ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੂੰ ਲੈ ਕੇ ਵੱਡੀ ਅਪਡੇਟ
ਚੰਡੀਗੜ੍ਹ : ਹਰਿਆਣਾ-ਪੰਜਾਬ ਦੇ ਖਨੌਰੀ ਸਰਹੱਦ ‘ਤੇ ਮਰਨ ਵਰਤ ਸ਼ੁਰੂ ਕਰਨ ਤੋਂ ਪਹਿਲਾਂ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੂੰ ਪੁਲਿਸ ਨੇ ਹਿਰਾਸਤ ‘ਚ ਲੈ ਲਿਆ। ਹੁਣ ਜਾਣਕਾਰੀ ਸਾਹਮਣੇ ਆਈ ਹੈ ਕਿ ਪੰਜਾਬ ਪੁਲੀਸ ਨੇ ਉਸ ਨੂੰ ਹਿਰਾਸਤ ਵਿੱਚ ਲੈ ਕੇ ਲੁਧਿਆਣਾ ਦੇ ਡੀਐਮਸੀ ਹਸਪਤਾਲ ਵਿੱਚ ਲਿਆਂਦਾ ਹੈ। ਹਸਪਤਾਲ ਦੇ ਆਲੇ-ਦੁਆਲੇ ਪੁਲਿਸ ਤਾਇਨਾਤ ਕੀਤੀ ਗਈ ਹੈ।
ਕਿਸਾਨ ਆਗੂ ਸਰਵਣ ਪੰਧੇਰ ਨੇ ਦਿੱਤੀ ਸੀ ਜਾਣਕਾਰੀ
ਦੱਸ ਦਈਏ ਕਿ ਤੜਕਸਾਰ ਕਿਸਾਨ ਆਗੂ ਸਰਵਣ ਪੰਧੇਰ ਨੇ ਜਾਣਕਾਰੀ ਦਿੱਤੀ ਸੀ ਕਿ ਡੱਲੇਵਾਲ ਨੂੰ ਸੋਮਵਾਰ ਰਾਤ ਕਰੀਬ 2 ਵਜੇ ਖਨੌਰੀ ਸਰਹੱਦ ਤੋਂ ਹਿਰਾਸਤ ‘ਚ ਲੈ ਗਿਆ। ਉਨ੍ਹਾਂ ਨੂੰ ਕਿੱਥੇ ਲਿਜਾਇਆ ਗਿਆ ਹੈ, ਇਸ ਬਾਰੇ ਕੋਈ ਜਾਣਕਾਰੀ ਨਹੀਂ ਹੈ।
ਰਵਨੀਤ ਸਿੰਘ ਬਿੱਟੂ ਨੇ ਕੀਤਾ ਟਵੀਟ
ਜਿਸ ਤੋਂ ਬਾਅਦ ਜਗਜੀਤ ਸਿੰਘ ਡੱਲੇਵਾਲ ਨੂੰ ਲੈ ਕੇ ਰਵਨੀਤ ਸਿੰਘ ਬਿੱਟੂ ਨੇ ਇਕ ਟਵੀਟ ਕਿ “ਕਿਸਾਨ ਆਗੂ ਡੱਲੇਵਾਲ ਦੀ ਗ੍ਰਿਫ਼ਤਾਰੀ ਵਿੱਚ ਕੋਈ ਕੇਂਦਰੀ ਏਜੰਸੀ ਸ਼ਾਮਲ ਨਹੀਂ ਹੈ। ਇਹ ਸਿਰਫ਼ ਸੂਬਾ ਪੁਲਿਸ ਦਾ ਕੰਮ ਹੈ, ਜਿਸ ਦਾ ਉਦੇਸ਼ ਅਸਲ ਮੁੱਦੇ ਤੋਂ ਧਿਆਨ ਹਟਾਉਣ ਲਈ ਕੇਂਦਰੀ ਏਜੰਸੀਆਂ ‘ਤੇ ਦੋਸ਼ ਮੜ੍ਹਨਾ ਹੈ। ਕੇਂਦਰ ਸਰਕਾਰ ਹਮੇਸ਼ਾ ਕਿਸਾਨਾਂ ਦੀ ਭਲਾਈ ਲਈ ਕੰਮ ਕਰਦੀ ਹੈ ਅਤੇ ਅਜਿਹੀਆਂ ਕੋਝੀਆਂ ਚਾਲਾਂ ਵਿੱਚ ਨਹੀਂ ਆਉਂਦੀ।”
ਪਟਿਆਲਾ ਰੇਂਜ DIG ਮਨਦੀਪ ਸਿੱਧੂ ਦਾ ਵੱਡਾ ਬਿਆਨ
ਹੁਣ ਜਗਜੀਤ ਡੱਲੇਵਾਲ ਨੂੰ ਲੈ ਪਟਿਆਲਾ ਰੇਂਜ DIG ਮਨਦੀਪ ਸਿੱਧੂ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਕਿਹਾ ਕਿ” ਡੱਲੇਵਾਲ ਨੇ ਮਰਨ ਵਰਤ ਦਾ ਐਲਾਨ ਕੀਤਾ ਸੀ। ਪ੍ਰਸ਼ਾਸਨ ਉਨ੍ਹਾਂ ਦੀ ਉਮਰ ਅਤੇ ਸਿਹਤ ਨੂੰ ਲੈ ਕੇ ਚਿੰਤਤ ਸੀ। ਮਰਨ ਵਰਤ ਦੇ ਐਲਾਨ ਤੋਂ ਬਾਅਦ ਲੋਕਾਂ ਦੀ ਬਹੁਤ ਭੀੜ ਇਕਠੀ ਹੋ ਜਾਂਦੀ ਹੈ ਜਿਸ ਕਾਰਨ ਸਿਹਤ ਸਹੂਲਤਾਂ ਨਹੀਂ ਪਹੁੰਚ ਪਾਉਂਦੀਆਂ। ਇਸ ਕਾਰਨ ਪ੍ਰਸ਼ਾਸਨ ਨੇ ਉਨ੍ਹਾਂ ਦੀ ਮੈਡੀਕਲ ਜਾਂਚ ਕਰਵਾਉਣ ਦਾ ਫੈਸਲਾ ਕੀਤਾ ਹੈ। ਇਸ ਦੇ ਲਈ ਲੁਧਿਆਣਾ ਦੇ ਡੀ.ਐਮ.ਸੀ. ਲਿਆਂਦਾ ਗਿਆ ਹੈ।