜਾਵੇਗਾ ਸਮਾਗਮ ਵਾਲੀ ਥਾਂ ‘ਤੇ
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸਮਾਗਮ ਵਿੱਚ ਸ਼ਾਮਲ ਹੋਣ ਵਾਲੇ ਪੰਚਾਂ ਅਤੇ ਆਮ ਲੋਕਾਂ ਦੀ ਪਾਰਕਿੰਗ ਵਿਵਸਥਾ ਪਾਈਟੈਕਸ ਗਰਾਉਂਡ ਈ ਬਲਾਕ ਰਣਜੀਤ ਐਵੀਨਿਊ ਵਿਖੇ ਕੀਤੀ ਗਈ ਹੈ ਅਤੇ ਉਥੋਂ ਹੀ ਸਮਾਗਮ ਵਿੱਚ ਸ਼ਾਮਲ ਹੋਣ ਵਾਲੇ ਲੋਕਾਂ ਨੂੰ ਸ਼ਟਲ ਬੱਸਾਂ ਰਾਹੀਂ ਸਮਾਗਮ ਵਾਲੀ ਥਾਂ ਤੇ ਲਿਜਾਇਆ ਜਾਵੇਗਾ।
ਉਨ੍ਹਾਂ ਕਿਹਾ ਕਿ ਇਸ ਵੱਕਾਰੀ ਸਮਾਗਮ ਲਈ ਪੁਖਤਾ ਪ੍ਰਬੰਧ ਕੀਤੇ ਜਾਣ।ਅਧਿਕਾਰੀਆਂ ਨੇ ਹਦਾਇਤ ਕਰਦਿਆਂ ਕਿਹਾ ਕਿ ਇਸ ਜ਼ਿਲਾ ਪੱਧਰੀ ਸਹੁੰ ਚੁੱਕ ਸਮਾਗਮ ਨੂੰ ਸਫਲ ਬਣਾਉਣ ਲਈ ਕੋਈ ਕਸਰ ਬਾਕੀ ਨਾ ਛੱਡੀ ਜਾਵੇ । ਉਨ੍ਹਾਂ ਸਬੰਧਤ ਅਧਿਕਾਰੀਆਂ ਨੂੰ ਹਦਾਇਤਾਂ ਜਾਰੀ ਕੀਤੀਆਂ ਕਿ ਸਾਰੇ ਚੱਲ ਰਹੇ ਪ੍ਰਬੰਧਾਂ ਨੂੰ ਸਮੇਂ ਸਿਰ ਮੁਕੰਮਲ ਕਰਨਾ ਯਕੀਨੀ ਬਣਾਇਆ ਜਾਵੇ । ਉਨ੍ਹਾਂ ਕਾਰਜ ਸਾਧਕ ਅਫ਼ਸਰ ਨੂੰ ਹਦਾਇਤ ਕੀਤੀ ਕਿ ਸਮਾਗਮ ਵਾਲੇ ਸਥਾਨ ਤੇ ਸਾਫ ਸਫਾਈ ਦਾ ਵਿਸ਼ੇਸ ਧਿਆਨ ਰੱਖਿਆ ਜਾਵੇ।
ਡਿਪਟੀ ਕਮਿਸ਼ਨਰ ਵੱਲੋਂ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤਾਂ ਜਾਰੀ
ਡਿਪਟੀ ਕਮਿਸ਼ਨਰ ਨੇ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਪੀਣ ਵਾਲੇ ਪਾਣੀ, ਪਖਾਨਿਆਂ ਦੀ ਸਾਫ ਸਫਾਈ, ਆਰਜੀ ਪਖਾਨੇ, ਨਿਰਵਿਘਨ ਬਿਜਲੀ ਦੀ ਸਪਲਾਈ,ਮੈਡੀਕਲ ਸੁਵਿਧਾ ਆਦਿ ਦੇ ਪ੍ਰਬੰਧਾਂ ਦੀ ਖੁਦ ਜਾਂਚ ਕਰਨ ਤਾਂ ਜੋ ਕਿਸੇ ਕਿਸਮ ਦੀ ਕੋਈ ਮੁਸ਼ਕਿਲ ਪੇਸ਼ ਨਾ ਆਵੇ। ਪੁਲਿਸ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸਮਾਗਮ ਵਾਲੇ ਸਥਾਨ ਦੀ ਸੁਰੱਖਿਆ, ਨਿਰਵਿਘਨ ਟਰੈਫਿਕ ਵਿਵਸਥਾ ਆਦਿ ਦਾ ਪ੍ਰਬੰਧ ਕੀਤਾ ਜਾਵੇ ।