ਝੋਨੇ ਦੀ ਪੂਸਾ- 44 ਅਤੇ ਹਾਈਬ੍ਰਿਡ ਕਿਸਮਾਂ ਤੇ ਪਾਬੰਦੀ

0
26

ਸ੍ਰੀ ਮੁਕਤਸਰ ਸਾਹਿਬ- ਗੁਰਮੀਤ ਸਿੰਘ ਖੁੱਡੀਆਂ, ਖੇਤੀਬਾੜੀ ਮੰਤਰੀ, ਪੰਜਾਬ ਦੇ ਦਿਸ਼ਾਂ – ਨਿਰਦੇਸ਼ਾਂ ਅਤੇ ਜਸਵੰਤ ਸਿੰਘ, ਡਾਇਰੈਕਟਰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ, ਪੰਜਾਬ ਦੇ ਹੁਕਮਾਂ ਤਹਿਤ ਸਾਉਣੀ-2025 ਦੋਰਾਨ ਸੂਬੇ ਵਿੱਚ ਝੋਨੇ ਦੀ ਕਿਸਮ ਪੂਸਾ-44 ਅਤੇ ਹਾਈਬ੍ਰਿਡ ਬੀਜਾਂ ਦੀ ਵਿਕਰੀ ਅਤੇ ਬਿਜਾਈ ਤੇ ਪੂਰਨ ਪਾਬੰਦੀ ਲਗਾਈ ਗਈ ਹੈ।

ਡਾ. ਕਰਨਜੀਤ ਸਿੰਘ ਗਿੱਲ, ਮੁੱਖ ਖੇਤੀਬਾੜੀ ਅਫ਼ਸਰ ਸ੍ਰੀ ਮੁਕਤਸਰ ਸਾਹਿਬ ਵੱਲੋ ਇਸ ਸਬੰਧੀ ਚੈਕਿੰਗ ਕਰਦਿਆਂ ਦੱਸਿਆ ਗਿਆ ਹੈ ਕਿ ਝੋਨੇ ਦੀ ਪੂਸਾ-44 ਕਿਸਮ ਪੱਕਣ ਵਿੱਚ ਵੱਧ ਸਮਾਂ ਲੈਂਦੀ ਹੈ, ਜਿਸ ਨਾਲ ਪਾਣੀ ਦੀ ਖਪਤ ਵੱਧ ਹੁੰਦੀ ਹੈ ਅਤੇ ਕਟਾਈ ਉਪਰੰਤ ਪਰਾਲ ਵੀ ਜਿਆਦਾ ਛੱਡਦੀ ਹੈ। ਪੂਸਾ-44 ਕਿਸਮ ਦੇ ਖੇਤਾਂ ਵਿੱਚ ਝੁਲਸ ਰੋਗ ਅਤੇ ਕੀੜੇ-ਮਕੌੜਿਆਂ ਦਾ ਵੱਧ ਹਮਲਾ ਦੇਖਣ ਨੂੰ ਮਿਲਦਾ ਹੈ।

ਇਸ ਤੋਂ ਇਲਾਵਾ ਉਨ੍ਹਾਂ ਦੱਸਿਆ ਕਿ ਹਾਈਬ੍ਰਿਡ ਬੀਜ ਕੰਪਨੀਆਂ ਵੱਲੋਂ ਮਹਿੰਗੇ ਭਾਅ ਤੇ ਵਿਕਰੀ ਕੀਤੇ ਜਾਂਦੇ ਹਨ, ਜ਼ਿਨ੍ਹਾਂ ਨਾਲ ਕਿਸਾਨਾਂ ਦੀ ਲੁੱਟ ਹੁੰਦੀ ਹੈ। ਹਾਈਬ੍ਰਿਡ ਕਿਸਮਾਂ ਦੀ ਜਿਨਸ ਵਿੱਚ ਐਫ.ਸੀ.ਆਈ ਵੱਲੋਂ ਨਿਰਧਾਰਤ ਮਾਪਦੰਡਾਂ ਦੇ ਮੁਕਾਬਲੇ ਜ਼ਿਆਦਾ ਟੋਟਾ ਆਉਂਦਾ ਹੈ, ਜਿਸ ਕਾਰਨ ਕਿਸਾਨਾਂ ਨੁੰ ਮੰਡੀ ਵਿੱਚ ਘੱਟ ਭਾਅ ਮਿਲਦਾ ਹੈ ਅਤੇ ਜ਼ਿਆਦਾ ਖੱਜਲ ਖੁਆਰੀ ਹੁੰਦੀ ਹੈ। ਇਨ੍ਹਾਂ ਗੱਲਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਉਨ੍ਹਾਂ ਵੱਲੋਂ ਕਿਸਾਨਾਂ ਨੂੰ ਇਸ ਸਾਲ ਪੂਸਾ – 44 ਅਤੇ ਹਾਈਬ੍ਰਿਡ ਝੋਨੇ ਦੀ ਜਗ੍ਹਾਂ ਸਿਰਫ ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ ਵੱਲੋਂ ਸਿਫਾਰਿਸ਼ ਝੋਨੇ ਦੀਆਂ ਕਿਸਮਾਂ ਜਿਵੇਂ ਪੀ.ਆਰ-126, ਪੀ.ਆਰ-131 ਆਦਿ ਬੀਜਣ ਦੀ ਅਪੀਲ ਕੀਤੀ ਜਾਂਦੀ ਹੈ।

ਉਨ੍ਹਾਂ ਬੀਜ ਵਿਕਰੇਤਾ ਨੂੰ ਹਦਾਇਤ ਕੀਤੀ ਕਿ ਪੂਸਾ-44 ਅਤੇ ਝੋਨੇ ਦੀਆਂ ਹਾਈਬ੍ਰਿਡ ਕਿਸਮਾਂ ਦੇ ਬੀਜਾਂ ਦੀ ਸੇਲ ਨਾ ਕੀਤੀ ਜਾਵੇ। ਜੇਕਰ ਕੋਈ ਵੀ ਡੀਲਰ ਇਸ ਦੀ ਉਲੰਘਣਾ ਕਰਦਾ ਹੈ ਤਾਂ ਉਸ ਖਿਲਾਫ਼ ਬੀਜ ਐਕਟ ਅਧੀਨ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਇਸ ਸਬੰਧੀ ਵਿਭਾਗ ਵੱਲੋਂ ਸਪੈਸ਼ਲ ਟੀਮਾਂ ਦਾ ਗਠਨ ਕੀਤਾ ਗਿਆ ਹੈ, ਜ਼ਿਨ੍ਹਾਂ ਵੱਲੋਂ ਬੀਜਾਂ ਦੀ ਕਾਲਾ ਬਜ਼ਾਰੀ ਜਾਂ ਵੱਧ ਰੇਟ ਜਾਂ ਕਿਸੇ ਹੋਰ ਹੇਰਾ-ਫੇਰੀ ਬਾਰੇ ਚੈਕਿੰਗ ਕੀਤੀ ਜਾ ਰਹੀ ਹੈ।

ਉਨ੍ਹਾਂ ਅੱਗੇ ਦੱਸਿਆ ਕਿ ਕਿਸਾਨ ਜ਼ਿਲ੍ਹਾ ਪੱਧਰ ਤੇ ਡਾ. ਹਰਜੀਤ ਸਿੰਘ, ਖੇਤੀਬਾੜੀ ਵਿਕਾਸ ਅਫ਼ਸਰ (ਬੀਜ਼) ਸ੍ਰੀ ਮੁਕਤਸਰ ਸਾਹਿਬ ਅਤੇ ਬਲਾਕ ਪੱਧਰ ਤੇ ਡਾ. ਸ਼ਵਿੰਦਰ ਸਿੰਘ, ਖੇਤੀਬਾੜੀ ਵਿਕਾਸ ਅਫਸ਼ਰ, ਸ੍ਰੀ ਮੁਕਤਸਰ ਸਾਹਿਬ, ਡਾ. ਮੰਗਲ ਸੈਨ, ਖੇਤੀਬਾੜੀ ਵਿਕਾਸ ਅਫ਼ਸਰ, ਮਲੋਟ, ਡਾ. ਜਗਮੋਹਨ ਸਿੰਘ, ਖੇਤੀਬਾੜੀ ਵਿਕਾਸ ਅਫ਼ਸਰ, ਗਿੱਦੜਬਾਹਾ ਅਤੇ ਡਾ. ਸੁਖਚੈਨ ਸਿੰਘ, ਖੇਤੀਬਾੜੀ ਵਿਕਾਸ ਅਫ਼ਸਰ, ਲੰਬੀ ਨਾਲ ਸੰਪਰਕ ਕਰ ਸਕਦੇ ਹਨ।

 

LEAVE A REPLY

Please enter your comment!
Please enter your name here