ਚੰਡੀਗੜ੍ਹ, 17 ਮਾਰਚ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੱਜ ਇੱਥੇ ਸੈਕਟਰ 5 ਸਥਿਤ ਉਪ-ਦਫ਼ਤਰ ਵਿਖੇ ਸੀਨੀਅਰ ਮੀਤ ਪ੍ਰਧਾਨ ਰਘੂਜੀਤ ਸਿੰਘ ਵਿਰਕ ਦੀ ਅਗਵਾਈ ਵਿੱਚ ਹੋਈ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਦੌਰਾਨ ਸਰਬਸੰਮਤੀ ਨਾਲ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦਾ ਅਸਤੀਫ਼ਾ ਅਪ੍ਰਵਾਨ ਕਰਦਿਆਂ ਉਨ੍ਹਾਂ ਨੂੰ ਸਿੱਖ ਸੰਸਥਾ ਦੇ ਮੁੱਖ ਸੇਵਾਦਾਰ ਦੀਆਂ ਸੇਵਾਵਾਂ ਤੁਰੰਤ ਸੰਭਾਲਣ ਦੀ ਅਪੀਲ ਕੀਤੀ ਗਈ ਹੈ। ਇਕੱਤਰਤਾ ਤੋਂ ਬਾਅਦ ਜਾਰੀ ਇੱਕ ਪ੍ਰੈੱਸ ਬਿਆਨ ਰਾਹੀਂ ਸ. ਰਘੂਜੀਤ ਸਿੰਘ ਵਿਰਕ ਨੇ ਦੱਸਿਆ ਕਿ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦਾ ਅਸਤੀਫ਼ਾ ਅਪ੍ਰਵਾਨ ਕਰਕੇ ਅੱਜ ਹੀ ਉਨ੍ਹਾਂ ਦੀ ਹੁਸ਼ਿਆਰਪੁਰ ਸਥਿਤ ਰਿਹਾਇਸ਼ ’ਤੇ ਸਾਰੇ ਅੰਤ੍ਰਿੰਗ ਕਮੇਟੀ ਮੈਂਬਰ ਜਾਣਗੇ ਅਤੇ ਉਨ੍ਹਾਂ ਨੂੰ ਸ਼੍ਰੋਮਣੀ ਕਮੇਟੀ ਦੇ ਪ੍ਰਧਾਨਗੀ ਪਦ ਦੀਆਂ ਸੇਵਾਵਾਂ ਤੁਰੰਤ ਸੰਭਾਲਣ ਲਈ ਕਹਿਣਗੇ।
ਲਏ ਗਏ ਕਈ ਵੱਡੇ ਫੈਸਲੇ
ਵਿਰਕ ਨੇ ਹੋਰ ਫੈਸਲਿਆਂ ਬਾਰੇ ਜਾਣਕਾਰੀ ਦਿੱਤੀ ਕਿ ਸਿੱਖ ਕੌਮ ਦੇ ਕੌਮੀ ਤਿਉਹਾਰ ਹੋਲਾ ਮਹੱਲਾ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਵੱਲੋਂ ਦਿੱਤੇ ਗਏ ਸੰਦੇਸ਼ ਦੀ ਰੋਸ਼ਨੀ ਵਿੱਚ ਕੇਂਦਰ ਸਰਕਾਰ ਦੀ ਨਵੀਂ ਸਿੱਖਿਆ ਨੀਤੀ ਦੀ ਪੜਚੋਲ ਕਰਨ ਵਾਸਤੇ ਅਕਾਦਮਿਕ ਵਿਦਵਾਨਾਂ ਦੀ ਇੱਕ ਕਮੇਟੀ ਬਣਾਉਣ ਨੂੰ ਪ੍ਰਵਾਨਗੀ ਦਿੱਤੀ ਗਈ ਹੈ। ਉਨ੍ਹਾਂ ਆਖਿਆ ਕਿ ਪੰਜਾਬ ਦੇ ਸੰਦਰਭ ਵਿੱਚ ਇਸ ਸਿੱਖਿਆ ਨੀਤੀ ਅੰਦਰ ਕੀ-ਕੀ ਸੁਧਾਰ ਲੋੜੀਂਦੇ ਹਨ, ਇਸ ਬਾਰੇ ਕਮੇਟੀ ਰਾਹੀਂ ਮੁਲਾਂਕਣ ਕੀਤਾ ਜਾਵੇਗਾ ਅਤੇ ਲੋੜੀਂਦੀ ਕਾਰਵਾਈ ਕੀਤੀ ਜਾਵੇਗੀ। ਇਹ ਕਮੇਟੀ ਪੰਜਾਬ ਗੁਰਮੁਖੀ ਨੂੰ ਮੌਜੂਦਾ ਚੁਣੌਤੀਆਂ ’ਤੇ ਵੀ ਮੰਥਨ ਕਰੇਗੀ ਅਤੇ ਜੋ ਵੀ ਸੁਝਾਅ ਸਾਹਮਣੇ ਆਉਣਗੇ ਉਸ ਨੂੰ ਕੇਂਦਰ ਸਰਕਾਰ ਦੇ ਸਾਹਮਣੇ ਰੱਖਿਆ ਜਾਵੇਗਾ।
ਕੇਂਦਰੀ ਮੰਤਰੀ ਧਰਮਿੰਦਰ ਪ੍ਰਧਾਨ ਦੇ ਪਿਤਾ ਦਾ ਦਿਹਾਂਤ, ਸ਼ਰਧਾਂਜਲੀ ਦੇਣ ਪਹੁੰਚੇ PM ਮੋਦੀ
ਵਿਰਕ ਨੇ ਇਹ ਵੀ ਦੱਸਿਆ ਕਿ ਸ਼੍ਰੋਮਣੀ ਕਮੇਟੀ ਵੱਲੋਂ ਜਥੇਦਾਰ ਸਾਹਿਬ ਦੇ ਆਦੇਸ਼ ਅਨੁਸਾਰ ਇੱਕ ਪ੍ਰਚੰਡ ਧਰਮ ਪ੍ਰਚਾਰ ਲਹਿਰ ਅਰੰਭੀ ਜਾਵੇਗੀ ਜੋ ਘਰ-ਘਰ ਤੱਕ ਪਹੁੰਚ ਕਰੇਗੀ। ਇਹ ਲਹਿਰ ਇਸੇ ਸਾਲ 13 ਅਪ੍ਰੈਲ ਨੂੰ ਖ਼ਾਲਸਾ ਸਾਜਨਾ ਦਿਵਸ ਵਿਸਾਖੀ ਮੌਕੇ ਸ਼ੁਰੂ ਕੀਤੀ ਜਾਵੇਗੀ। ਇਸ ਦੀ ਅਰੰਭਤਾ ਮੌਕੇ ਤਖ਼ਤ ਸਾਹਿਬਾਨਾਂ ’ਤੇ ਵੱਡੇ ਅੰਮ੍ਰਿਤ ਸੰਚਾਰ ਸਮਾਗਮ ਕੀਤੇ ਜਾਣਗੇ, ਜਿਨ੍ਹਾਂ ਵਿੱਚ ਹਜ਼ਾਰਾਂ ਦੀ ਗਿਣਤੀ ਅੰਦਰ ਸਿੱਖਾਂ ਨੂੰ ਅੰਮ੍ਰਿਤਪਾਨ ਕਰਵਾਇਆ ਜਾਵੇਗਾ।