ਹਰ ਰੋਜ ਡੇਂਗੂ ਤੇ ਵਾਰ: ਸਿਹਤ ਵਿਭਾਗ ਵੱਲੋਂ ਲਗਾਤਾਰ ਡੇਂਗੂ ਵਿਰੋਧੀ ਗਤੀਵਿਧੀਆਂ ਜਾਰੀ || Punjab News

0
109

ਹਰ ਰੋਜ ਡੇਂਗੂ ਤੇ ਵਾਰ: ਸਿਹਤ ਵਿਭਾਗ ਵੱਲੋਂ ਲਗਾਤਾਰ ਡੇਂਗੂ ਵਿਰੋਧੀ ਗਤੀਵਿਧੀਆਂ ਜਾਰੀ

ਸ੍ਰੀ ਮੁਕਤਸਰ ਸਾਹਿਬ, 04 ਦਸੰਬਰ: ਸਿਹਤ ਮੰਤਰੀ ਪੰਜਾਬ ਡਾ. ਬਲਵੀਰ ਸਿੰਘ ਵਲੋਂ ਪੰਜਾਬ ਦੇ ਲੋਕਾਂ ਨੂੰ ਡੇਂਗੂ ਤੋਂ ਬਚਾਉਣ ਲਈ ਸੂਬੇ ਵਿਚ ਮੈਡੀਕਲ ਕਾਲਜਾਂ ਅਤੇ ਨਰਸਿੰਗ ਵਿਦਿਆਰਥੀਆਂ ਦੇ ਸਹਿਯੋਗ ਨਾਲ “ਹਰ ਰੋਜ ਡੇਂਗੂ ਤੇ ਵਾਰ” ਵਿਸ਼ੇਸ਼ ਮੁਹਿੰਮ ਸ਼ੁਰੂ ਕੀਤੀ ਗਈ ਹੈ। ਇਸ ਮੁਹਿੰਮ ਤਹਿਤ ਅੱਜ ਸਿਹਤ ਵਿਭਾਗ ਵਲੋਂ ਡਾ. ਜਗਦੀਪ ਚਾਵਲਾ ਸਿਵਲ ਸਰਜਨ ਸ਼੍ਰੀ ਮੁਕਤਸਰ ਸਾਹਿਬ ਦੀ ਯੋਗ ਅਗਵਾਈ ਵਿਚ ਗੁਰੂ ਨਾਨਕ ਅਯੁਰਵੇਦਿਕ ਮੈਡੀਕਲ ਕਾਲਜ ਸ਼੍ਰੀ ਮੁਕਤਸਰ ਸਾਹਿਬ ਦੇ ਸਹਿਯੋਗ ਨਾਲ ਟੀਮਾਂ ਵਲੋਂ ਗੁਰੂ ਨਾਨਕ ਅਯੁਰਵੇਦਿਕ ਮੈਡੀਕਲ ਕਾਲਜ ਦੇ ਵਿਦਿਆਰਥੀਆਂ ਨੂੰ ਨਾਲ ਲੈ ਕੇ ਗਾਂਧੀ ਨਗਰ, ਕੋਟਲੀ ਰੋਡ, ਵੋਹਰਾ ਕਲੋਨੀ, ਗਊਸ਼ਾਲਾ ਰੋਡ, ਬਾਗ ਵਾਲੀ ਗਲੀ, ਗੋਡੀਆ ਪ੍ਰੈਸ ਗਲੀ ਅਤੇ ਹੋਰ ਆਸ ਪਾਸ ਦੇ ਏਰੀਏ ਵਿਖੇ ਡੇਂਗੂ ਵਿਰੋਧੀ ਗਤੀਵਿਧੀਆਂ ਕੀਤੀਆਂ ਗਈਆਂ।

ਡੇਂਗੂ ਫੈਲਾਉਣ ਵਾਲੇ ਮੱਛਰ ਦਾ ਲਾਰਵਾ ਖਤਮ ਕਰਨ ਲਈ ਗਤੀਵਿਧੀਆਂ ਲਈ ਅਪੀਲ

ਇਸ ਸਬੰਧ ਵਿਚ ਜਾਣਕਾਰੀ ਦਿੰਦਿਆਂ ਡਾ. ਜਗਦੀਪ ਚਾਵਲਾ ਸਿਵਲ ਸਰਜਨ ਨੇ ਕਿਹਾ ਕਿ ਮਾਨਯੋਗ ਸਿਹਤ ਮੰਤਰੀ ਪੰਜਾਬ ਵਲੋਂ ਸਿਹਤ ਵਿਭਾਗ ਦੇ ਸਾਰੇ ਅਧਿਕਾਰੀਆਂ ਅਤੇ ਕਰਮਚਾਰੀਆਂ ਦੇ ਨਾਲ ਨਾਲ ਸਕੂਲੀ ਵਿਦਿਆਰਥੀਆਂ, ਨਰਸਿੰਗ ਵਿਦਿਆਰਥੀਆਂ, ਸਾਰੇ ਵਿਭਾਗਾਂ ਦੇ ਅਧਿਕਾਰੀਆਂ ਕਰਮਚਾਰੀਆਂ ਅਤੇ ਆਮ ਲੋਕਾਂ ਨੂੰ ਹਰ ਰੋਜ ਡੇਂਗੂ ਫੈਲਾਉਣ ਵਾਲੇ ਮੱਛਰ ਦਾ ਲਾਰਵਾ ਖਤਮ ਕਰਨ ਲਈ ਗਤੀਵਿਧੀਆਂ ਕਰਨ ਲਈ ਅਪੀਲ ਕੀਤੀ ਗਈ ਹੈ। ਇਸ ਸਬੰਧ ਵਿਚ ਜਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਦੇ ਸਿਹਤ ਵਿਭਾਗ ਦੇ ਸਾਰੇ ਅਧਿਕਾਰੀਆਂ/ਕਰਮਚਾਰੀਆਂ ਵਲੋਂ ਡੇਂਗੂ ਵਿਰੋਧੀ ਗਤੀਵਿਧੀਆਂ ਕੀਤੀਆ ਜਾ ਰਹੀਆਂ ਹਨ।

ਡੇਂਗੂ ਤੋਂ ਬਚਣ ਲਈ ਸਾਵਧਾਨੀਆਂ ਵਰਤਨੀਆਂ ਜਰੂਰੀ

ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਨਰਸਿੰਗ ਵਿਦਿਆਰਥੀਆਂ ਨੂੰ ਨਾਲ ਲੈਕੇ ਘਰ ਘਰ ਜਾ ਕੇ ਲੋਕਾਂ ਨੂੰ ਡੇਂਗੂ ਤੋਂ ਬਚਣ ਲਈ ਪਹਿਲਾਂ ਹੀ ਜਾਗਰੂਕ ਜਾ ਰਿਹਾ ਹੈ ਅਤੇ ਇਕ ਹਫਤੇ ਤੋਂ ਵੱਧ ਪਾਣੀ ਖੜ੍ਹਾ ਨਾ ਹੋਣ ਸਬੰਧੀ ਵਿਸ਼ੇਸ਼ ਤੌਰ ਤੇ ਕਿਹਾ ਜਾ ਰਿਹਾ ਹੈ ਅਤੇ ਡੇਂਗੂ ਮੱਛਰ ਦੇ ਲਾਰਵੇ ਨੂੰ ਮੌਕੇ ਤੇ ਨਸ਼ਟ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਡੇਂਗੂ ਤੋਂ ਬਚਣ ਲਈ ਸਾਵਧਾਨੀਆਂ ਵਰਤਨੀਆਂ ਬਹੁਤ ਜਰੂਰੀ ਹਨ। ਉਨ੍ਹਾ ਲੋਕਾਂ ਨੂੰ ਅਪੀਲ ਕੀਤੀ ਕਿ ਹਰ ਸ਼ੁੱਕਰਵਾਰ ਨੂੰ “ਹਰ ਸ਼ੁੱਕਰਵਾਰ,ਡੇਂਗੂ ਤੇ ਵਾਰ” ਦੇ ਤੌਰ ਤੇ ਮਨਾਇਆ ਜਾਵੇ ਅਤੇ ਇਸ ਦਿਨ ਪਾਣੀ ਸਟੋਰ ਕਰਨ ਵਾਲੇ ਬਰਤਨਾਂ ਨੂੰ ਇਕ ਵਾਰ ਸੁਕਾ ਕੇ ਦੁਬਾਰਾ ਵਰਤੋਂ ਵਿਚ ਲਿਆਂਦਾ ਜਾਵੇ ਤਾਂ ਜੋ ਮੱਛਰ ਦੀ ਪੈਦਾਇਸ਼ ਨੂੰ ਰੋਕਿਆ ਜਾ ਸਕੇ।
ਇਸ ਮੌਕੇ ਭਗਵਾਨ ਦਾਸ, ਲਾਲ ਚੰਦ ਜਿਲ੍ਹਾ ਸਿਹਤ ਇੰਸਪੈਕਟਰ ਨੇ ਕਿਹਾ ਕਿ ਜੇਕਰ ਕਿਸੇ ਵਿਅਕਤੀ ਨੂੰ ਡੇਂਗੂ ਅਤੇ ਮਲੇਰੀਆ ਦੇ ਕੋਈ ਲੱਛਣ ਜਿਵੇਂ ਤੇਜ ਬੁਖਾਰ ਹੋਣਾ, ਸਿਰ ਦਰਦ, ਅੱਖਾਂ, ਜੋੜਾਂ ਅਤੇ ਸਰੀਰ ਵਿੱਚ ਦਰਦ, ਭੁੱਖ ਘੱਟ ਲੱਗਣਾ ਆਦਿ ਲੱਛਣ ਆਉਣ ਤਾਂ ਨੇੜੇ ਦੇ ਸਿਵਲ ਹਸਪਤਾਲ ਵਿਚ ਜਾ ਕੇ ਮਾਹਿਰ ਡਾਕਟਰ ਨਾਲ ਸੰਪਰਕ ਕੀਤਾ ਜਾਵੇ ਅਤੇ ਡੇਂਗੂ ਦਾ ਟੈਸਟ ਜਰੂਰ ਕਰਵਾਇਆ ਜਾਵੇ ਅਤੇ ਡੇਂਗੂ ਪਾਜੇਟਿਵ ਆਉਣ ਦੀ ਸੂਰਤ ਵਿੱਚ ਮਾਹਿਰ ਡਾਕਟਰ ਤੋਂ ਇਲਾਜ ਕਰਵਾਇਆ ਜਾਵੇ। ਡੇਂਗੂ ਦੇ ਟੈਸਟ ਅਤੇ ਇਲਾਜ ਸਾਰੇ ਸਰਕਾਰੀ ਹਸਪਤਾਲਾਂ ਵਿੱਚ ਮੁਫ਼ਤ ਕੀਤਾ ਜਾਂਦਾ ਹੈ।

LEAVE A REPLY

Please enter your comment!
Please enter your name here