ਪੰਜਾਬ ਤੋਂ ਰਾਜ ਸਭਾ ਦੀਆਂ 2 ਸੀਟਾਂ ਲਈ ਅੱਜ ਸੰਤ ਬਲਬੀਰ ਸਿੰਘ ਸੀਚੇਵਾਲ ਅਤੇ ਵਿਕਰਮਜੀਤ ਸਿੰਘ ਸਾਹਨੀ ਨੇ ਆਪਣੇ ਨਾਮਜ਼ਦਗੀ ਪੱਤਰ ਪੰਜਾਬ ਵਿਧਾਨ ਸਭਾ ਦੇ ਸਕੱਤਰ ਕੋਲ ਦਾਖ਼ਲ ਕੀਤੇ। ਨਾਮਜ਼ਦਗੀ ਪੱਤਰ ਦਾਖਲ ਕਰਨ ਮੌਕੇ ਉਨ੍ਹਾਂ ਨਾਲ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਅਤੇ ਪੇਂਡੂ ਵਿਕਾਸ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਹਾਜ਼ਰ ਸਨ। ਆਮ ਆਦਮੀ ਪਾਰਟੀ ਨੇ ਪਿਛਲੇ ਦਿਨ ਇਨ੍ਹਾਂ ਦੋਹਾਂ ਸ਼ਖ਼ਸੀਅਤਾਂ ਨੂੰ ਪੰਜਾਬ ਤੋਂ ਰਾਜ ਸਭਾ ਦੇ ਮੈਂਬਰ ਲਈ ਉਮੀਦਵਾਰ ਐਲਾਨਿਆ ਸੀ।
ਇਹ ਦੋ ਸੀਟਾਂ ਕਾਂਗਰਸ ਤੋਂ ਅੰਬਿਕਾ ਸੋਨੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਬਲਵਿੰਦਰ ਸਿੰਘ ਭੂੰਦੜ ਦਾ ਕਾਰਜਕਾਲ ਖਤਮ ਹੋਣ ਕਾਰਨ ਖਾਲੀ ਹੋ ਰਹੀਆਂ ਹਨ। ਇੰਨਾਂ ਦੋਵਾਂ ਦੀ ਮਿਆਦ 4 ਜੁਲਾਈ ਨੂੰ ਖਤਮ ਹੋ ਰਹੀ ਹੈ।
ਦੱਸਣਯੋਗ ਹੈ ਕਿ ਸੰਤ ਸੀਚੇਵਾਲ ਨੇ ਵਾਤਾਵਰਣ ਲਈ ਬਹੁਤ ਕੰਮ ਕੀਤਾ ਹੈ। ਉੱਥੇ ਹੀ ਸਾਹਨੀ ਨੇ ਕੋਵਿਡ ਦੌਰਾਨ ਪੰਜਾਬ ਦੇ ਪਿੰਡਾਂ ‘ਚ ਵੱਡੀ ਮਦਦ ਕੀਤੀ ਸੀ ਅਤੇ ਅਫ਼ਗਾਨਿਸਤਾਨ ਤੋਂ ਉੱਜੜ ਕੇ ਆਏ ਸਿੱਖਾਂ ਦੇ ਪੁਨਰਵਾਸ ਲਈ ਵੀ ਕਾਫੀ ਕੰਮ ਕੀਤਾ ਸੀ, ਜਿਸ ਕਾਰਨ ਆਮ ਆਦਮੀ ਪਾਰਟੀ ਵੱਲੋਂ ਉਨ੍ਹਾਂ ਨੂੰ ਰਾਜ ਸਭਾ ਚੋਣਾਂ ਲਈ ਨਾਮਜ਼ਦ ਕੀਤਾ ਗਿਆ ਹੈ। ਰਾਜ ਸਭਾ ਚੋਣਾਂ 10 ਜੂਨ ਨੂੰ ਹੋਣੀਆਂ ਹਨ।