ਪਟਿਆਲਾ, 24 ਜੁਲਾਈ 2025 : ਪੰਜਾਬ ਵਿਧਾਨ ਸਭਾ ਦੀ ਅਨੁਸੂਚਿਤ ਜਾਤੀਆਂ, ਅਨੁਸੂਚਿਤ ਕਬੀਲਿਆਂ ਅਤੇ ਪੱਛੜੀਆਂ ਸ੍ਰੇਣੀਆਂ ਦੀ ਭਲਾਈ ਲਈ ਕਮੇਟੀ ਨੇ ਅੱਜ ਪਟਿਆਲਾ ਵਿਖੇ ਕੇਂਦਰ ਅਤੇ ਪੰਜਾਬ ਸਰਕਾਰ ਵੱਲੋਂ ਇਨ੍ਹਾਂ ਤਬਕਿਆਂ ਨਾਲ ਸਬੰਧਤ ਚਲਾਈਆਂ ਜਾ ਰਹੀਆਂ ਭਲਾਈ ਸਕੀਮਾਂ ਦਾ ਮੁਲੰਕਣ ।
ਜ਼ਿਲ੍ਹਾ ਅਧਿਕਾਰੀਆਂ ਨਾਲ ਬੈਠਕ ਕਰਕੇ ਭਲਾਈ ਸਕੀਮਾਂ ਦਾ ਲਿਆ ਜਾਇਜ਼ਾ
ਸਭਾਪਤੀ ਤੇ ਜਗਰਾਉਂ ਤੋਂ ਵਿਧਾਇਕ ਸਰਵਜੀਤ ਕੌਰ ਮਾਣੂੰਕੇ ਦੀ ਅਗਵਾਈ ਹੇਠਲੀ ਇਸ ਕਮੇਟੀ ਵਿੱਚ ਸ਼ਾਮਲ ਅੰਮ੍ਰਿਤਸਰ ਪੱਛਮੀ ਦੇ ਵਿਧਾਇਕ ਡਾ. ਜਸਬੀਰ ਸਿੰਘ ਸੰਧੂ, ਬਠਿੰਡਾ ਦਿਹਾਤੀ ਤੋਂ ਵਿਧਾਇਕ ਇੰਜ. ਅਮਿਤ ਰਤਨ, ਭੁੱਚੋਂ ਦੇ ਐਮ. ਐਲ. ਏ. ਮਾਸਟਰ ਜਗਸੀਰ ਸਿੰਘ ਅਤੇ ਅਟਾਰੀ ਤੋਂ ਵਿਧਾਇਕ ਏ. ਡੀ. ਸੀ. ਜਸਵਿੰਦਰ ਸਿੰਘ ਰਮਦਾਸ ਨੇ ਜ਼ਿਲ੍ਹਾ ਅਧਿਕਾਰੀਆਂ ਨਾਲ ਬੈਠਕ ਕਰਕੇ ਭਲਾਈ ਸਕੀਮਾਂ ਦਾ ਜਾਇਜ਼ਾ ਲਿਆ ।
ਭਲਾਈ ਸਕੀਮਾਂ ਨੂੰ ਲੋਕਾਂ ਤੱਕ ਹੇਠਲੇ ਪੱਧਰ ਤੱਕ ਪੁੱਜਦਾ ਕੀਤਾ ਜਾਵੇ
ਵਿਧਾਨ ਸਭਾ ਦੀ ਇਸ ਉਚ ਪੱਧਰੀ ਕਮੇਟੀ ਨੇ ਵੱਖ-ਵੱਖ ਭਲਾਈ ਸਕੀਮਾਂ (Welfare schemes) ਦਾ ਜਾਇਜ਼ਾ ਲੈਂਦਿਆਂ ਜ਼ਿਲ੍ਹਾ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਕੇਂਦਰ ਅਤੇ ਪੰਜਾਬ ਸਰਕਾਰ ਦੀਆਂ ਭਲਾਈ ਸਕੀਮਾਂ ਦਾ ਪੂਰਾ-ਪੂਰਾ ਲਾਭ ਉਨ੍ਹਾਂ ਲੋਕਾਂ ਤੱਕ ਹੇਠਲੇ ਪੱਧਰ ਤੱਕ ਪੁੱਜਦਾ ਕੀਤਾ ਜਾਵੇ, ਜਿਹੜੇ ਲੋਕ ਇਹ ਲਾਭ ਲੈਣ ਲਈ ਯੋਗ ਹਨ ।
ਕਮੇਟੀ ਵੱਲੋਂ ਸਰਕਾਰ ਦੀਆਂ ਭਲਾਈ ਸਕੀਮਾਂ ਦਾ ਲਾਭ ਲੋੜਵੰਦ ਲੋਕਾਂ ਨੂੰ ਹੇਠਲੇ ਪੱਧਰ ਤੱਕ ਪੁੱਜਦਾ ਕਰਨ ਦੇ ਆਦੇਸ਼
ਸਰਵਜੀਤ ਕੌਰ ਮਾਣੂੰਕੇ ਨੇ ਕਿਹਾ ਕਿ ਸਾਡਾ ਸਭ ਦਾ ਇਹ ਫਰਜ਼ ਬਣਦਾ ਹੈ ਕਿ ਅਸੀਂ ਅਨੁਸੂਚਿਤ ਜਾਤੀਆਂ, ਅਨੁਸੂਚਿਤ ਕਬੀਲਿਆਂ ਅਤੇ ਪੱਛੜੀਆਂ ਸ੍ਰੇਣੀਆਂ ਦੀ ਭਲਾਈ ਲਈ ਆਪਣਾ ਬਣਦਾ ਯੋਗਦਾਨ ਪਾਈਏ ਅਤੇ ਦੱਬੇ ਕੁਚਲੇ ਲੋਕਾਂ ਨੂੰ ਉਪਰ ਉਠਾਉਣ ਲਈ ਨਿੱਠ ਕੇ ਕੰਮ ਕਰੀਏ । ਉਨ੍ਹਾਂ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਸਕੀਮਾਂ ਦਾ ਜਾਇਜ਼ਾ ਲੈਂਦਿਆਂ ਨਿਰਦੇਸ਼ ਦਿੱਤੇ ਕਿ ਸਰਕਾਰੀ ਸਕੀਮਾਂ (Government schemes) ਦਾ ਵੱਧ ਤੋਂ ਵੱਧ ਪ੍ਰਚਾਰ ਕੀਤਾ ਜਾਵੇ ਅਤੇ ਵਿਸ਼ੇਸ਼ ਕੈਂਪ ਲਗਾ ਕੇ ਲੋਕਾਂ ਨੂੰ ਜਾਗਰੂਕ ਕਰਕੇ ਭਲਾਈ ਸਕੀਮਾਂ ਦਾ ਲਾਭ ਲੋਕਾਂ ਤੱਕ ਜਰੂਰ ਪਹੁੰਚਾਇਆ ਜਾਵੇ ।
ਕੁਝ ਵਿਭਾਗੀ ਅਧਿਕਾਰੀਆਂ ਵੱਲੋਂ ਸੂਚਨਾ ਪੂਰੀ ਨਾ ਮੁਹੱਈਆ ਕਰਵਾਉਣ ਦਾ ਲਿਆ ਨੋਟਿਸ
ਵਿਧਾਨ ਸਭਾ ਕਮੇਟੀ (Legislative Assembly Committee) ਨੇ ਇਸ ਮੌਕੇ ਕੁਝ ਵਿਭਾਗੀ ਅਧਿਕਾਰੀਆਂ ਵੱਲੋਂ ਸੂਚਨਾ ਪੂਰੀ ਨਾ ਮੁਹੱਈਆ ਕਰਵਾਉਣ ਦਾ ਨੋਟਿਸ ਲਿਆ ਤੇ ਅਜਿਹੇ ਅਧਿਕਾਰੀਆਂ ਨੂੰ ਤਾੜਨਾ ਕਰਦਿਆਂ ਕਮੇਟੀ ਦੀ ਅਗਲੀ ਮੀਟਿੰਗ ਲਈ ਚੰਡੀਗੜ੍ਹ ਵਿਧਾਨ ਸਭਾ ਵਿਖੇ ਤਲਬ ਕੀਤਾ । ਵਿਧਾਇਕਾਂ ਨੇ ਕਈ ਵਿਭਾਗਾਂ ਤੋਂ ਪਿਛਲੇ ਤਿੰਨ ਸਾਲਾਂ ਦੇ ਕੀਤੇ ਕੰਮਾਂ ਦਾ ਵੇਰਵਾ ਵੀ ਤਲਬ ਕੀਤਾ ਅਤੇ ਦਿੱਤੇ ਨਿਰਦੇਸ਼ਾਂ ‘ਤੇ ਕੀਤੇ ਗਏ ਅਮਲ ਦੀ ਮੁਕੰਮਲ ਜਾਣਕਾਰੀ ਸੌਂਪਣ ਦੇ ਨਿਰਦੇਸ਼ ਦਿੱਤੇ ।
ਵਧੀਕ ਡਿਪਟੀ ਕਮਿਸ਼ਨਰ ਨੇ ਕੀਤਾ ਕਮੇਟੀ ਦਾ ਸਵਾਗਤ
ਕਮੇਟੀ ਨੇ ਹਦਾਇਤ ਕੀਤੀ ਕਿ ਐਸ. ਸੀਜ, ਐਸ. ਟੀਜ ਤੇ ਬੀ. ਸੀਜ ਨੂੰ ਸਰਕਾਰ ਦੀਆਂ ਭਲਾਈ ਸਕੀਮਾਂ ਅਤੇ ਸਹੂਲਤਾਂ ਪ੍ਰਦਾਨ ਕਰਨ ਵਿੱਚ ਕੋਈ ਕਸਰ ਬਾਕੀ ਨਾ ਛੱਡੀ ਜਾਵੇ । ਮੀਟਿੰਗ ਮੌਕੇ ਵਧੀਕ ਡਿਪਟੀ ਕਮਿਸ਼ਨਰ ਇਸ਼ਾ ਸਿੰਗਲ ਨੇ ਕਮੇਟੀ ਦਾ ਸਵਾਗਤ ਕੀਤਾ ਤੇ ਭਰੋਸਾ ਦਿੱਤਾ ਕਿ ਕਮੇਟੀ ਦੀਆਂ ਹਦਾਇਤਾਂ ਨੂੰ ਇੰਨ-ਬਿੰਨ ਲਾਗੂ ਕੀਤਾ ਜਾਵੇਗਾ ।
Read More : ਪੰਜਾਬ ਸਰਕਾਰ ਪੱਛੜੀਆਂ ਸ਼੍ਰੇਣੀਆਂ ਦੇ ਹੱਕਾਂ ਦੀ ਰਾਖੀ ਲਈ ਵਚਨਬੱਧ