ਫਤਹਿਗੜ੍ਹ ਸਾਹਿਬ:ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਤੇ ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਇਤਿਹਾਸਕ ਦੀਵਾਨ ਟੋਡਰ ਮੱਲ ਹਵੇਲੀ ਦੀ ਪੁਰਾਤਨ ਦਿੱਖ ਨੂੰ ਬਹਾਲ ਕਰਨ ਲਈ ਦੀਵਾਨ ਟੋਡਰ ਮੱਲ ਹੈਰੀਟੇਜ ਫਾਊਂਡੇਸ਼ਨ ਵੱਲੋਂ ਕਰਵਾਏ ਜਾ ਰਹੇ ਨਿਰਮਾਣ ਕਾਰਜਾਂ ਦੀ ਪ੍ਰਗਤੀ ਦਾ ਜਾਇਜ਼ਾ ਲਿਆ ਅਤੇ ਭਵਿੱਖ ਦੀ ਯੋਜਨਾਬੰਦੀ ਬਾਰੇ ਫਾਊਂਡੇਸ਼ਨ ਦੇ ਅਹੁਦੇਦਾਰਾਂ ਨਾਲ ਸਮੀਖਿਆ ਮੀਟਿੰਗ ਕੀਤੀ। ਇਸ ਮੌਕੇ ਵਿਧਾਇਕ ਐਡਵੋਕੇਟ ਲਖਬੀਰ ਸਿੰਘ ਰਾਏ ਅਤੇ ਗੁਰਦੇਵ ਸਿੰਘ ਦੇਵ ਮਾਨ ਵੀ ਮੌਜੂਦ ਸਨ।
ਇਸ ਮੌਕੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਦੱਸਿਆ ਕਿ ਇਸ ਕੀਮਤੀ ਇਤਿਹਾਸਕ ਧਰੋਹਰ ਨੂੰ ਸੰਭਾਲਣ ਦੇ ਉਦਮ ਤਹਿਤ ਪਹਿਲੇ ਪੜਾਅ ਵਜੋਂ ਕਰੀਬ 30 ਫੀਸਦੀ ਨਿਰਮਾਣ ਕਾਰਜ ਮੁਕੰਮਲ ਹੋ ਚੁੱਕੇ ਹਨ ਅਤੇ ਤਕਨੀਕੀ ਮਾਹਿਰ ਹਰ ਇੱਕ ਪੱਖ ਤੋਂ ਆਪਣੀ ਨਿਗਰਾਨੀ ਹੇਠ ਕੰਮ ਕਰਵਾ ਰਹੇ ਹਨ। ਉਨ੍ਹਾਂ ਕਿਹਾ ਕਿ ਇਸ ਸਾਂਝੀ ਤੇ ਮਹਾਨ ਵਿਰਾਸਤ ਦੀ ਦਿੱਖ ਦਿਨ-ਬ-ਦਿਨ ਖਰਾਬ ਹੋ ਰਹੀ ਸੀ ਜਿਸ ਦੀ ਪੁਰਾਤਨ ਦਿੱਖ ਦੀ ਬਹਾਲੀ ਦੀ ਜਿੰਮੇਵਾਰੀ ਫਾਊਂਡੇਸ਼ਨ ਨੇ ਲੈ ਕੇ ਆਉਣ ਵਾਲੀਆਂ ਪੀੜ੍ਹੀਆਂ ਨੂੰ ਕੌਮ ਦੇ ਮਹਾਨ ਵਿਰਸੇ ਦੇ ਰੂਬਰੂ ਕਰਵਾਉਣ ਦਾ ਵਿਲੱਖਣ ਉਦਮ ਕੀਤਾ ਹੈ।
ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਦਸਮ ਪਿਤਾ ਸਾਹਿਬ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦਿਆਂ ਬਾਬਾ ਫਤਹਿ ਸਿੰਘ ਤੇ ਬਾਬਾ ਜ਼ੋਰਾਵਰ ਸਿੰਘ ਅਤੇ ਮਾਤਾ ਗੁਜਰੀ ਜੀ ਦੀ ਲਾਸਾਨੀ ਸ਼ਹਾਦਤ ਨਾਲ ਜੁੜੀ ਫ਼ਤਹਿਗੜ੍ਹ ਸਾਹਿਬ ਦੀ ਧਰਤੀ ਦਾ ਸਿੱਖ ਇਤਿਹਾਸ ਵਿੱਚ ਅਹਿਮ ਸਥਾਨ ਹੈ ਅਤੇ ਜਿਸ ਤਰ੍ਹਾਂ ਦੀਵਾਨ ਟੋਡਰ ਮੱਲ ਜੀ ਨੇ ਛੋਟੇ ਸਾਹਿਬਜ਼ਾਦਿਆਂ ਤੇ ਮਾਤਾ ਗੁਜਰੀ ਜੀ ਦੇ ਅੰਤਿਮ ਸੰਸਕਾਰ ਲਈ ਮੋਹਰਾਂ ਖੜ੍ਹੀਆਂ ਕਰਕੇ ਇਹ ਜਗ੍ਹਾ ਖਰੀਦੀ ਸੀ ਉਸ ਨਾਲ ਇਹ ਧਰਤੀ ਦੁਨੀਆਂ ਦੀ ਸਭ ਤੋਂ ਮਹਿੰਗੀ ਧਰਤੀ ਬਣ ਗਈ ਹੈ। ਉਨ੍ਹਾਂ ਕਿਹਾ ਕਿ ਦੀਵਾਨ ਟੋਡਰ ਮੱਲ ਜੀ ਨੇ ਮਨੁੱਖੀ ਅਧਿਕਾਰਾਂ ਦੀ ਰੱਖਿਆ ਦੀ ਜੋ ਮਿਸਾਲ ਕਾਇਮ ਕੀਤੀ ਹੈ, ਉਹ ਬੇਮਿਸਾਲ ਹੈ।
ਇਸ ਮੌਕੇ ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਕਿਹਾ ਕਿ ਸ਼ਹੀਦਾਂ ਦੀ ਇਸ ਮਹਾਨ ਧਰਤੀ ‘ਤੇ ਸਥਿਤ ਇਤਿਹਾਸਕ ਦੀਵਾਨ ਟੋਡਰ ਮੱਲ ਹਵੇਲੀ ਦੇ ਨਿਰਮਾਣ ਦੀ ਨਿਸ਼ਕਾਮ ਸੇਵਾ ਕਰਕੇ ਦੀਵਾਨ ਟੋਡਰ ਮੱਲ ਹੈਰੀਟੇਜ ਫਾਉਂਡੇਸ਼ਨ ਵਲੋਂ ਨੌਜਵਾਨ ਪੀੜ੍ਹੀ ਲਈ ਇੱਕ ਅਨਮੋਲ ਵਿਰਸੇ ਨੂੰ ਸੰਭਾਲਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਫਾਊਂਡੇਸ਼ਨ ਪੂਰੇ ਤਨ, ਮਨ ਅਤੇ ਧਨ ਦੇ ਨਾਲ ਇਸ ਮਹਾਨ ਯਾਦਗਾਰ ਦੇ ਨਿਰਮਾਣ ਕਰਵਾ ਰਹੀ ਹੈ ਅਤੇ ਪੰਜਾਬ ਸਰਕਾਰ ਵੱਲੋਂ ਵੀ ਇਸ ਮਹੱਤਵਪੂਰਨ ਕਾਰਜ ਨੂੰ ਤਰਜੀਹ ਦੇ ਆਧਾਰ ਤੇ ਮੁਕੰਮਲ ਕਰਨ ਵਿੱਚ ਹਰ ਪੱਖੋਂ ਸਹਿਯੋਗ ਦਿੱਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਇਸ ਨੇਕ ਕਾਰਜ ਦੀ ਸ਼ੁਰੂਆਤ ਲਈ ਸਰਕਾਰ ਤੇ ਫਾਊਂਡੇਸ਼ਨ ਵਿਚਾਲੇ ਕਈ ਮੀਟਿੰਗਾਂ ਹੋਈਆਂ ਅਤੇ ਵਿਭਾਗੀ ਪੱਧਰ ਉੱਤੇ ਮਾਹਿਰਾਂ ਦੀ ਨਿਗਰਾਨੀ ਹੇਠ ਹੁਣ ਸਮੁੱਚੇ ਕਾਰਜ ਤੇਜੀ ਨਾਲ ਨੇਪਰੇ ਚੜ੍ਹ ਰਹੇ ਹਨ।
ਤਰੁਨਪ੍ਰੀਤ ਸਿੰਘ ਸੌਂਦ ਨੇ ਕਿਹਾ ਕਿ ਸੂਬੇ ਵਿੱਚ ਇਤਿਹਾਸਕ ਇਮਾਰਤਾਂ ਦੀ ਸਾਂਭ ਸੰਭਾਲ ਲਈ ਪੰਜਾਬ ਸਰਕਾਰ ਵੱਲੋਂ ਵੱਡੇ ਪੱਧਰ ‘ਤੇ ਉਪਰਾਲੇ ਕੀਤੇ ਜਾ ਰਹੇ ਹਨ।