ਮੁੱਖ ਮੰਤਰੀ ਭਗਵੰਤ ਮਾਨ ਨੇ ਮੰਗਲਵਾਰ ਨੂੰ ਆਪਣੇ ਜੱਦੀ ਪਿੰਡ ਸਤੌਜ ਵਿਖੇ ਪਹੁੰਚ ਕੇ ਕਿਸਾਨਾਂ ਨੂੰ ਝੋਨੇ ਦੀ ਸਿੱਧੀ ਬਿਜਾਈ ਬਾਰੇ ਜਾਗਰੂਕ ਕੀਤਾ। ਵੱਖ-ਵੱਖ ਪਿੰਡਾਂ ਤੋਂ ਆਏ ਕਿਸਾਨਾਂ ਦੇ ਵੱਡੇ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਵੱਲੋਂ ਝੋਨੇ ਦੀ ਸਿੱਧੀ ਬਿਜਾਈ ਕਰਨ ਵਾਸਤੇ ਹਰੇਕ ਕਿਸਾਨ ਨੂੰ 1500 ਰੁਪਏ ਪ੍ਰਤੀ ਏਕੜ ਦੇਣ ਦਾ ਐਲਾਨ ਕੀਤਾ ਹੈ।
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸਤੌਜ ਵਿਖੇ ਇੱਕ ਪ੍ਰੋਗਰਾਮ ‘ਚ ਬੋਲਦਿਆਂ ਕਿਹਾ ਕਿ ਪੰਜਾਬ ਸਰਕਾਰ ਇਸ ਸਾਲ ਮੂੰਗੀ, ਮੱਕੀ, ਸੂਰਜਮੁਖੀ, ਬਾਜਰੇ ‘ਤੇ ਘੱਟੋ-ਘੱਟ ਸਮਰਥਨ ਮੁੱਲ (MSP) ਦੇਵੇਗੀ। ਇਨ੍ਹਾਂ ਫਸਲਾਂ ਨੂੰ ਪੰਜਾਬ ਸਰਕਾਰ ਖਰੀਦੇਗੀ ਅਤੇ ਅੱਗੇ ਕਿਸੇ ਨੂੰ ਵੀ ਵੇਚਾਂਗੇ। ਉਨ੍ਹਾਂ ਕਿਹਾ ਕਿ ਸਿੱਧੀ ਬਿਜਾਈ ਕਰਨ ਵਾਲੇ ਕਿਸਾਨਾਂ ਨਾਲ ਭਗਵੰਤ ਮਾਨ ਖੁਦ ਗੱਲਬਾਤ ਕਰ ਰਹੇ ਹਨ।
ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਨਹਿਰੀ ਪਾਣੀ ਦੀ ਕਿਸੇ ਤਰ੍ਹਾਂ ਦੀ ਵੀ ਕਿੱਲਤ ਨਹੀਂ ਆਉਣ ਦਿੱਤੀ ਜਾਵੇਗੀ। ਪਾਣੀ ਨੂੰ ਜ਼ਹਿਰੀਲਾ ਕਰਨ ਵਾਲੀਆਂ ਫੈਕਟਰੀਆਂ ਦੇ ਮਾਲਕਾਂ ਨੂੰ ਇਕੋ ਵਾਰ ਬੁਲਾ ਕੇ ਅਗਾਹ ਕਰ ਦਿੱਤਾ ਹੈ ਕਿ ਉਹ ਗੰਦਾ ਪਾਣੀ ਦਰਿਆਵਾਂ ਵਿਚ ਨਾ ਸੁੱਟਣ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਆਉਂਦੇ ਦਿਨਾਂ ਵਿਚ ਹੋਰ ਵੀ ਬਹੁਤ ਸਾਰੇ ਵੱਡੇ ਫ਼ੈਸਲੇ ਲੋਕਾਂ ਦੇ ਹੱਕ ਵਿਚ ਲਏ ਜਾ ਰਹੇ ਹਨ।