ਫਰੀਦਕੋਟ 2 ਅਪ੍ਰੈਲ – ਫਰੀਦਕੋਟ ਅੰਦਰ ਕਣਕ ਦੇ ਨਾੜ ਨੂੰ ਅੱਗ ਲਗਾਉਣ ਤੇ ਪੂਰਨ ਤੌਰ ਤੇ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ ਗਏ ਹਨ। ਜ਼ਿਲਾ ਮੈਜਿਸਟਰੇਟ ਪੂਨਮਦੀਪ ਕੌਰ ਨੇ ਦੱਸਿਆ ਕਿ ਕਣਕ ਦੀ ਕਟਾਈ ਉਪਰੰਤ ਰਹਿੰਦ ਖੂੰਹਦ ਅਤੇ ਨਾੜ ਨੂੰ ਸਬੰਧਤ ਮਾਲਕਾਂ/ਕਾਸ਼ਤਕਾਰਾਂ ਵੱਲੋਂ ਅੱਗ ਲਗਾ ਦਿੱਤੀ ਜਾਂਦੀ ਹੈ। ਕਣਕ ਦੇ ਨਾੜ ਨੂੰ ਅੱਗ ਲਗਾਉਣ ਨਾਲ ਆਸ-ਪਾਸ ਦੇ ਖੇਤਾਂ ਵਿੱਚ ਨੁਕਸਾਨ ਹੋਣ ਦੀ ਸੰਭਾਵਨਾ ਬਣੀ ਰਹਿੰਦੀ ਹੈ ਅਤੇ ਹਵਾ ਵਿੱਚ ਧੂੰਏ ਨਾਲ ਬਹੁਤ ਪ੍ਰਦੂਸ਼ਣ ਫੈਲਦਾ ਹੈ। ਜਿਸ ਨਾਲ ਸਾਹ ਦੀਆਂ ਬਿਮਾਰੀਆਂ ਪੈਦਾ ਹੋ ਸਕਦੀਆਂ ਹਨ। ਰਹਿੰਦ-ਖੂੰਹਦ ਨੂੰ ਅੱਗ ਲਗਾਉਣ ਨਾਲ ਜਮੀਨ ਦਾ ਉਪਯੋਗੀ ਜੀਵਨ ਮਾਦਾ ਜੋ ਕਿ ਜਮੀਨ ਲਈ ਬਹੁਤ ਲਾਭਦਾਇਕ ਹੈ, ਦਾ ਵੀ ਨੁਕਸਾਨ ਹੁੰਦਾ ਹੈ ਅਤੇ ਜਮੀਨ ਦੀ ਉਪਰਲੀ ਸਤ੍ਹਾ ਜਲਣ ਕਾਰਨ ਇਸ ਵਿੱਚ ਮੌਜੂਦ ਕਈ ਲਾਭਦਾਇਕ ਜੀਵਾਣੂ ਮਰ ਜਾਂਦੇ ਹਨ। ਜਿਸ ਨਾਲ ਖੇਤ ਦੀ ਉਪਜਾਊ ਸ਼ਕਤੀ ਨਸ਼ਟ ਹੁੰਦੀ ਹੈ।
ਇਹ ਵੀ ਪੜੋ: ਡਿਊਟੀ ਦੌਰਾਨ ਪੰਜਾਬ ਪੁਲਿਸ ਦੇ ASI ਦੀ ਮੌਤ
ਉਨ੍ਹਾਂ ਕਿਹਾ ਇਸ ਨਾਲ ਆਲੇ ਦੁਆਲੇ ਖੜੀ ਫਸਲ ਜਾਂ ਪਿੰਡ ਵਿੱਚ ਅੱਗ ਲੱਗਣ ਦਾ ਡਰ ਰਹਿੰਦਾ ਹੈ। ਜਿਸ ਨਾਲ ਵੱਡੇ ਹਾਦਸੇ ਵੀ ਵਾਪਰ ਸਕਦੇ ਹਨ। ਸੜਕਾਂ ਦੁਆਲੇ ਮੌਜੂਦ ਰਹਿੰਦ-ਖੂੰਹਦ ਨੂੰ ਅੱਗ ਲਗਾਉਣ ਨਾਲ ਆਵਾਜਾਈ ਵਿੱਚ ਵਿਘਨ ਪੈਂਦਾ ਹੈ ਅਤੇ ਕਈ ਹਾਦਸੇ ਹੋ ਜਾਂਦੇ ਹਨ। ਇਸ ਨਾਲ ਪਿੰਡਾਂ ਵਿੱਚ ਲੜਾਈ ਝਗੜਾ ਹੋਣ ਦਾ ਡਰ ਵੀ ਰਹਿੰਦਾ ਹੈ। ਜਿਸ ਲਈ ਇਹ ਪਾਬੰਦੀ ਲਗਾਈ ਗਈ ਹੈ। ਇਹ ਹੁਕਮ ਮਿਤੀ 27 ਮਈ 2025 ਤੱਕ ਲਾਗੂ ਰਹਿਣਗੇ।