ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਨਿਵਾਸ ਦੇ ਘਿਰਾਓ ਦਾ ਐਲਾਨ ਕਰਨ ਤੋਂ ਬਾਅਦ ਅੱਜ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਮੁੱਖ ਮੰਤਰੀ ਨਿਵਾਸ ਪਹੁੰਚੇ। ਜਿੱਥੇ ਉਨ੍ਹਾਂ ਨੇ ਅਕਾਲੀ ਆਗੂਆਂ ਨਾਲ ਮਿਲ ਕੇ ਮੁੱਖ ਮੰਤਰੀ ਦੀ ਰਿਹਾਇਸ਼ ਦਾ ਘਿਰਾਓ ਕੀਤਾ। ਇਸ ਦੌਰਾਨ ਮਜੀਠੀਆ ਨੇ ਕਿਹਾ ਕਿ ਸਰਕਾਰ ਨਾ ਤਾਂ ਕਿਸਾਨਾਂ ਲਈ ਕੁੱਝ ਕਰ ਰਹੀ ਹੈ ਅਤੇ ਨਾ ਹੀ ਮੁਲਾਜ਼ਮਾਂ ਲਈ, ਪਹਿਲੀ ਕੈਬਨਿਟ ਦਾ ਫੈਸਲਾ ਸੀ ਇਨ੍ਹਾਂ ਨੂੰ ਪੱਕਾ ਕਰਨਾ ਪਰ ਹੋਇਆ ਕੁੱਝ ਨਹੀਂ।
ਉਪ ਮੁੱਖ ਮੰਤਰੀ ‘ਤੇ ਨਿਸ਼ਾਨਾ ਸਾਧਦਿਆਂ ਮਜੀਠੀਆ ਨੇ ਕਿਹਾ ਕਿ ਕੱਲ੍ਹ ਦੀ ਸ਼ਬਦਾਵਲੀ ਬਹੁਤ ਗਲਤ ਸੀ। ਸਰਕਾਰ ਪੰਜਾਬ ਦੇ ਮੁੱਦੇ ਵੱਲ ਧਿਆਨ ਨਹੀਂ ਦੇ ਰਹੀ, ਸਿਰਫ਼ ਸਿਆਸਤ ਹੋ ਰਹੀ ਹੈ, ਇਸ ਤੋਂ ਉਪਰ ਕੁੱਝ ਵੀ ਨਹੀਂ ਹੈ। ਲੋਕਾਂ ਦੇ ਮੁੱਦੇ ਹੁਣ ਮੁੱਦੇ ਨਹੀਂ ਰਹੇ। ਉਨ੍ਹਾਂ ਨੂੰ ਇਹ ਵੀ ਦੇਖਣਾ ਚਾਹੀਦਾ ਹੈ ਕਿ ਜੇਕਰ ਲੋਕ ਆਪਣੀਆਂ ਸਮੱਸਿਆਵਾਂ ਸਰਕਾਰ ਨੂੰ ਨਹੀਂ ਦੱਸਣਗੇ ਤਾਂ ਉਹ ਕਿਸ ਨੂੰ ਦੱਸਣ।
ਦੱਸ ਦੇਈਏ ਕਿ ਬੀਤੇ ਦਿਨ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪ੍ਰੈੱਸ ਕਾਨਫਰੰਸ ਕਰਕੇ ਕਿਹਾ ਸੀ ਕਿ ਉਹ ਅੱਜ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਘਰ ਦਾ ਘਿਰਾਓ ਕਰਨਗੇ। ਇਸ ‘ਤੇ ਹੁਣ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਵੀ ਅੱਜ ਮੁੱਖ ਮੰਤਰੀ ਦੇ ਘਰ ਦਾ ਘਿਰਾਓ ਕਰ ਰਹੇ ਹਨ।