ਬਠਿੰਡਾ ਬੱਸ ਹਾਦਸਾ, ਕੇਂਦਰ ਸਰਕਾਰ ਵਲੋਂ ਵਿੱਤੀ ਸਹਾਇਤਾ ਦਾ ਐਲਾਨ
ਬਠਿੰਡਾ ਜ਼ਿਲ੍ਹੇ ਦੇ ਤਲਵੰਡੀ ਸਾਬੋ ਵਿੱਚ ਸ਼ੁੱਕਰਵਾਰ ਨੂੰ ਇੱਕ ਨਿੱਜੀ ਕੰਪਨੀ ਦੀ ਬੱਸ ਬੇਕਾਬੂ ਹੋ ਕੇ ਨਾਲੇ ਵਿੱਚ ਜਾ ਡਿੱਗੀ। ਜਿਸ ‘ਚ ਡਰਾਈਵਰ ਸਮੇਤ 8 ਲੋਕਾਂ ਦੀ ਮੌਤ ਹੋ ਗਈ, ਜਦਕਿ 24 ਤੋਂ ਵੱਧ ਲੋਕ ਜ਼ਖਮੀ ਹੋ ਗਏ। ਮ੍ਰਿਤਕ ਡਰਾਈਵਰ ਦੀ ਪਛਾਣ ਬਲਕਾਰ ਸਿੰਘ ਵਾਸੀ ਮਾਨਸਾ ਵਜੋਂ ਹੋਈ ਹੈ। ਜ਼ਖਮੀਆਂ ਨੂੰ ਸਿਵਲ ਹਸਪਤਾਲ ਦਾਖਲ ਕਰਵਾਇਆ ਗਿਆ ਹੈ।
ਪ੍ਰਧਾਨ ਮੰਤਰੀ ਵੱਲੋਂ ਮੁਆਵਜੇ ਦਾ ਐਲਾਨ
ਦੱਸ ਦਈਏ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਵਿੱਤੀ ਸਹਾਇਤਾ ਦਾ ਐਲਾਨ ਕੀਤਾ ਗਿਆ ਹੈ। ਪ੍ਰਧਾਨ ਮੰਤਰੀ ਰਾਸ਼ਟਰੀ ਰਾਹਤ ਫੰਡ ‘ਚੋਂ ਮ੍ਰਿਤਕਾਂ ਦੇ ਰਿਸ਼ਤੇਦਾਰਾਂ ਨੂੰ 2 ਲੱਖ ਰੁਪਏ ਅਤੇ ਜ਼ਖਮੀਆਂ ਨੂੰ 50 ਹਜ਼ਾਰ ਰੁਪਏ ਦੀ ਵਿੱਤੀ ਸਹਾਇਤਾ ਦਿੱਤੀ ਜਾਵੇਗੀ।
ਮੁੱਖ ਮੰਤਰੀ ਭਗਵੰਤ ਮਾਨ ਨੇ ਵੀ ਜਤਾਇਆ ਦੁੱਖ
ਇਸ ਦਰਦਨਾਕ ਹਾਦਸੇ ‘ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਵੀ ਦੁੱਖ ਜਤਾਇਆ। ਉਨ੍ਹਾਂ ਕਿਹਾ ਕਿ “ਬਠਿੰਡਾ ਦੇ ਤਲਵੰਡੀ ਸਾਬੋ ਰੋਡ ‘ਤੇ ਪੈਂਦੀ ਲਸਾੜਾ ਡਰੇਨ ‘ਚ ਇੱਕ ਨਿੱਜੀ ਬੱਸ ਦੇ ਹਾਦਸਾਗ੍ਰਸਤ ਹੋਣ ਦੀ ਦੁਖਦਾਈ ਖ਼ਬਰ ਮਿਲੀ। ਜ਼ਖ਼ਮੀਆਂ ਨੂੰ ਹਸਪਤਾਲ ਪਹੁੰਚਾ ਦਿੱਤਾ ਗਿਆ ਹੈ ਅਤੇ ਪਲ ਪਲ ਦੀ ਅਪਡੇਟ ਲੈ ਰਹੇ ਹਾਂ। ਮੈਂ ਪਰਮਾਤਮਾ ਅੱਗੇ ਵਿੱਛੜੀਆਂ ਰੂਹਾਂ ਦੀ ਆਤਮਿਕ ਸ਼ਾਂਤੀ ਅਤੇ ਜ਼ਖ਼ਮੀ ਹੋਏ ਯਾਤਰੀਆਂ ਦੀ ਜਲਦ ਸਿਹਤਯਾਬੀ ਲਈ ਅਰਦਾਸ ਕਰਦਾ ਹਾਂ।”