DC ਫਰੀਦਕੋਟ ਡਾ.ਰੂਹੀ ਦੁੱਗ ਨੇ ਅਹੁਦਾ ਸੰਭਾਲਿਆ

0
65

ਪੰਜਾਬ ਸਰਕਾਰ ਵੱਲੋਂ ਜਾਰੀ ਕੀਤੇ ਗਏ ਆਦੇਸ਼ਾਂ ਤਹਿਤ ਡਾ. ਰੂਹੀ ਦੁੱਗ ਆਈ.ਏ.ਐਸ ਨੂੰ ਜ਼ਿਲ੍ਹਾ ਫਰੀਦਕੋਟ ਦਾ ਡਿਪਟੀ ਕਮਿਸ਼ਨਰ ਲਗਾਇਆ ਗਿਆ ਹੈ। ਉਨ੍ਹਾ ਨੇ ਅੱਜ ਆਪਣਾ ਅਹੁਦਾ ਸੰਭਾਲ ਲਿਆ। ਉਨ੍ਹਾਂ ਅਹੁਦਾ ਸੰਭਾਲਣ ਮੌਕੇ ਅਧਿਕਾਰੀਆਂ ਤੋਂ ਕਣਕ ਦੀ ਖਰੀਦ ਤੋਂ ਇਲਾਵਾ ਵਿਕਾਸ ਕਾਰਜਾਂ ਆਦਿ ਸਬੰਧੀ ਜਾਣਕਾਰੀ ਲਈ।

ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਬਾਬਾ ਫਰੀਦ ਜੀ ਦੀ ਪਵਿੱਤਰ ਧਰਤੀ ਫਰੀਦਕੋਟ ਜ਼ਿਲ੍ਹੇ ਵਿੱਚ ਪੰਜਾਬ ਸਰਕਾਰ ਦੇ ਆਦੇਸ਼ਾਂ ਅਨੁਸਾਰ ਡੀ.ਸੀ. ਵਜੋਂ ਸੇਵਾ ਕਰਨ ਦਾ ਮੌਕਾ ਮਿਲਿਆ ਹੈ ਤੇ ਉਹ ਲੋਕਾਂ ਨੂੰ ਸਮਾਂਬੱਧ ਸੇਵਾਵਾਂ ਦੇਣ ਵਿੱਚ ਕੋਈ ਕਸਰ ਬਾਕੀ ਨਹੀਂ ਛੱਡਣਗੇ।

ਉਨ੍ਹਾਂ ਕਿਹਾ ਕਿ ਜਲਦੀ ਹੀ ਪਿੰਡਾਂ, ਵਾਰਡਾਂ ਵਿੱਚ ਜਾ ਕੇ ਲੋਕਾਂ ਦੀਆਂ ਮੁਸ਼ਕਲਾਂ ਸੁਣੀਆਂ ਜਾਣਗੀਆਂ ਤੇ ਉਨ੍ਹਾਂ ਦਾ ਮੌਕੇ ਤੇ ਹੀ ਹੱਲ ਕੀਤਾ ਜਾਵੇਗਾ। ਡਾ.ਰੂਹੀ ਦੁੱਗ ਨੇ ਕਿਹਾ ਕਿ ਜ਼ਿਲ੍ਹਾ ਫਰੀਦਕੋਟ ਵਿੱਚ ਕਣਕ ਦੀ ਸਰਕਾਰੀ ਖਰੀਦ ਸ਼ੁਰੂ ਹੋ ਗਈ ਹੈ । ਇਸ ਕੰਮ ਨੂੰ ਸਫਲਤਾ ਪੂਰਵਕ ਨੇਪਰੇ ਚਾੜ੍ਹਨ ਲਈ ਕਿਸਾਨ ਅਤੇ ਹੋਰ ਧਿਰਾਂ ਜ਼ਿਲ੍ਹਾ ਪ੍ਰਸ਼ਾਸ਼ਨ ਨੂੰ ਸਹਿਯੋਗ ਦੇਣ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਕਿਸੇ ਵੀ ਹਾਲ ਵਿੱਚ ਕਣਕ ਦੇ ਨਾੜ ਨੂੰ ਨਾ ਸਾੜਨ।

ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਜਨ ਹਿੱਤ ਸੇਵਾਵਾਂ ਤੈਅ ਸਮਾਂ ਸੀਮਾ ਵਿਚ ਦਿੱਤੀਆਂ ਜਾਣ। ਹਰ ਤਰ੍ਹਾਂ ਦੇ ਦਬਾਅ ਤੋਂ ਮੁਕਤ ਹੋ ਕੇ ਕੰਮ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਉੱਤੇ ਸਰਕਾਰੀ ਕੰਮਾਂ ਕਾਰਾਂ ਵਿਚ ਪਾਰਦਰਸ਼ਤਾ, ਨਿਰੰਤਰਤਾ ਅਤੇ ਤੇਜ਼ੀ ਲਿਆਉਣ ਦੇ ਨਾਲ ਨਾਲ ਜ਼ਿਲ੍ਹਾ ਫ਼ਰੀਦਕੋਟ ਵਾਸੀਆਂ ਨੂੰ ਵਧੀਆ ਪ੍ਰਸ਼ਾਸ਼ਕੀ ਸੇਵਾਵਾਂ ਦੇਣਾ ਉਨ੍ਹਾਂ ਦੀ ਸਭ ਤੋਂ ਵੱਡੀ ਪ੍ਰਾਥਮਿਕਤਾ ਰਹੇਗੀ। ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਵੀ ਅਪੀਲ ਕੀਤੀ ਕਿ ਉਹ ਜ਼ਿਲ੍ਹਾ ਫ਼ਰੀਦਕੋਟ ਦੇ ਵਿਕਾਸ ਅਤੇ ਹੋਰ ਕਾਰਜਾਂ ਵਿਚ ਜ਼ਿਲ੍ਹਾ ਪ੍ਰਸ਼ਾਸ਼ਨ ਦਾ ਸਹਿਯੋਗ ਕਰਨ। ਇਥੇ ਪਹੁੰਚਣ ਤੇ ਉਨ੍ਹਾਂ ਨੂੰ ਪੁਲਿਸ ਦੀ ਟੁਕੜੀ ਵੱਲੋਂ ਸਲਾਮੀ ਵੀ ਦਿੱਤੀ ਗਈ।

ਜਿਕਰਯੋਗ ਹੈ ਕਿ ਡਾ.ਰੂਹੀ ਦੁੱਗ 2014 ਬੈਚ ਦੇ ਆਈ ਏ ਐਸ ਅਧਿਕਾਰੀ ਹਨ। ਇਸ ਤੋਂ ਪਹਿਲਾਂ ਉਹ ਰਜਿਸਟਰਾਰ ਬਾਬਾ ਫਰੀਦ ਯੂਨੀਵਰਸਿਟੀ ਆਫ ਹੈਲਥ ਸਾਇੰਸਜ਼ ਅਤੇ ਏ.ਡੀ.ਸੀ(ਯੂ.ਡੀ) ਅੰਮ੍ਰਿਤਸਰ ਸਮੇਤ ਵੱਖ ਵੱਖ ਪ੍ਰਸ਼ਾਸਨਿਕ ਅਹੁਦਿਆਂ ਤੇ ਸੇਵਾਵਾਂ ਨਿਭਾ ਚੁੱਕੇ ਹਨ।

ਇਸ ਮੌਕੇ ਵਧੀਕ ਡਿਪਟੀ ਕਮਿਸ਼ਰ ਸ. ਰਾਜਦੀਪ ਸਿੰਘ ਬਰਾੜ, ਵਧੀਕ ਡਿਪਟੀ ਕਮਿਸ਼ਨਰ (ਯੂ.ਡੀ) ਸ.ਪਰਮਦੀਪ ਸਿੰਘ,ਸ੍ਰੀ ਬਾਲ ਕ੍ਰਿਸ਼ਨ ਸਿੰਗਲਾ ਐਸ.ਪੀ., ਐਸ.ਡੀ.ਐਮ ਫਰੀਦਕੋਟ ਮੈਡਮ ਬਲਜੀਤ ਕੌਰ, ਐਸ.ਡੀ.ਐਮ ਕੋਟਕਪੂਰਾ ਸ੍ਰੀ ਵਰਿੰਦਰ ਸਿੰਘ, ਐਸ.ਡੀ.ਐਮ ਜੈਤੋ ਡਾ. ਨਿਰਮਲ ਓਸੇਪਚਨ ਸਮੇਤ ਦਫਤਰੀ ਸਟਾਫ ਤੇ ਅਧਿਕਾਰੀ ਹਾਜ਼ਰ ਸਨ।

LEAVE A REPLY

Please enter your comment!
Please enter your name here