– ਜਿਮ ਟ੍ਰੇਨਰ ਕਤਲ ਮਾਮਲਾ: ਪੰਜਾਬ ਪੁਲਿਸ ਨੇ ਹਿਮਾਚਲ ਪ੍ਰਦੇਸ਼ ਪੁਲਿਸ ਨਾਲ ਮਿਲ ਕੇ ਹਰਪ੍ਰੀਤ ਹੈਪੋ ਗੈਂਗ ਦੇ ਚਾਰ ਸਾਥੀਆਂ ਨੂੰ ਮੈਕਲੋਡਗੰਜ ਤੋਂ ਗ੍ਰਿਫ਼ਤਾਰ ਕੀਤਾ; ਦੋ ਪਿਸਤੌਲ ਬਰਾਮਦ
– ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਚਨਬੱਧ
– ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਨੂੰ ਵਿਦੇਸ਼ੀ ਹੈਂਡਲਰਾਂ ਨੇ ਪੰਜਾਬ ਵਿੱਚ ਟਾਰਗੇਟ ਕਿਲਿੰਗ ਦਾ ਕੰਮ ਸੌਂਪਿਆ ਸੀ: ਡੀਜੀਪੀ ਗੌਰਵ ਯਾਦਵ
– ਕਤਲ ਕੇਸ ਵਿੱਚ ਸ਼ਾਮਲ ਇੱਕ ਹੋਰ ਮੁਲਜ਼ਮ ਦੀ ਪਛਾਣ ਹੋਈ, ਮੁਲਜ਼ਮ ਨੂੰ ਫੜਨ ਲਈ ਛਾਪੇਮਾਰੀ ਜਾਰੀ: ਏਡੀਜੀਪੀ ਪ੍ਰਮੋਦ ਬਾਨ
ਚੰਡੀਗੜ੍ਹ, 28 ਮਾਰਚ 2025 – ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਇੱਕ ਸੁਰੱਖਿਅਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਇੱਕ ਵੱਡੀ ਸਫਲਤਾ ਹਾਸਲ ਕਰਦਿਆਂ ਪੰਜਾਬ ਪੁਲਿਸ ਦੀ ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਨੇ ਹਿਮਾਚਲ ਪ੍ਰਦੇਸ਼ ਪੁਲਿਸ ਨਾਲ ਸਾਂਝੇ ਆਪ੍ਰੇਸ਼ਨ ਵਿੱਚ ਜਿਮ ਟ੍ਰੇਨਰ ਕਤਲ ਕੇਸ ਵਿੱਚ ਸ਼ਾਮਲ ਹਰਪ੍ਰੀਤ ਹੈਪੋ ਗੈਂਗ ਦੇ ਚਾਰ ਸਾਥੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਹ ਜਾਣਕਾਰੀ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ), ਪੰਜਾਬ ਗੌਰਵ ਪੁਲਿਸ ਯਾਦਵ ਨੇ ਦਿੱਤੀ।
ਜਾਣਕਾਰੀ ਅਨੁਸਾਰ ਜਿਮ ਟ੍ਰੇਨਰ ਗੁਰਪ੍ਰੀਤ ਸਿੰਘ ਉਰਫ ਗੁਰੀ ਦੀ 31 ਜਨਵਰੀ, 2025 ਨੂੰ ਖਰੜ ਵਿੱਚ ਚਾਰ ਹਮਲਾਵਰਾਂ ਨੇ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਸੀ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਫਿਲੌਰ ਦੇ ਪਿੰਡ ਪਰਤਾਪੁਰਾ ਦੇ ਅੰਮ੍ਰਿਤ; ਕਪੂਰਥਲਾ ਦੇ ਪਿੰਡ ਪੰਡਵਾ ਦੇ ਵਾਸੀ ਓਂਕਾਰ ਸਿੰਘ ਉਰਫ ਗੋਲੂ ਅਤੇ ਪ੍ਰਿੰਸ ਅਤੇ ਫਗਵਾੜਾ ਦੇ ਸਤਨਾਮਪੁਰਾ ਦੇ ਗੁਰਪ੍ਰੀਤ ਸਿੰਘ ਉਰਫ ਗੁਰੀ ਵਜੋਂ ਹੋਈ ਹੈ। ਪੁਲਿਸ ਟੀਮਾਂ ਨੇ ਮੁਲਾਜ਼ਮਾਂ ਦੇ ਕਬਜ਼ੇ ਚੋਂ ਮੈਗਜ਼ੀਨਾਂ ਅਤੇ 20 ਕਾਰਤੂਸਾਂ ਸਮੇਤ ਦੋ .32 ਬੋਰ ਪਿਸਤੌਲ ਬਰਾਮਦ ਕਰਨ ਤੋਂ ਇਲਾਵਾ ਉਨ੍ਹਾਂ ਦੀ ਗ੍ਰੇਅ ਮਾਰੂਤੀ ਅਰਟੀਗਾ ਕਾਰ (ਪੀਬੀ-01-ਡੀ-2996), ਜਿਸ ਵਿੱਚ ਉਹ ਜਾ ਰਹੇ ਸਨ, ਵੀ ਜ਼ਬਤ ਕਰ ਲਈ ਹੈ।
ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਆਪਣੇ ਵਿਦੇਸ਼ੀ ਹੈਂਡਲਰਾਂ ਦੇ ਨਿਰਦੇਸ਼ਾਂ ‘ਤੇ ਕੰਮ ਕਰ ਰਹੇ ਸਨ ਅਤੇ ਉਨ੍ਹਾਂ ਨੂੰ ਰਾਜ ਵਿੱਚ ਟਾਰਗੇਟ ਕਿਲਿੰਗ ਦਾ ਕੰਮ ਸੌਂਪਿਆ ਗਿਆ ਸੀ। ਉਨ੍ਹਾਂ ਕਿਹਾ ਕਿ ਗ੍ਰਿਫ਼ਤਾਰ ਕੀਤੇ ਗਏ ਸਾਰੇ ਮੁਲਜ਼ਮਾਂ ਦਾ ਪੁਰਾਣਾ ਅਪਰਾਧਕ ਰਿਕਾਰਡ ਹੈ ਅਤੇ ਉਨ੍ਹਾਂ ਵਿਰੁੱਧ ਕਤਲ, ਕਤਲ ਦੀ ਕੋਸ਼ਿਸ਼ ਅਤੇ ਅਸਲਾ ਐਕਟ ਆਦਿ ਸਮੇਤ ਕਈ ਅਪਰਾਧਿਕ ਮਾਮਲੇ ਦਰਜ ਹਨ। ਡੀਜੀਪੀ ਨੇ ਕਿਹਾ ਕਿ ਇਸ ਮਾਮਲੇ ਵਿੱਚ ਅਗਲੇ-ਪਿਛਲੇ ਸਬੰਧਾਂ ਦਾ ਪਤਾ ਲਗਾਉਣ ਲਈ ਅਗਲੇਰੀ ਹੋਰ ਜਾਂਚ ਜਾਰੀ ਹੈ।
ਇਹ ਵੀ ਪੜ੍ਹੋ: ਕਿਸਾਨਾਂ ਨੂੰ ਰਿਹਾਅ ਕਰਨ ਮਗਰੋਂ ਜਗਜੀਤ ਡੱਲੇਵਾਲ ਨੂੰ ਪੁਲਿਸ ਅਧਿਕਾਰੀਆਂ ਨੇ ਪਿਲਾਇਆ ਪਾਣੀ
ਆਪ੍ਰੇਸ਼ਨ ਦੇ ਵੇਰਵੇ ਸਾਂਝੇ ਕਰਦੇ ਹੋਏ ਏਡੀਜੀਪੀ ਏਜੀਟੀਐਫ ਪ੍ਰਮੋਦ ਬਾਨ ਨੇ ਕਿਹਾ ਕਿ ਭਰੋਸੇਯੋਗ ਜਾਣਕਾਰੀ ‘ਤੇ ਕਾਰਵਾਈ ਕਰਦਿਆਂ ਏਆਈਜੀ ਸੰਦੀਪ ਗੋਇਲ ਅਤੇ ਡੀਐਸਪੀ ਰਾਜਨ ਪਰਮਿੰਦਰ ਦੀ ਨਿਗਰਾਨੀ ਹੇਠ ਪੁਲਿਸ ਟੀਮਾਂ ਨੇ ਹਿਮਾਚਲ ਪ੍ਰਦੇਸ਼ ਪੁਲਿਸ ਨਾਲ ਇੱਕ ਸਾਂਝਾ ਆਪ੍ਰੇਸ਼ਨ ਚਲਾਇਆ ਅਤੇ ਹਿਮਾਚਲ ਪ੍ਰਦੇਸ਼ ਦੇ ਕਾਂਗੜਾ ਦੇ ਮੈਕਲੋਡਗੰਜ ਤੋਂ ਮੁਲਜ਼ਮਾਂ ਨੂੰ ਸਫਲਤਾਪੂਰਵਕ ਗ੍ਰਿਫ਼ਤਾਰ ਕੀਤਾ। ਏਜੀਟੀਐਫ ਪੁਲਿਸ ਟੀਮਾਂ ਦੀ ਅਗਵਾਈ ਇੰਸਪੈਕਟਰ ਵਿਕਰਮ ਅਤੇ ਸਬ-ਇੰਸਪੈਕਟਰ ਚੰਦਰ ਕਰ ਰਹੇ ਸਨ।
ਏਡੀਜੀਪੀ ਨੇ ਕਿਹਾ ਕਿ ਪੁਲਿਸ ਟੀਮਾਂ ਨੇ ਜਿਮ ਟ੍ਰੇਨਰ ਕਤਲ ਕੇਸ ਵਿੱਚ ਇੱਕ ਹੋਰ ਮੁਲਜ਼ਮ ਵਿਅਕਤੀ ਦੀ ਵੀ ਪਛਾਣ ਕਰ ਲਈ ਹੈ ਅਤੇ ਉਸਨੂੰ ਫੜਨ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ।