ਪ੍ਰਕਾਸ਼ ਪੁਰਬ ਮੌਕੇ ਡਾ. ਰਵਜੋਤ ਸਿੰਘ ਨੇ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਟੇਕਿਆ ਮੱਥਾ
ਸੁਲਤਾਨਪੁਰ ਲੋਧੀ: ਪੰਜਾਬ ਦੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ ਰਵਜੋਤ ਸਿੰਘ ਅੱਜ ਸ੍ਰੀ ਗੁਰੂ ਨਾਨਕ ਦੇਵ ਜੀ ਦੇ 555 ਵੇਂ ਪ੍ਰਕਾਸ਼ ਪੁਰਬ ਮੌਕੇ ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਵਿਖੇ ਨਤਮਸਤਕ ਹੋਏ। ਉਨ੍ਹਾਂ ਨੇ ਕਿਹਾ ਹੈ ਕਿ ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਵੱਲੋਂ ਦਿੱਤੇ ਕਿਰਤ ਤੇ ਸਰਬ ਸਾਂਝੀਵਾਲਤਾ ਦੇ ਫਲਸਫੇ ਨੂੰ ਅਪਣਾ ਕੇ ਹੀ ਅਸੀਂ ਨਰੋਏ ਸਮਾਜ ਦੀ ਸਿਰਜਣਾ ਕਰ ਸਕਦੇ ਹਾਂ।
ਇਹ ਵੀ ਪੜ੍ਹੋ : ਆਸਟ੍ਰੇਲੀਆ ਦੇ ਸ਼ਰਧਾਲੂ ਪਰਿਵਾਰ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪਾਂ ਵਾਲੀ ਬੱਸ ਦੀ ਕੀਤੀ ਸੇਵਾ
ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਵਲੋਂ ਦਿਖਾਏ ਰਾਸਤੇ ਉੱਪਰ ਚੱਲਕੇ ਮਨੁੱਖਤਾ ਦੀ ਭਲਾਈ ਨੂੰ ਯਕੀਨੀ ਬਣਾਇਆ ਜਾ ਸਕਦਾ ਹੈ। ਉਨਾਂ ਪੰਜਾਬ ਵਾਸੀਆਂ ਦੀ ਚੜ੍ਹਦੀ ਕਲਾ ਦੀ ਅਰਦਾਸ ਕੀਤੀ ਤੇ ਸੰਗਤ ਨੂੰ ਪ੍ਰਕਾਸ਼ ਪੁਰਬ ਦੀ ਵਧਾਈ ਦਿੰਦਿਆਂ ਅਪੀਲ ਕੀਤੀ ਕਿ ਗੁਰੂ ਸਾਹਿਬ ਦੇ ਉਪਦੇਸ਼ ਅਨੁਸਾਰ ਪੌਣ -ਪਾਣੀ ਦੀ ਸੰਭਾਲ ਲਈ ਸਾਨੂੰ ਸਭ ਨੂੰ ਰਲਕੇ ਹੰਭਲਾ ਮਾਰਨ ਦੀ ਲੋੜ ਹੈ , ਜਿਸ ਲਈ ਹਰ ਇੱਕ ਵਿਅਕਤੀ ਆਪਣਾ ਫਰਜ ਪਹਿਚਾਣਦੇ ਹੋਏ ਯਤਨਸ਼ੀਲ ਹੋਵੇ । ਇਸ ਤੋਂ ਪਹਿਲਾਂ ਉਨਾਂ ਸੰਤ ਬਾਬਾ ਬਲਬੀਰ ਸਿੰਘ ਸੀਚੇਵਾਲ , ਮੈਂਬਰ ਰਾਜ ਸਭਾ ਵੱਲੋਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਿਰਮਲ ਕੁਟੀਆ ਤੋਂ ਸਜਾਏ ਗਏ ਨਗਰ ਕੀਰਤਨ ਵਿੱਚ ਵੀ ਸ਼ਮੂਲੀਅਤ ਕੀਤੀ ।