ਚੰਡੀਗੜ੍ਹ, 1 ਨਵੰਬਰ 2025 : ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ (Punjab Agriculture and Farmers Welfare Minister) ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਗਠਿਤ ਕੀਤੀ ਸੀ. ਐਮ. ਫਲਾਇੰਗ ਸਕੁਐਡ (C. M. Flying Squad) ਵੱਲੋਂ ਸੂਬੇ ਭਰ ਵਿੱਚ ਪੰਜਾਬ ਮੰਡੀ ਬੋਰਡ ਅਤੇ ਪੀ. ਡਬਲਿਊ.ਡੀ . ਵੱਲੋਂ ਦਿਹਾਤੀ ਲਿੰਕ ਸੜਕਾਂ ਦੇ ਕਰਵਾਏ ਜਾ ਰਹੇ ਨਵੀਨੀਕਰਨ ਕਾਰਜਾਂ ਦੀ ਗੁਣਵੱਤਾ ਨੂੰ ਯਕੀਨੀ ਬਣਾਉਣ ਲਈ ਤਿੱਖੀ ਨਜ਼ਰ ਰੱਖੀ ਜਾ ਰਹੀ ਹੈ । ਇਹ ਨਿਗਰਾਨੀ ਸੂਬਾ ਸਰਕਾਰ ਵੱਲੋਂ 4150 ਕਰੋੜ ਰੁਪਏ (Rs 4150 crore) ਦੀ ਲਾਗਤ ਨਾਲ 19,491 ਕਿਲੋਮੀਟਰ ਲਿੰਕ ਸੜਕਾਂ ਦੇ ਨਿਰਮਾਣ ਅਤੇ ਮੁਰੰਮਤ ਸਬੰਧੀ ਸ਼ੁਰੂ ਕੀਤੇ ਵਿਆਪਕ ਪ੍ਰੋਜੈਕਟ ਦਾ ਹਿੱਸਾ ਹੈ ।
ਫਲਾਇੰਗ ਸਕੁਐਡ ਟੀਮਾਂ ਵੱਲੋਂ ਸੱਤ ਜ਼ਿਲ੍ਹਿਆਂ ਵਿੱਚ ਨਵੀਨੀਕਰਨ ਕਾਰਜਾਂ ਦਾ ਜਾਇਜ਼ਾ
ਖੇਤੀਬਾੜੀ ਮੰਤਰੀ ਨੇ ਕਿਹਾ ਕਿ ਸੜਕਾਂ ਦੇ ਨਵੀਨੀਕਰਨ (Road renovation) ਲਈ ਬਿਹਤਰੀਨ ਗੁਣਵੱਤਾ ਵਾਲੀ ਸਮੱਗਰੀ ਵਰਤੀ ਜਾ ਰਹੀ ਹੈ, ਪਰ ਉਨ੍ਹਾਂ ਨੇ ਨਾਲ ਹੀ ਸਖ਼ਤ ਚਿਤਾਵਨੀ ਦਿੱਤੀ ਕਿ ਜੇਕਰ ਕੋਈ ਠੇਕੇਦਾਰ ਸਮੱਗਰੀ ਦੀ ਗੁਣਵੱਤਾ ਨਾਲ ਸਮਝੌਤਾ ਕਰਦਾ ਪਾਇਆ ਗਿਆ ਤਾਂ ਉਸ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ । ਉਨ੍ਹਾਂ ਦੱਸਿਆ ਕਿ ਸੀ. ਐਮ. ਫਲਾਇੰਗ ਸਕੁਐਡ ਟੀਮਾਂ ਫ਼ੀਲਡ ਵਿੱਚ ਪੂਰੀ ਤਰ੍ਹਾਂ ਸਰਗਰਮ ਹਨ ਅਤੇ ਹੁਣ ਤੱਕ ਸੱਤ ਜ਼ਿਲ੍ਹਿਆਂ ਵਿੱਚ ਕਾਰਜਾਂ ਦਾ ਨਿਰੀਖਣ ਕਰ ਚੁੱਕੀਆਂ ਹਨ । ਉਨ੍ਹਾਂ ਦੱਸਿਆ ਕਿ ਇਹਨਾਂ ਜ਼ਿਲ੍ਹਿਆਂ ਵਿੱਚ ਫਰੀਦਕੋਟ, ਐਸ. ਬੀ. ਐਸ. ਨਗਰ, ਤਰਨ ਤਾਰਨ, ਸ੍ਰੀ ਮੁਕਤਸਰ ਸਾਹਿਬ, ਜਲੰਧਰ, ਪਟਿਆਲਾ ਅਤੇ ਗੁਰਦਾਸਪੁਰ ਸ਼ਾਮਲ ਹਨ ।
ਖੇਤੀਬਾੜੀ ਮੰਤਰੀ ਵੱਲੋਂ ਗੁਣਵੱਤਾ ਨਾਲ ਕਿਸੇ ਵੀ ਤਰ੍ਹਾਂ ਦੇ ਸਮਝੌਤੇ ਦੀ ਸੂਰਤ ਵਿੱਚ ਸਖ਼ਤ ਕਾਰਵਾਈ ਦੀ ਚਿਤਾਵਨੀ
ਖੁੱਡੀਆਂ ਨੇ ਦੱਸਿਆ ਕਿ ਪੰਜਾਬ ਵਿੱਚ ਕੁੱਲ 30,237 ਲਿੰਕ ਸੜਕਾਂ ਹਨ (There are a total of 30,237 link roads in Punjab) ਜਿਨ੍ਹਾਂ ਦੀ ਕੁੱਲ ਲੰਬਾਈ 64,878 ਕਿਲੋਮੀਟਰ ਹੈ। ਉਨ੍ਹਾਂ ਦੱਸਿਆ ਕਿ ਇਹਨਾਂ ਵਿੱਚੋਂ 33492 ਕਿਲੋਮੀਟਰ ਸੜਕਾਂ ਪੰਜਾਬ ਮੰਡੀ ਬੋਰਡ ਅਧੀਨ ਹਨ ਅਤੇ 31,386 ਕਿਲੋਮੀਟਰ ਸੜਕਾਂ ਲੋਕ ਨਿਰਮਾਣ ਵਿਭਾਗ (ਪੀ. ਡਬਲਯੂ. ਡੀ.) ਅਧੀਨ ਹਨ । ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਹੁਣ 19,491.56 ਕਿਲੋਮੀਟਰ ਦੀ ਕੁੱਲ ਲੰਬਾਈ ਵਾਲੀਆਂ 7,373 ਲਿੰਕ ਸੜਕਾਂ ਦੀ ਮੁਰੰਮਤ ਅਤੇ ਅਪਗ੍ਰੇਡੇਸ਼ਨ ਸਬੰਧੀ ਪ੍ਰੋਜੈਕਟ ਸ਼ੁਰੂ ਕੀਤਾ ਜਾ ਰਿਹਾ ਹੈ।
ਇਸ ਪ੍ਰੋਜੈਕਟ ‘ਤੇ 4,150.42 ਕਰੋੜ ਰੁਪਏ ਦੀ ਲਾਗਤ ਆਵੇਗੀ
ਉਨ੍ਹਾਂ ਕਿਹਾ ਕਿ ਇਸ ਪ੍ਰੋਜੈਕਟ ‘ਤੇ 4,150.42 ਕਰੋੜ ਰੁਪਏ ਦੀ ਲਾਗਤ ਆਵੇਗੀ, ਜਿਸ ਵਿੱਚ ਪੰਜ ਸਾਲਾਂ ਦੇ ਰੱਖ-ਰਖਾਅ ਦਾ ਖਰਚਾ ਵੀ ਸ਼ਾਮਲ ਹੈ। ਉਨ੍ਹਾਂ ਕਿਹਾ ਕਿ 3,424.67 ਕਰੋੜ ਰੁਪਏ ਮੁਰੰਮਤ ਅਤੇ ਅਪਗ੍ਰੇਡੇਸ਼ਨ ਲਈ ਖਰਚ ਕੀਤੇ ਜਾਣਗੇ ਜਦੋਂ ਕਿ 725.75 ਕਰੋੜ ਰੁਪਏ ਪੰਜ ਸਾਲਾਂ ਦੇ ਰੱਖ-ਰਖਾਅ ਲਈ ਖਰਚ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਇਨ੍ਹਾਂ ਸੜਕਾਂ ਲਈ ਕੀਤੇ ਗਏ ਆਰਟੀਫੀਸ਼ੀਅਲ ਇੰਟੈਲੀਜੈਂਸ (ਏ. ਆਈ.) ਸਰਵੇਖਣ ਦੇ ਨਤੀਜੇ ਵਜੋਂ 383.53 ਕਰੋੜ ਰੁਪਏ ਦੀ ਬੱਚਤ ਹੋਈ ਹੈ।
ਧੁੰਦ ਜਾਂ ਹਨੇਰੇ ਦੌਰਾਨ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਲਿੰਕ ਸੜਕਾਂ ਦੇ ਦੋਵੇਂ ਪਾਸੇ ਤਿੰਨ ਇੰਚ ਚੌੜੀ ਚਿੱਟੀ ਪੱਟੀ ਪੇਂਟ ਕੀਤੀ ਜਾਵੇਗੀ
ਖੇਤੀਬਾੜੀ ਮੰਤਰੀ ਨੇ ਦੱਸਿਆ ਕਿ ਧੁੰਦ ਜਾਂ ਹਨੇਰੇ ਦੌਰਾਨ ਜਨਤਕ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ, ਮੁਰੰਮਤ ਅਤੇ ਅੱਪਗ੍ਰੇਡ ਕੀਤੀਆਂ ਲਿੰਕ ਸੜਕਾਂ ‘ਤੇ 91.83 ਕਰੋੜ ਰੁਪਏ ਦੀ ਲਾਗਤ ਨਾਲ ਇੱਕ ਵਿਸ਼ੇਸ਼ ਸੜਕ ਸੁਰੱਖਿਆ ਪ੍ਰੋਜੈਕਟ ਲਾਗੂ ਕੀਤਾ ਜਾ ਰਿਹਾ ਹੈ । ਉਨ੍ਹਾਂ ਕਿਹਾ ਕਿ ਧੁੰਦ ਜਾਂ ਹਨੇਰੇ ਦੌਰਾਨ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਲਿੰਕ ਸੜਕਾਂ ਦੇ ਦੋਵੇਂ ਪਾਸੇ ਤਿੰਨ ਇੰਚ ਚੌੜੀ ਚਿੱਟੀ ਪੱਟੀ ਪੇਂਟ ਕੀਤੀ ਜਾਵੇਗੀ ।
Read More : ਗੁਰਮੀਤ ਸਿੰਘ ਖੁੱਡੀਆਂ ਨੇ 28 ਨਵੇਂ ਭਰਤੀ ਹੋਏ ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਸੌਂਪੇ









