ਚੰਡੀਗੜ੍ਹ, 7 ਸਤੰਬਰ 2025 : ਹਸਪਤਾਲ ਵਿੱਚ ਜ਼ੇਰੇ ਇਲਾਜ ਮੁੱਖ ਮੰਤਰੀ ਭਗਵੰਤ ਸਿੰਘ ਮਾਨ (Chief Minister Bhagwant Singh Mann) ਸੂਬਾ ਵਾਸੀਆਂ ਦੀ ਭਲਾਈ ਪ੍ਰਤੀ ਆਪਣੀ ਅਟੁੱਟ ਵਚਨਬੱਧਤਾ ਪ੍ਰਗਟਾਉਂਦਿਆਂ ਰਾਜ ਵਿੱਚ ਵੱਡੀ ਪੱਧਰ ‘ਤੇ ਚਲਾਏ ਜਾ ਰਹੇ ਰਾਹਤ ਅਤੇ ਬਚਾਅ ਕਾਰਜਾਂ ਦੀ ਨੇੜਿਓਂ ਨਿਗਰਾਨੀ ਕਰ ਰਹੇ ਹਨ । ਫੋਰਟਿਸ ਹਸਪਤਾਲ ਵਿੱਚ ਸਿਹਤਯਾਬ ਹੋ ਰਹੇ ਮੁੱਖ ਮੰਤਰੀ ਨੇ ਮੁੱਖ ਸਕੱਤਰ ਕੇ. ਏ. ਪੀ. ਸਿਨਹਾ, ਡੀ. ਜੀ. ਪੀ. ਗੌਰਵ ਯਾਦਵ ਅਤੇ ਹੋਰ ਸੀਨੀਅਰ ਅਧਿਕਾਰੀਆਂ ਨਾਲ ਹੜ੍ਹਾਂ ਸਬੰਧੀ ਸਮੀਖਿਆ ਮੀਟਿੰਗ ਕੀਤੀ।
ਮੁੱਖ ਮੰਤਰੀ ਨੇ ਰਾਹਤ ਅਤੇ ਬਚਾਅ ਕਾਰਜਾਂ ਦੀ ਸਮੀਖਿਆ ਕਰਨ ਲਈ ਮੁੱਖ ਸਕੱਤਰ ਅਤੇ ਡੀ. ਜੀ. ਪੀ. ਨਾਲ ਕੀਤੀ ਮੀਟਿੰਗ
ਹੜ੍ਹਾਂ ਕਾਰਨ ਪੈਦਾ ਹੋਏ ਗੰਭੀਰ ਹਾਲਾਤ ‘ਤੇ ਡੂੰਘੀ ਚਿੰਤਾ ਪ੍ਰਗਟਾਉਂਦਿਆਂ ਮੁੱਖ ਮੰਤਰੀ ਨੇ ਮੁੱਖ ਸਕੱਤਰ (Chief Secretary) ਨੂੰ ਨਿਰਦੇਸ਼ ਦਿੱਤੇ ਕਿ ਕੁਦਰਤੀ ਕਹਿਰ ਤੋਂ ਪ੍ਰਭਾਵਿਤ ਇੱਕ ਵੀ ਨਾਗਰਿਕ ਰਾਹਤ ਤੇ ਬੁਨਿਆਦੀ ਸਹੂਲਤਾਂ ਤੋਂ ਵਾਂਝਾ ਨਾ ਰਹੇ ਅਤੇ ਹਰੇਕ ਪ੍ਰਭਾਵਿਤ ਵਿਅਕਤੀ, ਖ਼ਾਸ ਕਰਕੇ ਜਿਹੜੇ ਹੜ੍ਹਾਂ ਦੇ ਪਾਣੀ ਕਾਰਨ ਮੁੱਖ ਧਾਰਾ ਤੋਂ ਕੱਟੇ ਗਏ ਹਨ, ਉਨ੍ਹਾਂ ਲਈ ਭੋਜਨ, ਡਾਕਟਰੀ ਸਹੂਲਤ ਸਣੇ ਹੋਰ ਲੋੜੀਂਦੀ ਸਹਾਇਤਾ ਯਕੀਨੀ ਬਣਾਈ ਜਾਵੇ ।
ਮੁੱਖ ਮੰਤਰੀ ਦੀ ਸਿਹਤ ਵਿੱਚ ਤੇਜ਼ੀ ਨਾਲ ਹੋ ਰਿਹਾ ਸੁਧਾਰ, ਇੱਕ-ਦੋ ਦਿਨਾਂ ‘ਚ ਛੁੱਟੀ ਮਿਲਣ ਦੀ ਉਮੀਦ : ਮੁੱਖ ਸਕੱਤਰ ਕੇ. ਏ. ਪੀ. ਸਿਨਹਾ
ਮੀਟਿੰਗ ਉਪਰੰਤ ਮੁੱਖ ਸਕੱਤਰ ਕੇ. ਏ. ਪੀ. ਸਿਨਹਾ (K. A. P. Sinha) ਨੇ ਦੱਸਿਆ ਕਿ ਮੁੱਖ ਮੰਤਰੀ ਦੀ ਸਿਹਤ ਵਿੱਚ ਸੁਧਾਰ ਹੋ ਰਿਹਾ ਹੈ ਅਤੇ ਇੱਕ-ਦੋ ਦਿਨਾਂ ਵਿੱਚ ਉਨ੍ਹਾਂ ਦੇ ਸਾਡੇ ਨਾਲ ਹੋਣ ਦੀ ਉਮੀਦ ਹੈ । ਮੁੱਖ ਮੰਤਰੀ ਦਾ ਸਾਰਾ ਧਿਆਨ ਹਾਲ ਹੀ ਵਿੱਚ ਆਏ ਹੜ੍ਹਾਂ ਅਤੇ ਭਾਰੀ ਬਾਰਿਸ਼ ਤੋਂ ਪ੍ਰਭਾਵਿਤ ਹਜ਼ਾਰਾਂ ਪਰਿਵਾਰਾਂ ਵੱਲ ਹੀ ਹੈ । ਉਨ੍ਹਾਂ ਅੱਗੇ ਦੱਸਿਆ ਕਿ ਪੰਜਾਬ ਸਰਕਾਰ ਹੜ੍ਹਾਂ ਪੀੜਤਾਂ ਦੀ ਹਰ ਸੰਭਵ ਸਹਾਇਤਾ ਕਰਨ ਅਤੇ ਉਹਨਾਂ ਦੇ ਟੁੱਟੇ ਹੋਏ ਘਰ ਦੁਬਾਰਾ ਬਣਾਉਣ ਲਈ ਇੱਕਜੁੱਟ ਅਤੇ ਦ੍ਰਿੜ ਹੈ ।
ਪੰਜਾਬ ਸਰਕਾਰ ਵੱਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਤੋਂ ਹੁਣ ਤੱਕ 22,938 ਲੋਕਾਂ ਨੂੰ ਬਾਹਰ ਕੱਢਿਆ ਗਿਆ
ਮੀਟਿੰਗ ਦੌਰਾਨ ਮੁੱਖ ਮੰਤਰੀ ਨੂੰ ਦੱਸਿਆ ਗਿਆ ਕਿ ਇਕੱਤਰ ਅੰਕੜਿਆਂ ਅਨੁਸਾਰ ਸੂਬੇ ਦੇ ਹੜ੍ਹ ਪ੍ਰਭਾਵਿਤ 23 ਜ਼ਿਲ੍ਹਿਆਂ ਦੇ 2050 ਪਿੰਡਾਂ ਵਿੱਚ 3,87,898 ਵਿਅਕਤੀ ਬੇਘਰ ਹੋ ਗਏ ਹਨ ਅਤੇ 20 ਲੱਖ ਤੋਂ ਵੱਧ ਲੋਕ ਪ੍ਰਭਾਵਿਤ ਹੋਏ ਹਨ । ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਹੁਣ ਤੱਕ 22,938 ਵਿਅਕਤੀਆਂ ਨੂੰ ਹੜ੍ਹ ਪ੍ਰਭਾਵਿਤ ਖੇਤਰਾਂ ਵਿਚੋਂ ਬਾਹਰ ਕੱਢਿਆ ਜਾ ਚੁੱਕਾ ਹੈ । ਇਸ ਤੋਂ ਇਲਾਵਾ ਸੂਬਾ ਸਰਕਾਰ ਵੱਲੋਂ 219 ਰਾਹਤ ਕੈਂਪ ਖੋਲ੍ਹੇ ਗਏ ਇਨ੍ਹਾਂ ਕੈਂਪਾਂ ਵਿੱਚ 5404 ਵਿਅਕਤੀਆਂ ਨੂੰ ਠਹਿਰਾਇਆ ਗਿਆ ਹੈ । ਉਨ੍ਹਾਂ ਦੱਸਿਆ ਕਿ ਸੂਬੇ ਦੇ ਕਈ ਜ਼ਿਲ੍ਹਿਆਂ ਵਿੱਚ ਹੁਣ ਤੱਕ ਕੁੱਲ 176980.05 ਹੈਕਟੇਅਰ ਫ਼ਸਲੀ ਰਕਬਾ ਪ੍ਰਭਾਵਿਤ ਹੋਇਆ ਹੈ । ਉਨ੍ਹਾਂ ਦੱਸਿਆ ਕਿ ਇਨ੍ਹਾਂ ਹੜ੍ਹਾਂ ਕਾਰਨ ਹੁਣ ਤੱਕ 48 ਵਿਅਕਤੀ ਆਪਣੀ ਜਾਨ ਗਵਾ ਚੁੱਕੇ ਹਨ, ਜਦਕਿ ਜ਼ਿਲ੍ਹਾ ਪਠਾਨਕੋਟ ਦੇ 3 ਵਿਅਕਤੀ ਲਾਪਤਾ ਹਨ ।
Read More : ਮੁੱਖ ਸਕੱਤਰ ਕੇ.ਏ.ਪੀ. ਸਿਨਹਾ ਸ੍ਰੀ ਦਰਬਾਰ ਸਾਹਿਬ ਵਿਖੇ ਹੋਏ ਨਤਮਸਤਕ