ਚੰਡੀਗੜ੍ਹ, 2 ਮਈ 2025 – ਪੰਜਾਬ ‘ਚ ਪਾਣੀਆਂ ਦੇ ਮੁੱਦੇ ਨੂੰ ਲੈ ਕੇ ਅੱਜ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ‘ਚ ਆਲ ਪਾਰਟੀ ਮੀਟਿੰਗ ਹੋਈ। ਇਸ ਮੀਟਿੰਗ ਦੌਰਾਨ ਸਾਰੀਆਂ ਪਾਰਟੀਆਂ ਦੇ ਸਿਆਸੀ ਨੁਮਾਇੰਦੇ ਮੌਜੂਦ ਰਹੇ। ਮੀਟਿੰਗ ਖ਼ਤਮ ਹੋਣ ਮਗਰੋਂ ਪ੍ਰੈੱਸ ਕਾਨਫਰੰਸ ਕਰਦਿਆਂ ਮੁੱਖ ਮੰਤਰੀ ਮਾਨ ਨੇ ਕਿਹਾ ਕਿ ਮੀਟਿੰਗ ਦੌਰਾਨ ਪਾਣੀਆਂ ਦੇ ਮੁੱਦੇ ‘ਤੇ ਹਰ ਪਾਰਟੀ ਨੇ ਆਪੋ-ਆਪਣੇ ਵਿਚਾਰ ਸਾਂਝੇ ਕੀਤੇ ਹਨ। ਉਨ੍ਹਾਂ ਕਿਹਾ ਕਿ ਸਾਰੀਆਂ ਪਾਰਟੀਆਂ ਨੇ ਸਹਿਮਤੀ ਜਤਾਉਂਦੇ ਹੋਏ ਕਿਹਾ ਕਿ ਪੰਜਾਬ ਦੇ ਪਾਣੀਆਂ ਨੂੰ ਲੈ ਕੇ ਅਸੀਂ ਧੱਕੇਸ਼ਾਹੀ ਬਰਦਾਸ਼ਤ ਨਹੀਂ ਕਰਾਂਗੇ। ਇਸ ਮੌਕੇ ‘ਤੇ ਸਾਰੇ ਆਗੂ ਸਿਆਸਤ ਤੋਂ ਉੱਪਰ ਉੱਠ ਕੇ ਪੰਜਾਬ ਦੇ ਨਾਲ ਖੜ੍ਹੇ ਹਨ।
ਮੁੱਖ ਮੰਤਰੀ ਨੇ ਕਿਹਾ ਕਿ ਇਹ ਮੌਕਾ ਕੋਈ ਸਿਆਸੀ ਲਾਹਾ ਲੈਣ ਦਾ ਨਹੀਂ, ਸਗੋਂ ਪੰਜਾਬ ਦੀ ਲਾਈਫਲਾਈਨ ਪਾਣੀਆਂ ਬਾਰੇ ਹੈ। ਉਨ੍ਹਾਂ ਨੇ ਸਾਰੀਆਂ ਪਾਰਟੀਆਂ ਦੇ ਨੁਮਾਇੰਦੀਆਂ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਸੋਮਵਾਰ ਨੂੰ ਇਕ ਦਿਨ ਦਾ ਵਿਸ਼ੇਸ਼ ਇਜਲਾਸ ਪਾਣੀਆਂ ਦੇ ਮੁੱਦੇ ‘ਤੇ ਸੱਦਿਆ ਗਿਆ ਹੈ ਅਤੇ ਇਸ ਸਬੰਧੀ ਰਾਜਪਾਲ ਵਲੋਂ ਮਨਜ਼ੂਰੀ ਮਿਲ ਗਈ ਹੈ। ਮੁੱਖ ਮੰਤਰੀ ਨੇ ਕਿਹਾ ਕਿ ਮੀਟਿੰਗ ਦੌਰਾਨ ਕਾਫੀ ਵਿਸਥਾਰ ਪੂਰਵਕ ਪੰਜਾਬ ਦੇ ਹੱਕ ਦੀਆਂ ਗੱਲਾਂ ਹੋਈਆਂ। ਉਨ੍ਹਾਂ ਦੱਸਿਆ ਕਿ ਇਹ ਵੀ ਸੁਝਾਅ ਆਏ ਹਨ ਕਿ ਇਸ ਮੁੱਦੇ ‘ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਵੀ ਮੁਲਾਕਾਤ ਕੀਤੀ ਜਾ ਸਕਦੀ ਹੈ।
ਇਹ ਵੀ ਪੜ੍ਹੋ: ਅੱਗ ਲੱਗਣ ਦੀਆਂ ਘਟਨਾਵਾਂ ਤੋਂ ਜੰਗਲਾਤ ਵਿਭਾਗ ਅਲਰਟ: ਸਾਰੇ ਜ਼ਿਲ੍ਹਿਆਂ ਵਿੱਚ ਨੋਡਲ ਅਫ਼ਸਰ ਤਾਇਨਾਤ
ਮੁੱਖ ਮੰਤਰੀ ਨੇ ਕਿਹਾ ਕਿ ਭਾਜਪਾ ਆਗੂ ਸੁਨੀਲ ਜਾਖੜ ਨੇ ਵੀ ਸਹਿਮਤੀ ਜਤਾਈ ਹੈ ਕਿ ਪਾਣੀਆਂ ਦੇ ਮੁੱਦੇ ‘ਤੇ ਕੇਂਦਰ ਸਰਕਾਰ ਤੱਕ ਗੱਲ ਪਹੁੰਚਾਈ ਜਾਵੇਗੀ। ਮੁੱਖ ਮੰਤਰੀ ਨੇ ਕਿਹਾ ਕਿ ਅਸੀਂ ਭਾਈ ਘੱਨ੍ਹਈਆ ਜੀ ਦੇ ਵਾਰਸ ਹਾਂ ਅਤੇ ਸਭ ਨੂੰ ਪਾਣੀ ਪਿਆਉਣ ਵਾਲੇ ਹਾਂ ਪਰ ਸਾਡੇ ਕੋਲ ਵਾਧੂ ਦੇਣ ਲਈ ਪਾਣੀ ਦੀ ਇਕ ਬੂੰਦ ਵੀ ਨਹੀਂ ਹੈ।
ਇਸ ਮੌਕੇ ਮੀਡੀਆ ਨਾਲ ਗੱਲਬਾਤ ਕਰਦਿਆਂ ਸੁਨੀਲ ਜਾਖੜ ਨੇ ਕਿਹਾ ਕਿ ਪੰਜਾਬੀ ਧੱਕਾ ਬਰਦਾਸ਼ਤ ਨਹੀਂ ਕਰਦੇ, ਭਾਵੇਂ ਪਿਆਰ ਨਾਲ ਕੁੱਝ ਵੀ ਲੈ ਲਓ। ਜਿਸ ਤਰੀਕੇ ਨਾਲ ਇਸ ਮੁੱਦੇ ਨੂੰ ਰੱਖਿਆ ਗਿਆ, ਅਸੀਂ ਅਜਿਹਾ ਧੱਕਾ ਨਹੀਂ ਸਹਾਂਗੇ। ਸੁਨੀਲ ਜਾਖੜ ਨੇ ਇਸ ਮਸਲੇ ਨੂੰ ਦਿੱਲੀ ਤੱਕ ਪਹੁੰਚਾਉਣ ਦਾ ਭਰੋਸਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਸਿਆਸਤ ਤੋਂ ਦੂਰ ਪੰਜਾਬ ਦੀ ਬਿਹਤਰੀ ਲਈ ਅੱਜ ਅਸੀਂ ਸਾਰੇ ਇਕੱਠੇ ਹੋਏ ਹਾਂ ਅਤੇ ਉਹ ਹਮੇਸ਼ਾ ਪੰਜਾਬ ਨਾਲ ਖੜ੍ਹੇ ਹਨ।