ਚੰਡੀਗੜ੍ਹ/ਲੰਬੀ, 17 ਅਪ੍ਰੈਲ: ਪੰਜਾਬ ਦੇ ਪਸ਼ੂ ਪਾਲਣ, ਡੇਅਰੀ ਵਿਕਾਸ ਤੇ ਮੱਛੀ ਪਾਲਣ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਵੱਲੋਂ ਪਾਲਤੂ ਜਾਨਵਰਾਂ ਅਤੇ ਪਸ਼ੂਆਂ ਨੂੰ ਬਿਹਤਰੀਨ ਸਿਹਤ ਸੰਭਾਲ ਸੇਵਾਵਾਂ ਯਕੀਨੀ ਬਣਾਉਣ ਲਈ ਅੱਜ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਦੇ ਪਿੰਡ ਬਾਦਲ ਵਿਖੇ ਸਰਕਾਰੀ ਵੈਟਰਨਰੀ ਪੌਲੀਕਲੀਨਿਕ ਵਿਖੇ ਅਤਿ-ਆਧੁਨਿਕ ਇਨ-ਪੇਸ਼ੈਂਟ ਡਿਪਾਰਟਮੈਂਟ (ਆਈਪੀਡੀ) ਵਾਰਡ ਦਾ ਉਦਘਾਟਨ ਕੀਤਾ ਗਿਆ। ਇਸ ਦੇ ਨਾਲ ਹੀ ਸੂਬੇ ਭਰ ਦੇ ਛੇ ਵੈਟਰਨਰੀ ਪੌਲੀਕਲੀਨਿਕਾਂ ਵਿੱਚ ਪਸ਼ੂਆਂ ਲਈ ਇਨ-ਪੇਸ਼ੈਂਟ ਡਿਪਾਰਟਮੈਂਟ (ਆਈਪੀਡੀ) ਸੇਵਾਵਾਂ ਸ਼ੁਰੂ ਹੋ ਗਈਆਂ ਹਨ।
ਕਾਰ ਨਾਲ ਟਕਰਾ ਕੇ 15 ਫੁੱਟ ਡੂੰਘੀ ਖਾਈ ਵਿੱਚ ਡਿੱਗੀ ਵੈਨ; ਧਮਾਕੇ ਤੋਂ ਬਾਅਦ ਲੱਗੀ ਭਿਆਨਕ ਅੱਗ
ਇਸ ਉਦਘਾਟਨੀ ਸਮਾਗਮ ਦੌਰਾਨ ਇਕੱਠ ਨੂੰ ਸੰਬੋਧਨ ਕਰਦਿਆਂ ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਪਟਿਆਲਾ, ਅੰਮ੍ਰਿਤਸਰ, ਸੰਗਰੂਰ, ਗੁਰਦਾਸਪੁਰ ਅਤੇ ਲੁਧਿਆਣਾ ਦੇ ਵੈਟਰਨਰੀ ਪੌਲੀਕਲੀਨਿਕਾਂ ਵਿੱਚ ਵੀ ਇਨਡੋਰ ਸੇਵਾਵਾਂ ਸ਼ੁਰੂ ਕਰਨ ਲਈ ਸਾਰੇ ਲੋੜੀਂਦੇ ਉਪਕਰਣ ਪ੍ਰਦਾਨ ਕੀਤੇ ਜਾ ਚੁੱਕੇ ਹਨ। ਇਨ੍ਹਾਂ ਪੌਲੀਕਲੀਨਿਕਾਂ ਵਿੱਚ ਪਾਲਤੂ ਜਾਨਵਰਾਂ ਅਤੇ ਪਸ਼ੂਆਂ ਲਈ ਕਈ ਤਰ੍ਹਾਂ ਦੀਆਂ ਸੇਵਾਵਾਂ ਪ੍ਰਦਾਨ ਕੀਤੀਆਂ ਜਾਣਗੀਆਂ, ਜਿਨ੍ਹਾਂ ਵਿੱਚ ਗੰਭੀਰ ਬਿਮਾਰੀ ਪ੍ਰਬੰਧਨ, ਸਰਜਰੀਆਂ, ਪੋਸਟ-ਆਪਰੇਟਿਵ ਦੇਖਭਾਲ, ਰੁਟੀਨ ਚੈੱਕ-ਅੱਪ, ਡਾਇਗਨੌਸਿਸ (ਲੈਬ ਟੈਸਟ, ਐਕਸ-ਰੇ ਅਤੇ ਅਲਟਰਾਸਾਊਂਡ) ਅਤੇ ਹੋਰ ਸੇਵਾਵਾਂ ਸ਼ਾਮਲ ਹਨ।
ਅੱਜ ਛੇ ਪੌਲੀਕਲੀਨਿਕਾਂ ਵਿੱਚ ਸ਼ੁਰੂ ਕੀਤੀਆਂ ਗਈਆਂ ਆਈਪੀਡੀ ਸੇਵਾਵਾਂ ਦੀ ਮਹੱਤਤਾ ਨੂੰ ਉਜਾਗਰ ਕਰਦਿਆਂ ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਇਹ ਪੌਲੀਕਲੀਨਿਕ ਪਸ਼ੂ ਪਾਲਕਾਂ ਨੂੰ ਉਨ੍ਹਾਂ ਦੇ ਪਸ਼ੂਆਂ ਲਈ ਲੋੜੀਂਦੀ ਦੇਖਭਾਲ ਅਤੇ ਇਲਾਜ ਪ੍ਰਦਾਨ ਕਰਨਗੇ। ਪਹਿਲਾਂ ਵੈਟਰਨਰੀ ਪੌਲੀਕਲੀਨਿਕਾਂ ਵਿੱਚ ਇਨਡੋਰ ਸਹੂਲਤਾਂ ਦੀ ਘਾਟ ਕਾਰਨ ਪਸ਼ੂ ਪਾਲਕਾਂ ਨੂੰ ਜਾਨਵਰਾਂ ਦੀਆਂ ਸਰਜਰੀਆਂ ਤੋਂ ਬਾਅਦ ਕਈ ਚੁਣੌਤੀਆਂ ਦਰਪੇਸ਼ ਆਉਂਦੀਆਂ ਸਨ। ਕਈ ਵਾਰ ਟਾਂਕੇ ਖਰਾਬ ਹੋਣ, ਟਾਂਕੇ ਖੁੱਲ੍ਹ ਜਾਣ, ਇਨਫੈਕਸ਼ਨ ਦਾ ਸਾਹਮਣਾ ਕਰਨਾ ਪੈਂਦਾ ਸੀ ਅਤੇ ਕਈ ਵਾਰੀ ਤਾਂ ਜਾਨਵਰਾਂ ਦੀ ਮੌਤ ਵੀ ਹੋ ਜਾਂਦੀ ਸੀ, ਜੋ ਕਿ ਗੰਭੀਰ ਚਿੰਤਾ ਦਾ ਵਿਸ਼ਾ ਸੀ। ਕਿਸਾਨਾਂ ਕੋਲ ਅਕਸਰ ਆਪਣੇ ਪਸ਼ੂਆਂ ਦਾ ਇਲਾਜ ਕਰਵਾਉਣ ਲਈ ਢੁਕਵੇਂ ਸਾਧਨਾਂ ਦੀ ਵੀ ਘਾਟ ਸੀ।
ਇਨ੍ਹਾਂ ਮੁੱਦਿਆਂ ਨੂੰ ਹੱਲ ਕਰਨ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਰਾਜ ਦੇ ਛੇ ਜ਼ਿਲ੍ਹਿਆਂ ਦੇ ਵੈਟਰਨਰੀ ਪੌਲੀਕਲੀਨਿਕਾਂ ਵਿੱਚ ਆਈਪੀਡੀ ਵਾਰਡ ਸਥਾਪਤ ਕੀਤੇ ਹਨ, ਜਿਹਨਾਂ ਵਿੱਚ ਜਾਨਵਰਾਂ ਨੂੰ ਪੂਰੀ ਤਰ੍ਹਾਂ ਠੀਕ ਹੋਣ ਤੱਕ ਦਾਖਲ ਰੱਖਿਆ ਜਾ ਸਕੇਗਾ। ਉਨ੍ਹਾਂ ਅੱਗੇ ਕਿਹਾ ਕਿ ਇਹ ਪੌਲੀਕਲੀਨਿਕਾਂ ਵਿੱਚ ਵਿਸ਼ੇਸ਼ ਦੇਖਭਾਲ ਵੀ ਮੁਹੱਈਆ ਕਰਵਾਈ ਜਾਂਦੀ ਹੈ, ਜਿਸ ਵਿੱਚ ਆਬਜ਼ਰਵੇਸ਼ਨ ਵਾਰਡ ਅਤੇ ਪੁਨਰਵਾਸ ਪ੍ਰੋਗਰਾਮ ਸ਼ਾਮਲ ਹਨ।
ਸ. ਗੁਰਮੀਤ ਸਿੰਘ ਖੁੱਡੀਆਂ ਨੇ ਪਸ਼ੂ ਮਾਲਕਾਂ ਨੂੰ ਪਸ਼ੂਆਂ ਨੂੰ ਮੂੰਹ-ਖੁਰ ਬਿਮਾਰੀ (ਐਫਐਮਡੀ) ਤੋਂ ਬਚਾਉਣ ਲਈ ਟੀਕਾਕਰਨ ਕਰਵਾਉਣ ਦੀ ਅਪੀਲ ਵੀ ਕੀਤੀ। ਉਨ੍ਹਾਂ ਦੱਸਿਆ ਕਿ ਸੂਬਾ ਸਰਕਾਰ ਨੇ 65 ਲੱਖ ਤੋਂ ਵੱਧ ਪਸ਼ੂਆਂ ਨੂੰ ਮੂੰਹ-ਖੁਰ ਦੀ ਬਿਮਾਰੀ ਤੋਂ ਬਚਾਉਣ ਲਈ ਰਾਜ ਵਿਆਪੀ ਟੀਕਾਕਰਨ ਮੁਹਿੰਮ ਸ਼ੁਰੂ ਕੀਤੀ ਹੈ।