ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਸਥਾਨਕ ਸਰਕਾਰਾਂ ਅਤੇ ਪੁਲਿਸ ਵਿਭਾਗਾਂ ਵਿੱਚ ਤਰਸ ਦੇ ਆਧਾਰ ‘ਤੇ ਨਿਯੁਕਤ ਹੋਏ 57 ਵਿਅਕਤੀਆਂ ਨੂੰ ਨਿਯੁਕਤੀ ਪੱਤਰ ਸੌਂਪੇ।
ਇੱਥੇ ਪੰਜਾਬ ਭਵਨ ਵਿਖੇ ਤਰਸ ਦੇ ਆਧਾਰ ‘ਤੇ ਨੌਕਰੀਆਂ ਲਈ ਨਿਯੁਕਤੀ ਪੱਤਰ ਸੌਂਪਦਿਆਂ ਮੁੱਖ ਮੰਤਰੀ ਨੇ ਉਨ੍ਹਾਂ ਦੇ ਕਰੀਅਰ ਦੀ ਸਫਲਤਾ ਅਤੇ ਬਿਹਤਰ ਭਵਿੱਖ ਦੀ ਕਾਮਨਾ ਕੀਤੀ। ਉਨ੍ਹਾਂ ਦੱਸਿਆ ਕਿ ਇਨ੍ਹਾਂ 57 ਨਿਯੁਕਤੀਆਂ ਵਿੱਚੋਂ 50 ਸਥਾਨਕ ਸਰਕਾਰਾਂ ਵਿਭਾਗ ਨਾਲ ਜਦਕਿ 7 ਪੁਲਿਸ ਵਿਭਾਗ ਨਾਲ ਸਬੰਧਤ ਹਨ। ਭਗਵੰਤ ਮਾਨ ਨੇ ਕਿਹਾ ਕਿ ਅੱਜ ਨਿਯੁਕਤ ਹੋਏ ਨੌਜਵਾਨਾਂ ਨੂੰ ਰੋਟੀ-ਰੋਜ਼ੀ ਕਮਾਉਣ ਵਾਲੇ ਪਰਿਵਾਰਕ ਜੀਅ ਦੇ ਗੁਜ਼ਰਨ ਤੋਂ ਬਾਅਦ ਕਈ ਔਕੜਾਂ ਵਿੱਚੋਂ ਲੰਘਣਾ ਪਿਆ।
ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੇ ਨਜ਼ਦੀਕੀਆਂ ਦਾ ਤੁਰ ਜਾਣਾ ਨਾ ਪੂਰਿਆ ਜਾਣ ਵਾਲਾ ਘਾਟਾ ਹੈ ਅਤੇ ਇਸ ਦੀ ਪੂਰਤੀ ਨਹੀਂ ਕੀਤੀ ਜਾ ਸਕਦੀ। ਹਾਲਾਂਕਿ, ਭਗਵੰਤ ਮਾਨ ਨੇ ਕਿਹਾ ਕਿ ਇਹ ਨਿਯੁਕਤੀਆਂ ਇਨ੍ਹਾਂ ਪਰਿਵਾਰਾਂ ਦੇ ਦੁੱਖ ਘਟਾਉਣ ਵਿੱਚ ਸਹਾਈ ਹੋਣ ਦੇ ਨਾਲ ਨਾਲ ਉਨ੍ਹਾਂ ਨੂੰ ਮਾਣ-ਇੱਜ਼ਤ ਅਤੇ ਸਨਮਾਨਜਨਕ ਢੰਗ ਨਾਲ ਜੀਵਨ ਬਸਰ ਕਰਨ ਵਿੱਚ ਮਦਦਗਾਰ ਸਾਬਤ ਹੋਣਗੀਆਂ। ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੇ ਪਹਿਲਾਂ ਹੀ ਸਾਰੇ ਵਿਭਾਗਾਂ ਨੂੰ ਤਰਸ ਦੇ ਆਧਾਰ ‘ਤੇ ਨਿਯੁਕਤੀਆਂ ਲਈ ਅਸਾਮੀਆਂ ਭਰਨ ਦੀ ਪ੍ਰਕਿਰਿਆ ਨੂੰ ਤੇਜ਼ ਕਰਨ ਲਈ ਕਿਹਾ ਹੈ।