ਲੁਧਿਆਣਾ ਵਿੱਚ ਉੱਤਰੀ ਰੇਲਵੇ ਅਤੇ ਸਿੱਖਿਆ ਵਿਭਾਗ ਵਿਚਕਾਰ ਵਿਵਾਦ ਪੈਦਾ ਹੋ ਗਿਆ ਹੈ। ਰੇਲਵੇ ਨੇ ਜਗਰਾਉਂ ਪੁਲ ਨੇੜੇ ਸਥਿਤ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਨੂੰ 15 ਦਿਨਾਂ ਦੇ ਅੰਦਰ ਜ਼ਮੀਨ ਖਾਲੀ ਕਰਨ ਲਈ ਨੋਟਿਸ ਜਾਰੀ ਕੀਤਾ ਹੈ। ਇਸ ਨੋਟਿਸ ਤੋਂ ਬਾਅਦ ਦੋਵਾਂ ਵਿਭਾਗਾਂ ਵਿਚਕਾਰ ਟਕਰਾਅ ਦੀ ਸਥਿਤੀ ਪੈਦਾ ਹੋ ਗਈ ਹੈ।
ਜ਼ਿਕਰਯੋਗ ਹੈ ਕਿ 4 ਜੂਨ ਨੂੰ ਜਾਰੀ ਇੱਕ ਨੋਟਿਸ ਵਿੱਚ, ਉੱਤਰੀ ਰੇਲਵੇ ਦੇ ਸੀਨੀਅਰ ਸੈਕਸ਼ਨ ਇੰਜੀਨੀਅਰ (ਵਰਕਰ) ਨੇ ਸਪੱਸ਼ਟ ਕੀਤਾ ਹੈ ਕਿ ਜੇਕਰ ਸਕੂਲ 19 ਜੂਨ ਤੱਕ ਜ਼ਮੀਨ ਖਾਲੀ ਨਹੀਂ ਕਰਦਾ ਜਾਂ ਜ਼ਮੀਨ ਦੀ ਮਾਲਕੀ ਦਾ ਪ੍ਰਮਾਣਿਤ ਸਬੂਤ ਪੇਸ਼ ਨਹੀਂ ਕਰਦਾ ਹੈ, ਤਾਂ ਇਮਾਰਤ ਨੂੰ ਢਾਹਿਆ ਜਾ ਸਕਦਾ ਹੈ।
ਦੱਸ ਦਈਏ ਕਿ ਸਕੂਲ ਪ੍ਰਿੰਸੀਪਲ ਬਲਬੀਰ ਕੌਰ ਨੇ ਅਚਾਨਕ ਨੋਟਿਸ ‘ਤੇ ਹੈਰਾਨੀ ਪ੍ਰਗਟ ਕੀਤੀ। ਉਨ੍ਹਾਂ ਕਿਹਾ ਕਿ ਨੋਟਿਸ ਮਿਲਦੇ ਹੀ ਜ਼ਿਲ੍ਹਾ ਸਿੱਖਿਆ ਅਧਿਕਾਰੀ (ਸੈਕੰਡਰੀ) ਨੂੰ ਸੂਚਿਤ ਕਰ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਰੇਲਵੇ ਨੇ ਅਜੇ ਤੱਕ ਕੋਈ ਕਾਰਵਾਈ ਨਹੀਂ ਕੀਤੀ ਹੈ ਅਤੇ ਮਾਮਲੇ ਨੂੰ ਹੱਲ ਕਰਨ ਲਈ ਵਿਭਾਗ ਨਾਲ ਗੱਲਬਾਤ ਚੱਲ ਰਹੀ ਹੈ।
ਨਾਲ ਹੀ ਪ੍ਰਿੰਸੀਪਲ ਨੇ ਕਿਹਾ ਕਿ ਡਿਪਟੀ ਕਮਿਸ਼ਨਰ ਹਿਮਾਂਸ਼ੂ ਜੈਨ ਨੂੰ ਵੀ ਸਥਿਤੀ ਤੋਂ ਜਾਣੂ ਕਰਵਾ ਦਿੱਤਾ ਗਿਆ ਹੈ। ਸਕੂਲ ਨੂੰ ਬੱਸ ਸਟੈਂਡ ਦੇ ਨੇੜੇ ਤਬਦੀਲ ਕਰਨ ਦਾ ਪ੍ਰਸਤਾਵ ਵਿਚਾਰ ਅਧੀਨ ਹੈ, ਹਾਲਾਂਕਿ ਇਸ ਸਬੰਧ ਵਿੱਚ ਅਜੇ ਕੋਈ ਅੰਤਿਮ ਫੈਸਲਾ ਨਹੀਂ ਲਿਆ ਗਿਆ ਹੈ।