ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿਖੇ ਪਹੁੰਚ ਚੁੱਕੇ ਹਨ। ਦੁਪਹਿਰ ਸਮੇਂ ਹੋਣ ਵਾਲੇ ਇਸ ਸਮਾਗਮ ਦੌਰਾਨ ਯੂਨੀਵਰਸਿਟੀ ਦੇ ਗੁਰੂ ਤੇਗ ਬਹਾਦਰ ਹਾਲ ਵਿਚ ਮੁੱਖ ਮੰਤਰੀ ਵੱਲੋਂ ਵਿਦਿਆਰਥੀਆਂ, ਅਧਿਆਪਕ ਅਤੇ ਸਮੂਹ ਸਟਾਫ ਨੂੰ ਸੰਬੋਧਨ ਕੀਤਾ ਜਾਵੇਗਾ। ਇਸ ਸੰਬੰਧੀ ਯੂਨੀਵਰਸਿਟੀ ਪ੍ਰਸ਼ਾਸਨ ਵੱਲੋਂ ਸਾਰਿਆਂ ਨੂੰ ਪੱਤਰ ਭੇਜ ਕੇ ਗੁਰੂ ਤੇਗ ਬਹਾਦਰ ਹਾਲ ਵਿੱਚ ਸਮੇਂ ਸਿਰ ਪੁੱਜਣ ਲਈ ਕਿਹਾ ਗਿਆ।
ਮੁੱਖ ਮੰਤਰੀ ਭਗਵੰਤ ਮਾਨ ਦੀ ਪਹਿਲੀ ਫੇਰੀ ਦੌਰਾਨ ਯੂਨੀਵਰਸਿਟੀ ਨੂੰ ਵਿੱਤੀ ਸਹਾਇਤਾ ਮਿਲਣ ਦੀ ਆਸ ਮੁੜ ਜਾਗੀ ਹੈ। ਦੱਸਣਾ ਬਣਦਾ ਹੈ ਕਿ ਯੂਨੀਵਰਸਿਟੀ ਵਿੱਤੀ ਸੰਕਟ ਨਾਲ ਜੂਝ ਰਹੀ ਹੈ। ਤਨਖਾਹਾਂ ਅਤੇ ਪੈਨਸ਼ਨ ਵੀ ਸਮੇਂ ਸਿਰ ਨਾ ਮਿਲ ਰਹੀਆਂ, ਉਥੇ ਹੀ ਕਈ ਪ੍ਰਾਜੈਕਟ ਪੂਰੇ ਨਹੀਂ ਹੋ ਰਹੇ ਹਨ। ਕਾਂਗਰਸ ਸਰਕਾਰ ਦੇ ਕਾਰਜਕਾਲ ਦੌਰਾਨ ਮੁੱਖ ਮੰਤਰੀ ਰਹੇ ਚਰਨਜੀਤ ਸਿੰਘ ਚੰਨੀ ਵੱਲੋਂ ਚੋਣਾਂ ਤੋਂ ਪਹਿਲਾਂ ਪੰਜਾਬੀ ਯੂਨੀਵਰਸਿਟੀ ਵਿੱਚ ਹੀ ਅਜਿਹੇ ਇਕ ਸਮਾਗਮ ਦੌਰਾਨ ਯੂਨੀਵਰਸਿਟੀ ਨੂੰ 20 ਕਰੋੜ ਦੀ ਪੱਕੀ ਗਰਾਂਟ ਅਤੇ 150 ਕਰੋੜ ਦਾ ਬੈਂਕ ਕਰਜਾ ਸਰਕਾਰ ਵਲੋਂ ਦਿੱਤੇ ਜਾਣ ਦਾ ਐਲਾਨ ਕੀਤਾ ਸੀ ਜੋ ਅਜੇ ਤੱਕ ਪੂਰਾ ਨਹੀਂ ਹੋਇਆ ਹੈ। ਹੁਣ ਭਗਵੰਤ ਸਿੰਘ ਮਾਨ ਦੀ ਇਸ ਫੇਰੀ ਦੌਰਾਨ ਯੂਨੀਵਰਸਿਟੀਆਂ ਕਰਜ਼ਾ ਮੁਕਤ ਅਤੇ ਗਰਾਂਟ ਮਿਲਣ ਦੀ ਆਸ ਹੈ।