ਚੰਡੀਗੜ੍ਹ, 6 ਅਗਸਤ 2025 : ਮੁੱਖ ਮੰਤਰੀ ਭਗਵੰਤ ਸਿੰਘ ਮਾਨ (Chief Minister Bhagwant Singh Mann) ਦੇ ਨਿਰਦੇਸ਼ਾਂ ’ਤੇ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਦੇ ਮੱਦੇਨਜ਼ਰ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀ. ਜੀ. ਪੀ.) ਪੰਜਾਬ ਗੌਰਵ ਯਾਦਵ ਨੇ ਮੰਗਲਵਾਰ ਨੂੰ ਸਾਰੇ ਰੇਂਜ ਆਈ. ਜੀ. ਪੀ. /ਡੀ. ਆਈ. ਜੀ, ਪੁਲਸ ਕਮਿਸ਼ਨਰ (ਸੀ. ਪੀ) ਅਤੇ ਸੀਨੀਅਰ ਸੁਪਰਡੈਂਟ ਆਫ਼ ਪੁਲਿਸ (ਐਸ. ਐਸ. ਪੀ.) ਨਾਲ ਇੱਕ ਰਾਜ ਪੱਧਰੀ ਮੀਟਿੰਗ (State level meeting) ਦੀ ਪ੍ਰਧਾਨਗੀ ਕੀਤੀ ਤਾਂ ਜੋ ‘ਯੁੱਧ ਨਸ਼ਿਆਂ ਵਿਰੁੱਧ’ (‘War on drugs’) ਅਧੀਨ ਚੱਲ ਰਹੇ ਨਸ਼ਾ ਰੋਕੂ ਯਤਨਾਂ ਨੂੰ ਲਾਗੂਕਰਨ, ਸਮੁੱਚੀ ਕਾਨੂੰਨ ਵਿਵਸਥਾ ਦੀ ਸਥਿਤੀ ਅਤੇ ਰਾਜ ਭਰ ਵਿੱਚ ਅੰਦਰੂਨੀ ਸੁਰੱਖਿਆ ਦਾ ਜਾਇਜ਼ਾ ਲਿਆ ਜਾ ਸਕੇ । ਇਸ ਦੌਰਾਨ ਡੀ. ਜੀ. ਪੀ. ਦੇ, ਨਾਲ ਸਪੈਸ਼ਲ ਡੀ. ਜੀ. ਪੀ. ਕਾਨੂੰਨ ਅਤੇ ਵਿਵਸਥਾ ਅਰਪਿਤ ਸ਼ੁਕਲਾ, ਸਪੈਸ਼ਲ ਡੀ. ਜੀ. ਪੀ. (ਇੰਟੈਲੀਜੈਂਸ) ਪ੍ਰਵੀਨ ਕੁਮਾਰ ਸਿਨਹਾ, ਏ. . ਡੀ. ਜੀ. ਪੀ. ਐਂਟੀ-ਨਾਰਕੋਟਿਕਸ ਟਾਸਕ ਫੋਰਸ (ਏ. ਐਨ. ਟੀ. ਐਫ.) ਨੀਲਾਭ ਕਿਸ਼ੋਰ, ਏ. ਡੀ. ਜੀ. ਪੀ. ਐਂਟੀ-ਗੈਂਗਸਟਰ ਟਾਸਕ ਫੋਰਸ (ਏ. ਜੀ. ਟੀ. ਐਫ.) ਪ੍ਰਮੋਦ ਬਾਨ ਅਤੇ ਏ. ਡੀ. ਜੀ. ਪੀ. (ਕਾਊਂਟਰ ਇੰਟੈਲੀਜੈਂਸ ) ਅਮਿਤ ਪ੍ਰਸਾਦ ਵੀ ਮੌਜੂਦ ਸਨ ।
ਮੀਟਿੰਗ ਦੌਰਾਨ, ਸੀਨੀਅਰ ਅਧਿਕਾਰੀਆਂ ਨੇ ਫੀਲਡ ਅਧਿਕਾਰੀਆਂ ਨੂੰ ਸਰਹੱਦ ਪਾਰੋਂ ਹੁੰਦੀ ਨਸ਼ਾ ਤਸਕਰੀ, ਪਾਕਿਸਤਾਨ-ਸਮਰਥਿਤ ਅੱਤਵਾਦ, ਸੰਗਠਿਤ ਅਪਰਾਧ ਨੈੱਟਵਰਕ ਅਤੇ ਕਾਨੂੰਨ ਵਿਵਸਥਾ ਦੇ ਅਹਿਮ ਮਸਲਿਆਂ ਬਾਰੇ ਵੀ ਜਾਣਕਾਰੀ ਦਿੱਤੀ। ਡੀ. ਜੀ. ਪੀ. ਗੌਰਵ ਯਾਦਵ ਨੇ ਕਿਹਾ ਕਿ ਅਸੀਂ 1 ਮਾਰਚ, 2025 ਨੂੰ ਸ਼ੁਰੂ ਕੀਤੀ ਰਾਜ-ਵਿਆਪੀ ਨਸ਼ਾ ਵਿਰੋਧੀ ਮੁਹਿੰਮ ‘ਯੁੱਧ ਨਸ਼ਿਆ ਵਿਰੁੱਧ’ ਦੀ ਪ੍ਰਗਤੀ ਦੀ ਵੀ ਸਮੀਖਿਆ ਕੀਤੀ ਅਤੇ ਨਸ਼ਿਆਂ ਵਿਰੁੱਧ ਇਸ ਚੱਲ ਰਹੀ ਜੰਗ ਨੂੰ ਹੋਰ ਮਜ਼ਬੂਤ ਕਰਨ ਲਈ ਰਣਨੀਤਕ ਵਿਚਾਰ-ਵਟਾਂਦਰਾ ਵੀ ਕੀਤਾ ।
ਉਨ੍ਹਾਂ ਨੇ ਏ. ਐਨ. ਟੀ. ਐਫ. ਦੀ ਦੋਹਰੀ ਪਹੁੰਚ – ਜ਼ਮੀਨੀ ਪੱਧਰ ’ਤੇ ਸਰਗਰਮੀ ਨਾਲ ਲਾਗੂਕਰਨ ਅਤੇ ਮਜ਼ਬੂਤ ਭਾਈਚਾਰਕ ਅਗਵਾਈ ਨਾਲ ਰੋਕਥਾਮ – ’ਤੇ ਜ਼ੋਰ ਦਿੱਤਾ ਤਾਂ ਜੋ ਨਸ਼ਾ ਮੁਕਤ ਅਤੇ ਸੁਰੱਖਿਅਤ ਪੰਜਾਬ ਬਣਾਇਆ ਜਾ ਸਕੇ। ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੇ ਨਤੀਜੇ ਸਾਂਝੇ ਕਰਦਿਆਂ ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਨੇ 1 ਮਾਰਚ, 2025 ਤੋਂ ਹੁਣ ਤੱਕ 15,671 ਐਫ. ਆਈ. ਆਰਜ਼. ਦਰਜ ਕੀਤੀਆਂ ਹਨ ਅਤੇ 24,639 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ ਅਤੇ ਉਨ੍ਹਾਂ ਦੇ ਕਬਜ਼ੇ ਚੋਂ 1020 ਕਿਲੋ ਹੈਰੋਇਨ, 330 ਕਿਲੋ ਅਫੀਮ, 21 ਟਨ ਭੁੱਕੀ, 14 ਕਿਲੋ ਚਰਸ, 377 ਕਿਲੋ ਗਾਂਜਾ, 6.3 ਕਿਲੋ ਆਈ. ਸੀ. ਈ., 3.3 ਕਿਲੋ ਕੋਕੀਨ, 31.74 ਲੱਖ ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 12.25 ਕਰੋੜ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਹੈ । ਮੀਟਿੰਗ ਦੌਰਾਨ, ਡੀਜੀਪੀ ਨੇ ਆਉਣ ਵਾਲੇ ਆਜ਼ਾਦੀ ਦਿਵਸ ਦੇ ਜਸ਼ਨਾਂ ਲਈ ਰਾਜ ਪੱਧਰੀ ਤਿਆਰੀਆਂ ਦੀ ਵੀ ਸਮੀਖਿਆ ਕੀਤੀ ਹੈ ਅਤੇ ਸਾਰੀਆਂ ਫੀਲਡ ਯੂਨਿਟਾਂ ਨੂੰ ਹਾਈ ਅਲਰਟ ’ਤੇ ਰਹਿਣ ਅਤੇ ਸੁਰੱਖਿਆ ਪ੍ਰਬੰਧਾਂ ਨੂੰ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ।
ਡੀ. ਜੀ. ਪੀ. ਗੌਰਵ ਯਾਦਵ (D. G. P. Gaurav Yadav) ਨੇ ਦੱਸਿਆ ਕਿ ਸੁਰੱਖਿਆ ਪ੍ਰਬੰਧਾਂ ਦੀ ਸਮੀਖਿਆ ਕੀਤੀ ਗਈ ਹੈ ਅਤੇ ਆਉਣ ਵਾਲੇ ਆਜ਼ਾਦੀ ਦਿਵਸ ਦੇ ਜਸ਼ਨਾਂ ਤੋਂ ਪਹਿਲਾਂ ਸਾਰੀਆਂ ਮਹੱਤਵਪੂਰਨ ਥਾਵਾਂ ’ਤੇ ਪੁਲਿਸ ਦੀ ਮੌਜੂਦਗੀ ਨੂੰ ਯਕੀਨੀ ਬਣਾ ਕੇ ਸ਼ਾਂਤੀ ਅਤੇ ਸਦਭਾਵਨਾ ਬਣਾਈ ਰੱਖਣ,ਪੁਲਿਸ ਡੌਮੀਨੇਸ਼ਨ ਆਪ੍ਰੇਸ਼ਨਾਂ ਵਿੱਚ ਤੇਜ਼ੀ ਲਿਆਉਣ ਅਤੇ ਹੋਰ ਰੋਕਥਾਮ ਅਤੇ ਜਾਸੂਸੀ ਉਪਾਅ ਕਰਨ ਲਈ ਢੁਕਵੇਂ ਨਿਰਦੇਸ਼ ਦਿੱਤੇ ਗਏ ਹਨ ।
ਉਨ੍ਹਾਂ ਨੇ ਸੀ. ਪੀ./ਐਸ. ਐਸ. ਪੀ. ਨੂੰ ਸਾਰੇ ਪੁਲਸ ਅਦਾਰਿਆਂ ਦਾ ‘ਮੈਨਪਾਵਰ ਆਡਿਟ’ ਕਰਨ ਅਤੇ ਪੁਲਸ ਕਰਮਚਾਰੀਆਂ ਨੂੰ ਨਾਨ -ਕੋਰ ਡਿਊਟੀਆਂ ਤੋਂ ਹਟਾਉਣ ਦੇ ਵੀ ਨਿਰਦੇਸ਼ ਦਿੱਤੇ ਤਾਂ ਜੋ ਵਿਸ਼ੇਸ਼ ਕਰਕੇ ਭੀੜ-ਭੜੱਕੇ ਵਾਲੀਆਂ ਥਾਵਾਂ ’ਤੇ ਪੁਲਿਸ ਦੀ ਮੌਜੂਦਗੀ ਨੂੰ ਯਕੀਨੀ ਬਣਾਇਆ ਜਾ ਸਕੇ। ਉਨ੍ਹਾਂ ਜ਼ਿਲ੍ਹਾ ਪੁਲਸ ਮੁਖੀਆਂ ਨੂੰ ਆਪੋ-ਆਪਣੇ ਅਧਿਕਾਰ ਖੇਤਰਾਂ ਵਿੱਚ ਪੁਲਿਸ ਨਾਕੇ ਵਧਾਉਣ ਅਤੇ ਹਰੇਕ ਨਾਕੇ ’ਤੇ ਵੱਧ ਤੋਂ ਵੱਧ ਵਾਹਨਾਂ ਦੀ ਜਾਂਚ ਨੂੰ ਯਕੀਨੀ ਬਣਾਉਣ ਦੇ ਨਿਰਦੇਸ਼ ਵੀ ਦਿੱਤੇ । ਡੀ. ਜੀ. ਪੀ. ਨੇ ਕਿਹਾ ਕਿ ਨਸ਼ਿਆਂ ਵਿਰੁੱਧ ਚੱਲ ਰਹੀ ਫੈਸਲਾਕੁੰਨ ਜੰਗ ਤੋਂ ਇਲਾਵਾ, ਸੰਗਠਿਤ ਅਪਰਾਧ, ਗੈਂਗਸਟਰਾਂ ਅਤੇ ਪਾਕਿਸਤਾਨ-ਪ੍ਰਯੋਜਿਤ ਅੱਤਵਾਦੀ ਗਤੀਵਿਧੀਆਂ ਵਿਰੁੱਧ ਕਾਰਵਾਈ ਪੰਜਾਬ ਪੁਲਸ ਦੀ ਸਭ ਤੋਂ ਵੱਡੀ ਤਰਜੀਹ ਰਹੀ ਹੈ ਅਤੇ ਸਾਰੇ ਵੱਡੇ ਮਾਮਲਿਆਂ ਵਿੱਚ ਦੋਸ਼ੀਆਂ ਦੀ ਪਛਾਣ ਕੀਤੀ ਗਈ ਹੈ ।
Read More : ‘‘ਯੁੱਧ ਨਸ਼ਿਆਂ ਵਿਰੁੱਧ’ ਦਾ 82ਵਾਂ ਦਿਨ: 15.9 ਕਿਲੋਗ੍ਰਾਮ ਹੈਰੋਇਨ, 25.52 ਲੱਖ ਰੁਪਏ ਦੀ ਡਰੱਗ ਮਨੀ ਸਮੇਤ 101 ਨਸ਼ਾ ਤਸਕਰ ਕਾਬੂ