ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਪਿੰਡ ਭੋਤਨਾ ’ਚ ਸੂਬਾ ਕਮੇਟੀ ਦੀ ਮੀਟਿੰਗ ਜੋਗਿੰਦਰ ਸਿੰਘ ਉਗਰਾਹਾਂ ਦੀ ਪ੍ਰਧਾਨਗੀ ਹੇਠ ਕੀਤੀ ਗਈ। ਜਥੇਬੰਦੀ ਦੇ ਜਨਰਲ ਸਕੱਤਰ ਸੁਖਦੇਵ ਸਿੰਘ ਕੋਕਰੀ ਕਲਾਂ ਨੇ ਦੱਸਿਆ ਕਿ ਧਰਤੀ ਹੇਠਲੇ ਪਾਣੀ ਦੇ ਬਚਾਓ ਅਤੇ ਬਿਜਲੀ ਦੀ ਕਿੱਲਤ ਦੇ ਮੱਦੇਨਜ਼ਰ ਜਥੇਬੰਦੀ ਵਲੋਂ ਲਗਾਤਾਰ ਜਾਗ੍ਰਿਤੀ ਮੁਹਿੰਮ ਪੰਜਾਬ ਪੱਧਰ ’ਤੇ ਚਲਾਈ ਜਾ ਰਹੀ ਹੈ।
ਇਸ ਦੇ ਅਗਲੇ ਪੜਾਅ ਤਹਿਤ 6 ਤੋਂ 10 ਜੂਨ ਤੱਕ ਪੰਜਾਬ ਭਰ ਵਿੱਚ ਪਿੰਡ-ਪਿੰਡ ਪਾਣੀ ਦੀਆਂ ਟੈਂਕੀਆਂ ਜਾਂ ਹੋਰ ਸਾਂਝੀਆਂ ਥਾਵਾਂ ’ਤੇ ਪੰਜ ਰੋਜ਼ਾ ਪੱਕੇ ਧਰਨੇ ਲਾਏ ਜਾਣਗੇ। ਉਨ੍ਹਾਂ ਕਿਹਾ ਕਿ ਭਾਵੇਂ ਪੰਜਾਬ ਸਰਕਾਰ ਝੋਨੇ ਦੀ ਸਿੱਧੀ ਬਿਜਾਈ ਲਈ ਕਿਸਾਨਾਂ ਨੂੰ ਪ੍ਰੇਰਿਤ ਕਰ ਰਹੀ ਹੈ, ਪ੍ਰੰਤੂ ਇਸ ਲਈ ਜੋਖਮ ਭੱਤਾ ਸਿਰਫ਼ 1500 ਰੁਪਏ ਹੈ, ਜਦਕਿ ਇਸ ਨੂੰ ਵਧਾ ਕੇ 10 ਹਜ਼ਾਰ ਰੁਪਏ ਕੀਤਾ ਜਾਣਾ ਚਾਹੀਦਾ ਹੈ।
ਉਨ੍ਹਾਂ ਕਿਹਾ ਕਿ ਜਥੇਬੰਦੀ ਧਰਤੀ ਹੇਠਲੇ ਪਾਣੀ ਦੇ ਡਿੱਗ ਰਹੇ ਪੱਧਰ ਲਈ ਚਿੰਤਤ ਹੈ, ਜਿਸ ਕਰਕੇ ਇਹ ਮੁਹਿੰਮ ਚਲਾਈ ਗਈ ਹੈ। ਸੂਬਾ ਕਮੇਟੀ ਵੱਲੋਂ ਮਤਾ ਪਾਸ ਕਰਕੇ ਪੰਜਾਬ ਭਰ ਦੇ ਸਮੂਹ ਕਿਸਾਨਾਂ, ਮਜ਼ਦੂਰਾਂ, ਕਿਰਤੀਆਂ, ਜਮਹੂਰੀ ਕਾਰਕੁਨਾਂ ਅਤੇ ਸਮਾਜਸੇਵੀਆਂ ਨੂੰ ਇਸ ਸਰਬ ਸਾਂਝੇ ਅਤਿ ਗੰਭੀਰ ਮਸਲੇ ਦੇ ਹੱਲ ਲਈ ਇਸ ਸੰਘਰਸ਼ ਵਿੱਚ ਵੱਧ ਚੜ੍ਹ ਕੇ ਸ਼ਾਮਲ ਹੋਣ ਦਾ ਸੱਦਾ ਦਿੱਤਾ ਗਿਆ।
ਦੂਜੇ ਪਾਸੇ ਭਾਰਤੀ ਕਿਸਾਨ ਯੂਨੀਅਨ ਰੁਲਦੂ ਸਿੰਘ ਮਾਨਸਾ ਦੀ ਜ਼ਿਲ੍ਹਾ ਪਧਰੀ ਮੀਟਿੰਗ ਮਲੋਟ ਵਿਖੇ ਹੋਈ। ਮੀਟਿੰਗ ਵਿਚ ਯੂਨੀਅਨ ਦੇ ਸੂਬਾ ਪ੍ਰਧਾਨ ਰੁਲਦੂ ਸਿੰਘ ਮਾਨਸਾ ਵਿਸ਼ੇਸ਼ ਤੌਰ ’ਤੇ ਪੁਜੇ। ਮੀਟਿੰਗ ਵਿਚ ਕਿਸਾਨਾਂ ਦੀਆਂ ਸਮੱਸਿਆਵਾਂ ਅਤੇ ਮੰਗਾਂ ਬਾਰੇ ਵਿਚਾਰ ਵਟਾਂਦਰਾ ਕਰਦਿਆਂ ਸੂਬਾ ਪ੍ਰਧਾਨ ਨੇ ਮੰਗ ਕੀਤੀ ਕਿ ਪੰਜਾਬ ਸਰਕਾਰ ਝੋਨੇ ਦੀ ਸਿਧੀ ਬਿਜਾਈ ਲਈ ਕਿਸਾਨਾਂ ਨੂੰ ਪ੍ਰਤੀ ਏਕੜ 10 ਹਜ਼ਾਰ ਰੁਪਏ ਦੇਵੇ।
ਸੂਬਾ ਪ੍ਰਧਾਨ ਰੁਲਦੂ ਸਿੰਘ ਮਾਨਸਾ ਨੇ ਕਿਹਾ ਕਿ ਉਨ੍ਹਾਂ ਦੀ ਜਥੇਬੰਦੀ ਇਕੱਲੇ ਕਿਸਾਨਾਂ ਦੇ ਹੱਕਾਂ ਲਈ ਨਹੀਂ ਸਗੋ ਕਿਰਤੀ ਲੋਕਾਂ ਜਿਸ ਵਿਚ ਦੁਕਾਨਦਾਰ, ਮਜ਼ਦੂਰ ਆਦਿ ਵੀ ਆਉਂਦੇ ਹਨ, ਲਈ ਵੀ ਲੜਾਈ ਲੜਦੀ ਆ ਰਹੀ।