ਚੰਡੀਗੜ੍ਹ, 16 ਅਕਤੂਬਰ 2025 : ਪੰਜਾਬ ਦੇ ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਮੰਤਰੀ (Punjab Minister for Animal Husbandry, Dairy Development and Fisheries) ਗੁਰਮੀਤ ਸਿੰਘ ਖੁੱਡੀਆਂ ਨੇ 28 ਨਵੇਂ ਭਰਤੀ ਹੋਏ ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪੇ, ਜਿਨ੍ਹਾਂ ਵਿੱਚ 25 ਵੈਟਰਨਰੀ ਇੰਸਪੈਕਟਰ, ਤਿੰਨ ਕਲਰਕ ਸ਼ਾਮਲ ਸਨ । ਇੱਕ ਦਰਜਾ ਚਾਰ ਕਰਮਚਾਰੀ ਨੂੰ ਤਰੱਕੀ ਵੀ ਦਿੱਤੀ ਗਈ ।
ਨਵੀਂ ਭਰਤੀ ਨਾਲ ਪੰਜਾਬ ਵਿੱਚ ਪਸ਼ੂ ਸਿਹਤ ਸੰਭਾਲ ਸੇਵਾਵਾਂ ਹੋਣਗੀਆਂ ਹੋਰ ਬਿਹਤਰ : ਗੁਰਮੀਤ ਸਿੰਘ ਖੁੱਡੀਆਂ
ਮੁੱਖ ਮੰਤਰੀ ਭਗਵੰਤ ਸਿੰਘ ਮਾਨ (Chief Minister Bhagwant Singh Mann) ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਸੱਤਾ ਵਿੱਚ ਆਉਣ ਤੋਂ ਲੈ ਕੇ ਹੁਣ ਤੱਕ ਵਿਭਾਗ ਵਿੱਚ 326 ਵੈਟਰਨਰੀ ਅਫ਼ਸਰ, 545 ਵੈਟਰਨਰੀ ਇੰਸਪੈਕਟਰ ਅਤੇ 63 ਕਲਾਸ ਸੀ ਕਰਮਚਾਰੀ, ਜਿਨ੍ਹਾਂ ਵਿੱਚ ਕਲਰਕ, ਅੰਕੜਾਕਾਰ, ਸਟੈਨੋ, ਜੂਨੀਅਰ ਸਕੇਲ ਸਟੈਨੋਗ੍ਰਾਫ਼ਰ, ਲੈਬ ਸਹਾਇਕ, ਲੈਬ ਟੈਕਨੀਸ਼ੀਅਨ, ਮਿਲਕ ਰਿਕਾਰਡਰ, ਲੀਗਲ ਕਲਰਕ, ਮਸ਼ੀਨ ਅਪਰੇਟਰ ਸ਼ਾਮਲ ਹਨ, ਭਰਤੀ ਕੀਤੇ ਗਏ ਹਨ ।
ਜਨਤਕ ਸੇਵਾ ਵਿੱਚ ਇਮਾਨਦਾਰੀ ਅਤੇ ਜ਼ਿੰਮੇਵਾਰੀ ਦੀ ਭਾਵਨਾ ਬੇਹੱਦ ਜ਼ਰੂਰੀ ਹੈ
ਨਵੇਂ ਭਰਤੀ ਹੋਏ ਮੁਲਾਜ਼ਮਾਂ ਨੂੰ ਵਧਾਈ ਦਿੰਦਿਆਂ ਗੁਰਮੀਤ ਸਿੰਘ ਖੁੱਡੀਆਂ (Gurmeet Singh Khudiyan) ਨੇ ਉਨ੍ਹਾਂ ਨੂੰ ਪੂਰੀ ਲਗਨ ਤੇ ਇਮਾਨਦਾਰੀ ਨਾਲ ਆਪਣੀ ਡਿਊਟੀ ਨਿਭਾਉਣ ਲਈ ਪ੍ਰੇਰਿਤ ਕੀਤਾ । ਉਨ੍ਹਾਂ ਕਿਹਾ ਕਿ ਜਨਤਕ ਸੇਵਾ ਵਿੱਚ ਇਮਾਨਦਾਰੀ ਅਤੇ ਜ਼ਿੰਮੇਵਾਰੀ ਦੀ ਭਾਵਨਾ ਬੇਹੱਦ ਜ਼ਰੂਰੀ ਹੈ । ਕਿਸਾਨਾਂ ਦੀ ਸਹਾਇਤਾ ਅਤੇ ਪੇਂਡੂ ਆਰਥਿਕਤਾ ਨੂੰ ਹੁਲਾਰਾ ਦੇਣ ਵਿੱਚ ਵਿਭਾਗ ਦੀ ਮਹੱਤਵਪੂਰਨ ਭੂਮਿਕਾ ਨੂੰ ਉਜਾਗਰ ਕਰਦਿਆਂ ਉਨ੍ਹਾਂ ਦੱਸਿਆ ਕਿ ਇਹ ਭਰਤੀ ਵਿਭਾਗ ਦੀ ਕਾਰਜਸ਼ੀਲਤਾ ਅਤੇ ਸੇਵਾਵਾਂ ਪ੍ਰਦਾਨ ਕਰਨ ਦੀ ਪ੍ਰਕਿਰਿਆ ਵਿੱਚ ਸੁਧਾਰ ਦੇ ਨਾਲ-ਨਾਲ ਪੰਜਾਬ ਵਿੱਚ ਪਸ਼ੂ ਸਿਹਤ ਸੰਭਾਲ ਸੇਵਾਵਾਂ ਨੂੰ ਹੋਰ ਬਿਹਤਰ ਬਣਾਉਣ ਵਿੱਚ ਮਦਦ ਕਰੇਗੀ ।
ਪੰਜਾਬ ਦੇ ਯੋਗ ਨੌਜਵਾਨਾਂ ਨੂੰ 55,000 ਤੋਂ ਵੱਧ ਸਰਕਾਰੀ ਨੌਕਰੀਆਂ ਪ੍ਰਦਾਨ ਕਰਕੇ ਇੱਕ ਇਤਿਹਾਸਕ ਮੀਲ ਪੱਥਰ ਕਾਇਮ ਕੀਤਾ ਹੈ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਨੂੰ ਵਧ ਤੋਂ ਵਧ ਰੋਜ਼ਗਾਰ ਦੇਣ ਦੇ ਯਤਨਾਂ ‘ਤੇ ਚਾਨਣਾ ਪਾਉਂਦਿਆਂ ਖੁੱਡੀਆਂ ਨੇ ਦੱਸਿਆ ਕਿ ਸੂਬਾ ਸਰਕਾਰ ਨੇ ਪੰਜਾਬ ਦੇ ਯੋਗ ਨੌਜਵਾਨਾਂ ਨੂੰ 55,000 ਤੋਂ ਵੱਧ ਸਰਕਾਰੀ ਨੌਕਰੀਆਂ ਪ੍ਰਦਾਨ ਕਰਕੇ ਇੱਕ ਇਤਿਹਾਸਕ ਮੀਲ ਪੱਥਰ ਕਾਇਮ ਕੀਤਾ ਹੈ । ਉਨ੍ਹਾਂ ਦੱਸਿਆ ਕਿ ਇਹ ਸਾਰੀਆਂ ਨੌਕਰੀਆਂ ਪੂਰੀ ਪਾਰਦਰਸ਼ਤਾ ਅਤੇ ਨਿਰਪੱਖਤਾ ਦੇ ਆਧਾਰ ‘ਤੇ ਦਿੱਤੀਆਂ ਗਈਆਂ ਹਨ । ਉਨ੍ਹਾਂ ਦੱਸਿਆ ਕਿ ਪਸ਼ੂ ਪਾਲਣ ਵਿਭਾਗ ਵਿੱਚ 405 ਨਵੇਂ ਵੈਟਰਨਰੀ ਅਫ਼ਸਰਾਂ ਦੀ ਭਰਤੀ ਸਬੰਧੀ ਪ੍ਰਕਿਰਿਆ ਵੀ ਚੱਲ ਰਹੀ ਹੈ ।
Read More : ਗੁਰਮੀਤ ਸਿੰਘ ਖੁੱਡੀਆਂ ਵੱਲੋਂ ਪੰਜਾਬ ਵਿੱਚ ਛੇ ਵੈਟਰਨਰੀ ਪੌਲੀਕਲੀਨਿਕਾਂ ਵਿੱਚ ਆਈ.ਪੀ.ਡੀ ਸੇਵਾਵਾਂ ਦਾ ਆਗ਼ਾਜ਼