ਕੈਬਨਿਟ ਮੰਤਰੀ ਖੁੱਡੀਆਂ ਵੱਲੋਂ ਗੁਰੂ ਅੰਗਦ ਦੇਵ ਵੈਟਰਨਰੀ ਅਤੇ ਐਨੀਮਲ ਸਾਇੰਸਜ਼ ਯੂਨੀਵਰਸਿਟੀ ‘ਚ 17ਵੀਂ ਐਥਲੈਟਿਕਸ ਮੀਟ ਦਾ ਉਦਘਾਟਨ
ਲੁਧਿਆਣਾ, 19 ਫਰਵਰੀ – ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ, ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਵੱਲੋਂ ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਐਥਲੈਟਿਕ ਟਰੈਕ ਵਿਖੇ ਗੁਰੂ ਅੰਗਦ ਦੇਵ ਵੈਟਰਨਰੀ ਅਤੇ ਐਨੀਮਲ ਸਾਇੰਸਜ਼ ਯੂਨੀਵਰਸਿਟੀ ਦੇ 17ਵੇਂ ਐਥਲੈਟਿਕਸ ਮੀਟ ਦਾ ਉਦਘਾਟਨ ਕੀਤਾ। ਕੈਬਨਿਟ ਮੰਤਰੀ ਨੇ ਇਸ ਗੱਲ ‘ਤੇ ਚਾਨਣਾ ਪਾਇਆ ਕਿ ਸਾਲਾਨਾ ਖੇਡਾਂ ਵਤਨ ਪੰਜਾਬ ਦੀਆਂ ਪਹਿਲਕਦਮੀ ਰਾਹੀਂ ਜ਼ਮੀਨੀ ਪੱਧਰ ‘ਤੇ ਖੇਡ ਸੱਭਿਆਚਾਰ ਨੂੰ ਮਜ਼ਬੂਤ ਕਰਨ ਲਈ ਸੂਬਾ ਸਰਕਾਰ ਦੇ ਸਰਗਰਮ ਯਤਨਾਂ ਕਾਰਨ ਪੰਜਾਬ ਦੇਸ਼ ਵਿੱਚ ਇੱਕ ਖੇਡ ਕੇਂਦਰ ਵਜੋਂ ਉੱਭਰ ਰਿਹਾ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੁਆਰਾ ਸੰਕਲਪਿਤ ਇਹ ਖੇਡਾਂ ਨੌਜਵਾਨਾਂ ਵਿੱਚ ਖੇਡ ਸੱਭਿਆਚਾਰ ਨੂੰ ਉਤਸ਼ਾਹਿਤ ਕਰਨ ਦਾ ਉਦੇਸ਼ ਰੱਖਦੀਆਂ ਹਨ। ਉਨ੍ਹਾਂ ਵਿਸ਼ਵਾਸ ਪ੍ਰਗਟ ਕੀਤਾ ਕਿ ਇਹ ਖੇਡਾਂ ਸੂਬੇ ਵਿੱਚ ਖੇਡਾਂ ਦੀ ਸ਼ਾਨ ਨੂੰ ਬਹਾਲ ਕਰਨ ਵਿੱਚ ਯੋਗਦਾਨ ਪਾਉਣਗੀਆਂ ਅਤੇ ਨੌਜਵਾਨ ਖਿਡਾਰੀਆਂ ਨੂੰ ਉੱਤਮਤਾ ਪ੍ਰਾਪਤ ਕਰਨ ਦੇ ਮੌਕੇ ਪ੍ਰਦਾਨ ਕਰਨਗੀਆਂ।
ਖੇਡਾਂ ਨੂੰ ਸਾਡੇ ਜੀਵਨ ਦਾ ਅਨਿੱਖੜਵਾਂ ਅੰਗ ਬਣਾਉਣ ਦੀ ਲੋੜ
ਕੈਬਨਿਟ ਮੰਤਰੀ ਨੇ ਇਸ ਗੱਲ ‘ਤੇ ਵੀ ਜ਼ੋਰ ਦਿੱਤਾ ਕਿ ਸੂਬਾ ਸਰਕਾਰ ਨੌਜਵਾਨਾਂ ਦੀ ਬੇਅੰਤ ਊਰਜਾ ਨੂੰ ਸਕਾਰਾਤਮਕ ਢੰਗ ਨਾਲ ਵਰਤਣ ਲਈ ਪੰਜਾਬ ਭਰ ਵਿੱਚ ਖੇਡਾਂ ਨੂੰ ਉਤਸ਼ਾਹਿਤ ਕਰਨ ਲਈ ਹਰ ਸੰਭਵ ਯਤਨ ਕਰ ਰਹੀ ਹੈ। ਉਨ੍ਹਾਂ ਨੌਜਵਾਨਾਂ ਦੀ ਭਰਪੂਰ ਪ੍ਰਤਿਭਾ ਨੂੰ ਸਵੀਕਾਰ ਕੀਤਾ ਪਰ ਬਿਹਤਰ ਬੁਨਿਆਦੀ ਢਾਂਚੇ ਅਤੇ ਸਹੂਲਤਾਂ ਦੀ ਜ਼ਰੂਰਤ ‘ਤੇ ਜ਼ੋਰ ਦਿੱਤਾ, ਜਿਸ ਨੂੰ ਪ੍ਰਦਾਨ ਕਰਨ ਲਈ ਸੂਬਾ ਸਰਕਾਰ ਸਰਗਰਮੀ ਨਾਲ ਕੰਮ ਕਰ ਰਹੀ ਹੈ। ਕੈਬਨਿਟ ਮੰਤਰੀ ਖੁੱਡੀਆਂ ਨੇ ਇਹ ਵੀ ਦੱਸਿਆ ਕਿ ਖੇਡਾਂ ਵਿਦਿਆਰਥੀਆਂ ਦੀ ਸਿਹਤ ਅਤੇ ਆਤਮਵਿਸ਼ਵਾਸ ਨੂੰ ਬਿਹਤਰ ਬਣਾਉਂਦੀਆਂ ਹਨ। ਇਹ ਚੰਗੀਆਂ ਆਦਤਾਂ ਨੂੰ ਉਤਸ਼ਾਹਿਤ ਕਰਦੀਆਂ ਹਨ ਅਤੇ ਇੱਕ ਵਿਅਕਤੀ ਵਿੱਚ ਬਿਹਤਰ ਕਦਰਾਂ-ਕੀਮਤਾਂ ਪੈਦਾ ਕਰਦੀਆਂ ਹਨ। ਉਨ੍ਹਾਂ ਨੌਜਵਾਨਾਂ ਨੂੰ ਆਪਣੇ-ਆਪਣੇ ਖੇਤਰਾਂ ਵਿੱਚ ਉੱਤਮਤਾ ਪ੍ਰਾਪਤ ਕਰਨ ਲਈ ਹੋਰ ਸਖ਼ਤ ਮਿਹਨਤ ਕਰਨ ਲਈ ਕਿਹਾ। ਕੈਬਨਿਟ ਮੰਤਰੀ ਨੇ ਆਪਣੇ ਅਖਤਿਆਰੀ ਫੰਡਾਂ ਵਿੱਚੋਂ ਇੱਕ ਲੱਖ ਰੁਪਏ ਦੀ ਗ੍ਰਾਂਟ ਦਾ ਵੀ ਐਲਾਨ ਕੀਤਾ।