ਸਿੱਖਿਆ ਵਿਭਾਗ ਨੂੰ ਸਕੂਲਾਂ/ਕਾਲਜਾਂ ਨੇੜੇ ਨਸ਼ੀਲੇ ਪਦਾਰਥਾਂ ਦੀ ਵਿਕਰੀ ਬਾਰੇ ਰਿਪੋਰਟ ਪੇਸ਼ ਕਰਨ ਦੇ ਹੁਕਮ

0
23

– ਕਿਹਾ! ਜਲੰਧਰ ਪ੍ਰਸ਼ਾਸਨ ਵਿਦਿਅਕ ਸੰਸਥਾਵਾਂ ਦੇ ਆਲੇ ਦੁਆਲੇ ਨਸ਼ੀਲੇ ਪਦਾਰਥਾਂ ਦੇ ਨੈੱਟਵਰਕ ਨੂੰ ਖਤਮ ਕਰਨ ਲਈ ਹੈ ਵਚਨਬੱਧ
– ਨਸ਼ਿਆਂ ਦੇ ਸਰੋਤਾਂ ਦਾ ਪਤਾ ਲਗਾਉਣ ਲਈ ਸਾਂਝਾ ਸਰਵੇਖਣ ਸ਼ੁਰੂ; ਪੁਲਿਸ ਨੂੰ ਅੰਤਰਰਾਜੀ ਨਾਕਿਆਂ ‘ਤੇ ਚੌਕਸੀ ਵਧਾਉਣ ਲਈ ਵੀ ਕਿਹਾ

ਜਲੰਧਰ, 18 ਜੂਨ 2025 – ਪੰਜਾਬ ਸਰਕਾਰ ਦੀ ਤੇਜ਼ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਦੇ ਹਿੱਸੇ ਵਜੋਂ, ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਸਿੱਖਿਆ ਅਤੇ ਪੁਲਿਸ ਵਿਭਾਗਾਂ ਨੂੰ ਜ਼ਿਲ੍ਹੇ ਦੇ ਸਕੂਲਾਂ ਅਤੇ ਕਾਲਜਾਂ ਨੇੜੇ ਨਸ਼ੀਲੇ ਪਦਾਰਥਾਂ ਦੀ ਵਿਕਰੀ ਵਿਰੁੱਧ ਸਖ਼ਤ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ ਹਨ।

ਨਾਰਕੋ ਕੋਆਰਡੀਨੇਸ਼ਨ ਸੈਂਟਰ (ਐਨ.ਸੀ.ਓ.ਆਰ.ਡੀ.) ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ, ਡਾ. ਅਗਰਵਾਲ, ਪੁਲਿਸ ਕਮਿਸ਼ਨਰ ਧਨਪ੍ਰੀਤ ਕੌਰ ਅਤੇ ਐਸ.ਐਸ.ਪੀ. ਹਰਵਿੰਦਰ ਸਿੰਘ ਵਿਰਕ ਦੇ ਨਾਲ, ਸਿੱਖਿਆ ਵਿਭਾਗ ਨੂੰ ਸਕੂਲਾਂ ਦਾ, ਖਾਸ ਕਰਕੇ ਨਸ਼ੀਲੇ ਪਦਾਰਥਾਂ ਦੇ ਹੌਟਸਪੌਟ ਵਜੋਂ ਪਛਾਣੇ ਗਏ ਖੇਤਰਾਂ ਵਿੱਚ ਮੌਜੂਦ ਸਕੂਲਾਂ ਦੇ ਨੇੜੇ ਨਸ਼ੀਲੇ ਪਦਾਰਥਾਂ ਦੀ ਵਿਕਰੀ ਦਾ ਡੂੰਘਾਈ ਨਾਲ ਨਿਰੀਖਣ ਕਰਨ ਲਈ ਕਿਹਾ। ਉਨ੍ਹਾਂ ਹਦਾਇਤ ਕੀਤੀ ਕਿ ਨਸ਼ਿਆਂ ਦੀ ਦੁਰਵਰਤੋਂ ਲਈ ਸੰਵੇਦਨਸ਼ੀਲ ਸਕੂਲਾਂ ਦੇ ਨੇੜਲੇ ਇਲਾਕਿਆਂ ਸਬੰਧੀ ਇੱਕ ਵਿਸਤ੍ਰਿਤ ਰਿਪੋਰਟ 15 ਜੁਲਾਈ, 2025 ਤੱਕ ਜਮ੍ਹਾਂ ਕਰਵਾਈ ਜਾਵੇ।

ਡਿਪਟੀ ਕਮਿਸ਼ਨਰ ਡਾ. ਅਗਰਵਾਲ ਨੇ ਵਿਦਿਆਰਥੀਆਂ ਨੂੰ ਉਨ੍ਹਾਂ ਦੇ ਸਿੱਖਿਆ ਸੰਸਥਾਨਾਂ ਨੇੜੇ ਕਿਸੇ ਵੀ ਸ਼ੱਕੀ ਗਤੀਵਿਧੀਆਂ ਬਾਰੇ ਫੀਡਬੈਕ ਇਕੱਠਾ ਕਰਨ ਵਿੱਚ ਸ਼ਾਮਲ ਕਰਨ ਦੀ ਮਹੱਤਤਾ ‘ਤੇ ਜ਼ੋਰ ਦਿੱਤਾ। ਉਨ੍ਹਾਂ ਚੇਤਾਵਨੀ ਦਿੱਤੀ ਕਿ ਅਜਿਹੀਆਂ ਥਾਵਾਂ ਦੀ ਰਿਪੋਰਟ ਕਰਨ ਵਿੱਚ ਕਿਸੇ ਵੀ ਤਰ੍ਹਾਂ ਦੀ ਢਿੱਲ-ਮੱਠ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਅਤੇ ਲਾਪਰਵਾਹੀ ਕਰਨ ਵਾਲੇ ਅਧਿਕਾਰੀਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਅੱਗੇ ਕਿਹਾ ਕਿ ਰਿਪੋਰਟ ਪ੍ਰਾਪਤ ਹੋਣ ਤੋਂਂ ਬਾਅਦ, ਪੁਲਿਸ ਵਿਭਾਗ ਸਬੰਧਤ ਸਕੂਲਾਂ ਦੇ ਆਲੇ-ਦੁਆਲੇ ਨਸ਼ੀਲੇ ਪਦਾਰਥਾਂ ਦੀ ਵਿਕਰੀ ਨੂੰ ਰੋਕਣ ਲਈ ਨਿਸ਼ਾਨਾਬੱਧ ਕਾਰਵਾਈਆਂ ਸ਼ੁਰੂ ਕਰੇਗਾ।

ਡਿਪਟੀ ਕਮਿਸ਼ਨਰ ਵੱਲੋਂ ਸਿਹਤ ਵਿਭਾਗ ਨੂੰ ਮੈਡੀਕਲ ਨਸ਼ਿਆਂ ਵਿਰੁੱਧ ਵੀ ਸਿੰਥੈਟਿਕ ਡਰੱਗ ਦੇ ਮਾਮਲੇ ਵਰਗੀ ਕਾਰਵਾਈ ਕਰਨ ਲਈ ਕਿਹਾ। ਉਨ੍ਹਾਂ ਮੈਡੀਕਲ ਨਸ਼ਿਆਂ ਦੀ ਵਿਕਰੀ ਨੂੰ ਹੋਰ ਤਰ੍ਹਾਂ ਦੇ ਨਸ਼ਿਆਂ ਦੇ ਬਰਾਬਰ ਮੰਨਣ ਦੀ ਜ਼ਰੂਰਤ ‘ਤੇ ਜ਼ੋਰ ਦਿੱਤਾ। ਇੱਕ ਹੋਰ ਵੱਡੇ ਫੈਸਲੇ ਵਿੱਚ, ਡਿਪਟੀ ਕਮਿਸ਼ਨਰ ਨੇ ਪੁਲਿਸ ਵਿਭਾਗ ਨੂੰ ਅੰਤਰ-ਰਾਜੀ ਅਤੇ ਅੰਤਰ-ਜ਼ਿਲ੍ਹਾ ਚੌਕੀਆਂ ‘ਤੇ ਚੌਕਸੀ ਹੋਰ ਮਜ਼ਬੂਤ ​​ਕਰਨ ਲਈ ਕਿਹਾ, ਖਾਸ ਕਰਕੇ ਦੂਜੇ ਰਾਜਾਂ ਤੋਂ ਸਿੰਥੈਟਿਕ ਅਤੇ ਫਾਰਮਾਸੂਟੀਕਲ ਡਰੱਗ ਤਸਕਰੀ ਦੀ ਜਾਂਚ ਕਰਨ ਲਈ।

ਪੁਲਿਸ ਕਮਿਸ਼ਨਰ ਧਨਪ੍ਰੀਤ ਕੌਰ ਨੇ ਦੱਸਿਆ ਕਿ ਸੋਰਸ ਪੱਧਰ ‘ਤੇ ਸਪਲਾਈ ਨੂੰ ਰੋਕਣ ਲਈ ਨਸ਼ਿਆਂ ਦੀ ਸਪਲਾਈ ਦੇ ਸਰੋਤਾਂ ਦੀ ਪਛਾਣ ਕਰਨ ਲਈ ਇੱਕ ਸਾਂਝਾ ਸਰਵੇਖਣ ਸ਼ੁਰੂ ਕੀਤਾ ਗਿਆ ਹੈ। ਉਨ੍ਹਾਂ ਸਮਾਜ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਪੰਜਾਬ ਸਰਕਾਰ ਦੀ ਵਚਨਬੱਧਤਾ ਦੀ ਪੁਸ਼ਟੀ ਕੀਤੀ।

ਨਾਗਰਿਕਾਂ ਨੂੰ ਨਾਮ ਗੁਪਤ ਰੱਖਣ ਦਾ ਭਰੋਸਾ ਦਿੰਦਿਆਂ ਅਪੀਲ ਕੀਤੀ ਗਈ ਹੈ ਕਿ ਉਹ ਨਸ਼ਿਆਂ ਨਾਲ ਸਬੰਧਤ ਗਤੀਵਿਧੀਆਂ ਬਾਰੇ ਜਾਣਕਾਰੀ ਵਟਸਐਪ ਰਾਹੀਂ 9779-100-200 ‘ਤੇ ਸਾਂਝੀ ਕਰਨ।

ਸਿਹਤ ਅਧਿਕਾਰੀਆਂ ਨੇ ਦੱਸਿਆ ਕਿ ਸਿਵਲ ਹਸਪਤਾਲ ਜਲੰਧਰ ਅਤੇ ਨੂਰਮਹਿਲ ਵਿਖੇ ਦੋ ਨਸ਼ਾ ਛੁਡਾਊ ਕੇਂਦਰ, ਸ਼ੇਖੇ ਪਿੰਡ ਵਿਖੇ ਇੱਕ ਪੁਨਰਵਾਸ ਕੇਂਦਰ ਅਤੇ ਕਈ ਓਟ ਕਲੀਨਿਕ ਜ਼ਿਲ੍ਹੇ ਵਿੱਚ ਚੱਲ ਰਹੇ ਹਨ। ਡਿਪਟੀ ਕਮਿਸ਼ਨਰ ਨੇ ਇਹ ਵੀ ਦੱਸਿਆ ਕਿ ਨਸ਼ਾ ਛੁਡਾਉ ਪ੍ਰੋਗਰਾਮ ਬਾਰੇ ਹੋਰ ਜਾਣਕਾਰੀ ਲਈ ਲੋਕ ਜ਼ਿਲ੍ਹਾ ਨਸ਼ਾ ਛੁਡਾਊ ਹੈਲਪਲਾਈਨ (0181-2911969) ‘ਤੇ ਦਫ਼ਤਰ ਸਮੇਂ ਦੌਰਾਨ ਸੰਪਰਕ ਕਰ ਸਕਦੇ ਹਨ।

LEAVE A REPLY

Please enter your comment!
Please enter your name here