ਚੰਡੀਗੜ੍ਹ 20 ਅਗਸਤ 2025 : ਪੰਜਾਬ ਵਿਜੀਲੈਂਸ ਬਿਊਰੋ (Punjab Vigilance Bureau) ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਥਾਣਾ ਸੋਹਾਣਾ, ਹੁਣ ਥਾਣਾ ਖਰੜ ਸ਼ਹਿਰੀ, ਜ਼ਿਲ੍ਹਾ ਮੁਹਾਲੀ ਵਿਖੇ ਤਾਇਨਾਤ ਸਹਾਇਕ ਸਬ-ਇੰਸਪੈਕਟਰ (ਏ.ਐਸ.ਆਈ.) ਓਮ ਪ੍ਰਕਾਸ਼ ਨੂੰ 1.55 ਲੱਖ ਰੁਪਏ ਰਿਸ਼ਵਤ ਦੀ ਮੰਗ (Demand for bribe of Rs 1.55 lakh) ਕਰਨ ਅਤੇ ਲੈਣ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ ਹੈ ।
ਅੱਜ ਇੱਥੇ ਇਹ ਖੁਲਾਸਾ ਕਰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਮੁਹਾਲੀ ਨਿਵਾਸੀ ਇੱਕ ਸ਼ਿਕਾਇਤਕਰਤਾ (Complainant) ਵੱਲੋਂ ਮੁੱਖ ਮੰਤਰੀ ਦੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ਉਪਰ ਦਰਜ ਕਰਵਾਈ ਆਨ-ਲਾਈਨ ਸ਼ਿਕਾਇਤ ਦੀ ਜਾਂਚ ਤੋਂ ਬਾਅਦ ਉਕਤ ਪੁਲਿਸ ਮੁਲਾਜ਼ਮ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ ।
ਬੁਲਾਰੇ ਨੇ ਅੱਗੇ ਦੱਸਿਆ ਕਿ ਸ਼ਿਕਾਇਤ ਅਨੁਸਾਰ, ਗੁਰਜੀਤ ਸਿੰਘ ਅਤੇ ਉਸਦੀ ਪਤਨੀ ਵਿਰੁੱਧ ਸੋਹਾਣਾ ਥਾਣੇ ਵਿੱਚ ਇੱਕ ਪੁਲਿਸ ਕੇਸ ਦਰਜ ਕੀਤਾ ਗਿਆ ਸੀ । ਉਕਤ ਮੁਕੱਦਮੇ ਦੇ ਤਫਤੀਸ਼ੀ ਸਹਾਇਕ–ਸਬ ਇੰਸਪੈਕਟਰ ਓਮ ਪ੍ਰਕਾਸ਼ ਨੇ ਇਹ ਕੇਸ ਰੱਦ ਕਰਨ ਬਦਲੇ 2.50 ਲੱਖ ਰੁਪਏ ਰਿਸ਼ਵਤ ਮੰਗੀ ਸੀ । ਇਸ ਤੋਂ ਬਾਅਦ, ਉਕਤ ਪੁਲਿਸ ਮੁਲਾਜ਼ਮ ਨੇ ਸ਼ਿਕਾਇਤਕਰਤਾ ਤੋਂ ਇਸ ਉਦੇਸ਼ ਲਈ 1.55 ਲੱਖ ਰੁਪਏ ਰਿਸ਼ਵਤ ਵਜੋਂ ਹਾਸਲ ਕੀਤੇ ਸਨ । ਬੁਲਾਰੇ ਨੇ ਕਿਹਾ ਕਿ ਪੂਰੀ ਤਰ੍ਹਾਂ ਜਾਂਚ ਕਰਨ ਤੋਂ ਬਾਅਦ, ਸ਼ਿਕਾਇਤ ਵਿੱਚ ਲਗਾਏ ਗਏ ਦੋਸ਼ਾਂ ਨੂੰ ਸਹੀ ਪਾਇਆ ਗਿਆ ।
ਉਪਰੰਤ ਵਿਜੀਲੈਂਸ ਬਿਊਰੋ ਨੇ ਮੁਲਜ਼ਮ ਸਹਾਇਕ-ਸਬ ਇੰਸਪੈਕਟਰ ਓਮ ਪ੍ਰਕਾਸ਼ (Assistant Sub-Inspector Om Prakash) ਵਿਰੁੱਧ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਵਿਜੀਲੈਂਸ ਬਿਊਰੋ ਪੁਲਿਸ ਥਾਣਾ, ਐਸ. ਏ. ਐਸ. ਨਗਰ, ਪੰਜਾਬ, ਮੋਹਾਲੀ ਵਿਖੇ ਮੁਕੱਦਮਾ ਦਰਜ ਕੀਤਾ ਹੈ । ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਅਪਣਾਈ ਜ਼ੀਰੋ-ਸਹਿਣਸ਼ੀਲਤਾ ਨੀਤੀ ਪ੍ਰਤੀ ਬਿਊਰੋ ਦੀ ਵਚਨਬੱਧਤਾ ਹੈ ਅਤੇ ਇਹ ਗ੍ਰਿਫ਼ਤਾਰੀ ਭ੍ਰਿਸ਼ਟਾਚਾਰ ਵਿੱਚ ਸ਼ਾਮਲ ਕਿਸੇ ਵੀ ਸਰਕਾਰੀ ਕਰਮਚਾਰੀ ਵਿਰੁੱਧ ਸਖ਼ਤ ਕਾਰਵਾਈ ਕਰਨ ਦੇ ਬਿਊਰੋ ਦੇ ਦ੍ਰਿੜ ਇਰਾਦੇ ਨੂੰ ਦਰਸਾਉਂਦੀ ਹੈ, ਭਾਵੇਂ ਉਸਦਾ ਦਰਜਾ ਜਾਂ ਅਹੁਦਾ ਕੋਈ ਵੀ ਹੋਵੇ ।
Read More : ਰਿਸ਼ਵਤ ਮੰਗਣ ਦੇ ਦੋਸ਼ ਹੇਠ ਏ. ਐਸ. ਆਈ. ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ