ਆਸਟ੍ਰੇਲੀਆ ਦੇ ਸ਼ਰਧਾਲੂ ਪਰਿਵਾਰ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪਾਂ ਵਾਲੀ ਬੱਸ ਦੀ ਕੀਤੀ ਸੇਵਾ
ਅੰਮ੍ਰਿਤਸਰ- ਆਸਟ੍ਰੇਲੀਆ ਨਿਵਾਸੀ ਜਤਿੰਦਰ ਸਿੰਘ ਉੱਪਲ ਅਤੇ ਉਨ੍ਹਾਂ ਦੇ ਪਰਿਵਾਰ ਵੱਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਦੇਸ਼ ਅੰਦਰ ਵੱਖ-ਵੱਖ ਥਾਵਾਂ ਉੱਤੇ ਪਹੁੰਚਾਉਣ ਲਈ ਇੱਕ ਵਿਸ਼ੇਸ਼ ਬੱਸ ਦੀ ਸੇਵਾ ਲਈ ਦਿੱਤੀ ਗਈ, ਜਿਸ ਦੀ ਚਾਬੀਆਂ ਸ਼੍ਰੋਮਣੀ ਕਮੇਟੀ ਦੇ ਸਾਬਕਾ ਜਨਰਲ ਸਕੱਤਰ ਭਾਈ ਰਾਜਿੰਦਰ ਸਿੰਘ ਮਹਿਤਾ ਅਤੇ ਸ਼੍ਰੋਮਣੀ ਕਮੇਟੀ ਅਧਿਕਾਰੀਆਂ ਨੂੰ ਸੌਂਪੀਆਂ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਤਿਕਾਰ ਅਤੇ ਮਰਯਾਦਾ ਨੂੰ ਧਿਆਨ ਵਿਚ ਰੱਖਦਿਆਂ ਇਸ ਬੱਸ ਨੂੰ ਵਿਸ਼ੇਸ਼ ਤੌਰ ’ਤੇ ਤਿਆਰ ਕਰਵਾਇਆ ਗਿਆ ਹੈ, ਜਿਸ ਅੰਦਰ 300 ਪਾਵਨ ਸਰੂਪ ਸੁਭਾਇਮਾਨ ਕੀਤੇ ਜਾ ਸਕਦੇ ਹਨ।
ਜਤਿੰਦਰ ਸਿੰਘ ਉੱਪਲ ਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੂੰ ਸ਼੍ਰੋਮਣੀ ਕਮੇਟੀ ਅਹੁਦੇਦਾਰਾਂ ਤੇ ਅਧਿਕਾਰੀਆਂ ਨੇ ਕੀਤਾ ਸਨਮਾਨਿਤ
ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਸਾਬਕਾ ਜਨਰਲ ਸਕੱਤਰ ਭਾਈ ਰਾਜਿੰਦਰ ਸਿੰਘ ਮਹਿਤਾ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਸੰਗਤਾਂ ਦੀ ਮੰਗ ’ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਸਤਿਕਾਰ ਅਤੇ ਮਰਯਾਦਾ ਅਨੁਸਾਰ ਵੱਖ-ਵੱਖ ਅਸਥਾਨਾਂ ’ਤੇ ਪਹੁੰਚਾਉਣ ਦੀ ਜ਼ੁੰਮੇਵਾਰੀ ਨਿਭਾਈ ਜਾਂਦੀ ਹੈ। ਉਨ੍ਹਾਂ ਦੱਸਿਆ ਕਿ ਆਸਟ੍ਰੇਲੀਆ ਦੀਆਂ ਸੰਗਤਾਂ ਦੀ ਮੰਗ ’ਤੇ ਬੀਤੇ ਸਮੇਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਆਸਟ੍ਰੇਲੀਆ ਭੇਜੇ ਗਏ ਸਨ, ਜਿਸ ਦੇ ਧੰਨਵਾਦ ਵਜੋਂ ਜਤਿੰਦਰ ਸਿੰਘ ਉੱਪਲ ਅਤੇ ਉਨ੍ਹਾਂ ਦੇ ਪਰਿਵਾਰ ਨੇ ਪਾਵਨ ਸਰੂਪਾਂ ਵਾਲੀ ਵਿਸ਼ੇਸ਼ ਬੱਸ ਤਿਆਰ ਕਰਵਾ ਕੇ ਸ਼੍ਰੋਮਣੀ ਕਮੇਟੀ ਨੂੰ ਦਿੱਤੀ ਹੈ। ਉਨ੍ਹਾਂ ਕਿਹਾ ਕਿ ਜਤਿੰਦਰ ਸਿੰਘ ਉੱਪਲ ਅਤੇ ਉਨ੍ਹਾਂ ਦਾ ਪਰਿਵਾਰ ਸਿੱਖੀ ਦੇ ਪ੍ਰਚਾਰ ਪ੍ਰਸਾਰ ਲਈ ਹਮੇਸ਼ਾ ਕਾਰਜਸ਼ੀਲ ਰਿਹਾ ਹੈ ਅਤੇ ਉਨ੍ਹਾਂ ਵੱਲੋਂ ਗੁਰੂ ਘਰਾਂ ਦੇ ਕਾਰਜਾਂ ਵਿਚ ਮੋਹਰੀ ਹੋ ਕੇ ਸੇਵਾਵਾਂ ਕੀਤੀਆਂ ਜਾਂਦੀਆਂ ਹਨ। ਭਾਈ ਮਹਿਤਾ ਨੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ ਸ਼ਰਧਾਲੂ ਪਰਿਵਾਰ ਦਾ ਧੰਨਵਾਦ ਵੀ ਕੀਤਾ।
ਇਹ ਵੀ ਪੜ੍ਹੋ : ਅੰਤਰਰਾਸ਼ਟਰੀ ਨਸ਼ਾ ਤਸਕਰੀ ਨੈੱਟਵਰਕ ਦਾ ਪਰਦਾਫਾਸ਼; 1400 ਕਿਲੋ ਭੁੱਕੀ ਸਮੇਤ 3 ਵਿਅਕਤੀ ਗ੍ਰਿਫਤਾਰ
ਇਸ ਦੌਰਾਨ ਜਤਿੰਦਰ ਸਿੰਘ ਉੱਪਲ ਨੇ ਕਿਹਾ ਕਿ ਗੁਰੂ ਸਾਹਿਬ ਨੇ ਆਪ ਰਹਿਮਤ ਕਰਕੇ ਉਨ੍ਹਾਂ ਪਾਸੋਂ ਇਹ ਸੇਵਾ ਲਈ ਹੈ। ਉਨ੍ਹਾਂ ਗੁਰੂ ਸਾਹਿਬ ਅੱਗੇ ਅਰਦਾਸ ਕੀਤੀ ਕਿ ਉਹ ਗੁਰੂ ਘਰ ਦੀਆਂ ਸੇਵਾਵਾਂ ਇਸੇ ਤਰ੍ਹਾਂ ਹੀ ਕਰਵਾਉਂਦੇ ਰਹਿਣ। ਇਸ ਮੌਕੇ ਉੱਪਲ ਨੇ ਸ਼੍ਰੋਮਣੀ ਕਮੇਟੀ ਵੱਲੋਂ ਮਿਲੇ ਸਤਿਕਾਰ ਲਈ ਸ਼੍ਰੋਮਣੀ ਕਮੇਟੀ ਦਾ ਧੰਨਵਾਦ ਵੀ ਕੀਤਾ।