ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕਿਹਾ ਹੈ ਕਿ ਟੈਂਕੀ ’ਤੇ ਚੜ੍ਹਨ ਵਾਲਿਆਂ ਤੇ ਸਮਾਗਮਾਂ ’ਚ ਰੁਕਾਵਟ ਪਾਉਣ ਵਾਲਿਆਂ ’ਤੇ ਕੇਸ ਦਰਜ ਹੋਣਗੇ।
ਦੱਸ ਦਈਏ ਕਿ ਅੱਜ ਮੁੱਖ ਮੰਤਰੀ ਨੇ ਜਦੋਂ ਮਹਿਲ ਕਲਾਂ ਅਨਾਜ ਮੰਡੀ ਵਿਚ ਆਪਣਾ ਭਾਸ਼ਣ ਸ਼ੁਰੂ ਕੀਤਾ ਤਾਂ ਬੇਰੁਜ਼ਗਾਰਾਂ ਵੱਲੋਂ ਚਰਨਜੀਤ ਚੰਨੀ ਖ਼ਿਲਾਫ਼ ਨਾਅਰੇ ਲਾਏ ਗਏ। ਪੁਲਿਸ ਵੱਲੋਂ ਭਾਵੇਂ ਨਾਅਰੇ ਲਗਾਉਣ ਵਾਲੇ ਪ੍ਰਦਰਸ਼ਨਕਾਰੀਆਂ ਨੂੰ ਮੌਕੇ ’ਤੇ ਕਾਬੂ ਕਰ ਲਿਆ ਗਿਆ ਪਰ ਸ੍ਰੀ ਚੰਨੀ ਨੇ ਮੰਚ ਤੋਂ ਐਲਾਨ ਕੀਤਾ ਕਿ ਜੋ ਟੈਂਕੀ ’ਤੇ ਚੜ੍ਹ ਕੇ ਪ੍ਰਦਰਸ਼ਨ ਕਰਦੇ ਹਨ ਜਾਂ ਚੱਲ ਰਹੇ ਸਮਾਗਮ ਵਿੱਚ ਰੁਕਾਵਟ ਪਾਉਂਦੇ ਹਨ, ਉਨ੍ਹਾਂ ਖ਼ਿਲਾਫ਼ ਹੁਣ ਕੇਸ ਦਰਜ ਹੋਣਗੇ।
ਇਸ ਦੇ ਨਾਲ ਹੀ ਉਨ੍ਹਾਂ ਨੇ ਇਹ ਵੀ ਕਿਹਾ ਕਿ ਪ੍ਰਦਰਸ਼ਨਕਾਰੀ ਜਾਂ ਤਾਂ ਉਨ੍ਹਾਂ ਨਾਲ ਆ ਕੇ ਗੱਲ ਕਰਨ ਜਾਂ ਫਿਰ ਅਜਿਹੇ ਪ੍ਰਦਰਸ਼ਨਾਂ ਤੋਂ ਬਾਜ਼ ਆ ਜਾਣ।
ਮੁੱਖ ਮੰਤਰੀ ਚਰਨਜੀਤ ਚੰਨੀ ਨੇ ਕਿਹਾ ਕਿ ਜੇ ਦਸ ਹਜ਼ਾਰ ਦੇ ਇਕੱਠ ’ਚੋਂ ਦਸ ਬੰਦੇ ਆ ਕੇ ਪ੍ਰਦਰਸ਼ਨ ਕਰਦੇ ਹਨ ਤਾਂ ਉਨ੍ਹਾਂ ਖ਼ਿਲਾਫ਼ ਹੁਣ ਪਰਚੇ ਹੋਣਗੇ। ਜ਼ਿਕਰਯੋਗ ਹੈ ਕਿ ਜ਼ਿਲ੍ਹਾ ਬਰਨਾਲਾ ਵਿੱਚ ਅੱਜ ਮਹਿਲ ਕਲਾਂ ਬਰਨਾਲਾ ਅਤੇ ਤਪਾ ਮੰਡੀ ਵਿਖੇ ਚਰਨਜੀਤ ਚੰਨੀ ਦੀ ਫੇਰੀ ਦੌਰਾਨ ਬੇਰੁਜ਼ਗਾਰ ਆਂਗਨਵਾੜੀ ਕਿਸਾਨ ਜਥੇਬੰਦੀਆਂ ਆਦਿ ਨੇ ਰੋਸ ਪ੍ਰਦਰਸ਼ਨ ਕੀਤਾ।