ਸਰਪੰਚੀ ਲਈ 2 ਕਰੋੜ ਦੀ ਬੋਲੀ ਦਾ ਮਾਮਲਾ, ਗੁਰਦਾਸਪੁਰ DC ਨੇ ਦਿੱਤੇ ਜਾਂਚ ਦੇ ਆਦੇਸ਼
ਬੀਤੇ ਦਿਨ ਗੁਰਦਾਸਪੁਰ ਦੇ ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ ਦੇ ਪਿੰਡ ਹਰਦੋਵਾਲ ਵਿੱਚ ਆਤਮਾ ਸਿੰਘ ਨਾਂ ਦੇ ਵਿਅਕਤੀ ਨੇ ਆਪਣੇ ਆਪ ਨੂੰ ਭਾਜਪਾ ਆਗੂ ਕਹਾਉਣ ਵਾਲੇ ਵਿਅਕਤੀ ਨੇ ਪਿੰਡ ਵਿੱਚ ਪੰਚਾਇਤੀ ਚੋਣਾਂ ਲਈ ਸਰਪੰਚ ਬਣਨ ਲਈ 2 ਕਰੋੜ ਰੁਪਏ ਦੀ ਬੋਲੀ ਲਗਾਈ ਸੀ। ਉਨ੍ਹਾਂ ਕਿਹਾ ਸੀ ਕਿ ਜੇਕਰ ਪਿੰਡ ਦੇ ਲੋਕ ਉਨ੍ਹਾਂ ਨੂੰ ਸਰਪੰਚ ਬਣਾਉਂਦੇ ਹਨ ਤਾਂ ਉਹ ਪੰਚਾਇਤ ਨੂੰ 2 ਕਰੋੜ ਰੁਪਏ ਦੇਣਗੇ। ਇਸ ਮਾਮਲੇ ‘ਤੇ ਡਿਪਟੀ ਕਮਿਸ਼ਨਰ ਨੇ ਆਪਣਾ ਤਿੱਖਾ ਪ੍ਰਤੀਕਰਮ ਦਿੱਤਾ ਹੈ।
ਉਨ੍ਹਾਂ ਇਸ ਤਰ੍ਹਾਂ ਦੀ ਗਤੀਵਿਧੀ ਨੂੰ ਗਲਤ ਕਰਾਰ ਦਿੱਤਾ ਹੈ। ਇਸ ਮਾਮਲੇ ‘ਤੇ ਬੋਲਦਿਆਂ ਡਿਪਟੀ ਕਮਿਸ਼ਨਰ ਗੁਰਦਾਸਪੁਰ ਉਮਾਸ਼ੰਕਰ ਗੁਪਤਾ ਨੇ ਕਿਹਾ ਕਿ ਸਰਪੰਚੀ ਲਈ ਅਜਿਹੀ ਬੋਲੀ ਬਿਲਕੁਲ ਗੈਰ-ਕਾਨੂੰਨੀ ਹੈ। ਇਸ ਮਾਮਲੇ ਦੀ ਜਾਂਚ ਲਈ ਉਨ੍ਹਾਂ ਡੇਰਾ ਬਾਬਾ ਨਾਨਕ ਦੇ ਏਡੀਸੀ ਅਤੇ ਐਸਡੀਐਮ ਨੂੰ ਜਾਂਚ ਦੇ ਹੁਕਮ ਦਿੱਤੇ ਹਨ। ਉਨ੍ਹਾਂ ਕਿਹਾ ਕਿ ਇਸ ਮਾਮਲੇ ਦੀ ਜਾਂਚ ਕਰਕੇ ਜਲਦੀ ਰਿਪੋਰਟ ਉਨ੍ਹਾਂ ਨੂੰ ਸੌਂਪੀ ਜਾਵੇ ਤਾਂ ਜੋ ਇਸ ਸਬੰਧੀ ਬਣਦੀ ਕਾਰਵਾਈ ਕੀਤੀ ਜਾ ਸਕੇ।
2 ਕਰੋੜ ਦੀ ਬੋਲੀ ਲਗਾਉਣ ਵਾਲਾ ਆਤਮਾ ਸਿੰਘ
ਡੇਰਾ ਬਾਬਾ ਨਾਨਕ ਦੇ ਪਿੰਡ ਹਰਦੋਵਾਲ ਕਲਾਂ ਵਿੱਚ ਸਰਪੰਚ ਦੇ ਅਹੁਦੇ ਲਈ ਇਹ ਬੋਲੀ ਐਤਵਾਰ ਨੂੰ ਹੋਈ ਸੀ। ਇਹ ਬੋਲੀ ਪਿੰਡ ਵਾਸੀਆਂ ਦੀ ਸਹਿਮਤੀ ਨਾਲ ਕੀਤੀ ਗਈ ਹੈ। ਪਿੰਡ ਵਾਸੀਆਂ ਅਨੁਸਾਰ ਬੋਲੀ ਤੋਂ ਮਿਲਣ ਵਾਲਾ ਪੈਸਾ ਪਿੰਡ ਦੇ ਵਿਕਾਸ ਕਾਰਜਾਂ ਤੇ ਖਰਚ ਕੀਤਾ ਜਾਵੇਗਾ। 2 ਕਰੋੜ ਦੀ ਬੋਲੀ ਲਗਾਉਣ ਵਾਲਾ ਆਤਮਾ ਸਿੰਘ ਭਾਰਤੀ ਜਨਤਾ ਪਾਰਟੀ ਨਾਲ ਜੁੜਿਆ ਹੋਇਆ ਹੈ। ਦਾਅਵਾ ਕੀਤਾ ਜਾ ਰਿਹਾ ਹੈ ਕਿ ਪਿੰਡ ਵਿੱਚ ਸਰਪੰਚ ਦੇ ਅਹੁਦੇ ਲਈ ਅਜਿਹੀ ਬੋਲੀ ਪਹਿਲੀ ਵਾਰ ਕੀਤੀ ਜਾ ਰਹੀ ਹੈ। ਉਮੀਦਵਾਰ ਆਤਮਾ ਸਿੰਘ, ਜਸਵਿੰਦਰ ਸਿੰਘ ਬੇਦੀ, ਨਿਰਵੈਰ ਸਿੰਘ ਆਦਿ ਸ਼ਾਮਲ ਸਨ। ਪਿੰਡ ਤੋਂ ਗੁਰਦੁਆਰਾ ਸਾਹਿਬ ਤੱਕ ਬੋਲੀ ਲਾਉਣ ਦਾ ਐਲਾਨ ਕੀਤਾ ਗਿਆ। ਹਾਲਾਂਕਿ ਆਮ ਆਦਮੀ ਪਾਰਟੀ, ਕਾਂਗਰਸ ਅਤੇ ਅਕਾਲੀ ਦਲ ਦਾ ਕੋਈ ਨੁਮਾਇੰਦਾ ਨਹੀਂ ਆਇਆ।
ਜਸਵਿੰਦਰ ਸਿੰਘ ਬੇਦੀ ਨੇ ਸਭ ਤੋਂ ਪਹਿਲਾਂ 1 ਕਰੋੜ ਰੁਪਏ ਦੀ ਬੋਲੀ ਲਗਾਈ ਸੀ। ਪਰ ਆਤਮਾ ਸਿੰਘ ਨੇ ਤੁਰੰਤ 2 ਕਰੋੜ ਰੁਪਏ ਦੀ ਬੋਲੀ ਲਗਾ ਦਿੱਤੀ। ਇਸ ਤੋਂ ਬਾਅਦ ਕਿਸੇ ਹੋਰ ਨੇ ਬੋਲੀ ਨਹੀਂ ਲਗਾਈ। ਅੱਜ ਸ਼ਾਮ ਤੱਕ ਬੋਲੀ ਲਗਾਉਣ ਦਾ ਸਮਾਂ ਤੈਅ ਕੀਤਾ ਗਿਆ ਹੈ। ਜੇਕਰ ਕੋਈ ਹੋਰ ਬੋਲੀ ਵਧਾਉਣਾ ਚਾਹੁੰਦਾ ਹੈ ਤਾਂ ਉਹ ਬੋਲੀ ਲਗਾ ਸਕਦਾ ਹੈ। ਆਤਮਾ ਸਿੰਘ ਦੇ ਪਿਤਾ ਵੀ ਸਰਪੰਚ ਰਹਿ ਚੁੱਕੇ ਹਨ। 2011 ਦੀ ਮਰਦਮਸ਼ੁਮਾਰੀ ਦੇ ਅਨੁਸਾਰ, ਪਿੰਡ ਦੀ ਆਬਾਦੀ 4742 ਹੈ। ਇਸ ਦੇ ਨਾਲ ਹੀ ਪਿੰਡ ਵਿੱਚ ਘਰਾਂ ਦੀ ਗਿਣਤੀ 800 ਦੇ ਕਰੀਬ ਹੈ।