ਸਿਹਤ ਵਿਭਾਗ ਵੱਲੋਂ ਹੀਟ ਸਟ੍ਰੋਕ ਦੇ ਮੱਦੇਨਜ਼ਰ ਐਡਵਾਈਜ਼ਰੀ ਜਾਰੀ

0
25

ਚੰਡੀਗੜ੍ਹ: ਅਜੋਕੇ ਦਿਨਾਂ ਵਿੱਚ ਤਾਪਮਾਨ ਵਿੱਚ ਹੋਣ ਵਾਲੇ ਵਾਧੇ ਨੂੰ ਧਿਆਨ ਵਿੱਚ ਰੱਖਦਿਆਂ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਵੱਲੋਂ ਲੋਕਾਂ ਨੂੰ ਹੀਟ ਸਟਰੋਕ / ਲੂ ਤੋਂ ਬਚਾਉਣ ਲਈ ਐਡਵਾਈਜ਼ਰੀ ਜਾਰੀ ਕੀਤੀ ਗਈ ਹੈ ਤਾਂ ਜੋ ਲੋਕ ਗਰਮੀ ਦੇ ਮੌਸਮ ਦੌਰਾਨ ਵਧੇਰੇ ਗਰਮੀ ਕਾਰਨ ਹੋਣ ਵਾਲੀਆਂ ਬਿਮਾਰੀਆਂ ਤੋਂ ਆਪਣੇ ਆਪ ਨੂੰ ਬਚਾ ਸਕਣ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਫ਼ਿਰੋਜ਼ਪੁਰ ਡਾ. ਰਾਜਵਿੰਦਰ ਕੌਰ ਨੇ ਦੱਸਿਆ ਕਿ ਗਰਮੀ ਦੀ ਲਹਿਰ ਦੌਰਾਨ ਹੀਟ ਸਟਰੋਕ ਦੇ ਨਾਲ ਫੂਡ ਪੁਆਇਜ਼ਨਿੰਗ ਦੀ ਸਮੱਸਿਆ ਬਹੁਤ ਜ਼ਿਆਦਾ ਹੁੰਦੀ ਹੈ, ਇਸ ਲਈ ਸਾਨੂੰ ਵੱਧ ਤੋਂ ਵੱਧ ਤਾਜ਼ੇ ਫਲ ਖਾਣੇ ਚਾਹੀਦੇ ਹਨ, ਬਾਜ਼ਾਰ ਦੇ ਖੁੱਲੇ ਭੋਜਨ ਖਾਣ ਤੋਂ ਪ੍ਰਹੇਜ਼ ਕਰਨਾ ਚਾਹੀਦਾ ਹੈ, ਅਜਿਹੇ ਫਲ ਅਤੇ ਸਬਜ਼ੀਆਂ ਨੂੰ ਭੋਜਨ ਵਿੱਚ ਸ਼ਾਮਿਲ ਕਰਨਾ ਚਾਹੀਦਾ ਹੈ, ਜਿੰਨ੍ਹਾਂ ਵਿੱਚ ਪਾਣੀ ਦੀ ਮਾਤਰਾ ਜ਼ਿਆਦਾ ਹੋਵੇ।

ਉਨ੍ਹਾਂ ਕਿਹਾ ਕਿ ਖੀਰਾ, ਤਰਬੂਜ, ਅੰਬ, ਲੀਚੀ ਅਤੇ ਲੌਕੀ ਇਹ ਸਾਰੀਆਂ ਚੀਜ਼ਾਂ ਗਰਮੀ ਦੇ ਮੌਸਮ ਵਿੱਚ ਲਾਹੇਵੰਦ ਹਨ। ਇਹ ਬੇਹੱਦ ਜ਼ਰੂਰੀ ਹੈ ਕਿ ਅਸੀਂ ਆਪਣੀ ਚਮੜੀ ਨੂੰ ਤੇਜ਼ ਗਰਮੀ ਤੋਂ ਸੁਰੱਖਿਅਤ ਰੱਖੀਏ, ਸੂਰਜ ਦੀਆਂ ਸਿੱਧੀਆਂ ਕਿਰਨਾਂ ਤੋਂ ਆਪਣੇ ਸਰੀਰ ਨੂੰ ਬਚਾਉਣਾ ਬਹੁਤ ਜਰੂਰੀ ਹੈ। ਗਰਮੀ ਦੇ ਇਸ ਮੌਸਮ ਦੌਰਾਨ ਕਿਸੇ ਵੀ ਤਰ੍ਹਾਂ ਦੀ ਸਿਹਤ ਸਮੱਸਿਆ ਆਉਣ ‘ਤੇ ਡਾਕਟਰੀ ਸਲਾਹ ਲੈਣੀ ਚਾਹੀਦੀ ਹੈ। ਜੇਕਰ ਮੈਦਾਨੀ ਖੇਤਰ ਦਾ ਤਾਪਮਾਨ 47 ਡਿਗਰੀ ਜਾਂ ਇਸ ਤੋਂ ਵੱਧ ਤੱਕ ਪਹੁੰਚ ਜਾਂਦਾ ਹੈ, ਤਾਂ ਇਹ ਉੱਚ ਤਾਪਮਾਨ ਸਰੀਰ ਦੀ ਤਾਪਮਾਨ ਨਿਯੰਤਰਣ ਪ੍ਰਣਾਲੀ ਨੂੰ ਵਿਗਾੜਦਾ ਹੈ ਅਤੇ ਗਰਮੀ ਨਾਲ ਸਬੰਧਤ ਬਿਮਾਰੀਆਂ ਦਾ ਕਾਰਨ ਬਣਦਾ ਹੈ।

ਸਿਵਲ ਸਰਜਨ ਨੇ ਲੋਕਾਂ ਨੂੰ ਸਿਹਤ ਵਿਭਾਗ ਵੱਲੋਂ ਜਾਰੀ ਐਡਵਾਈਜ਼ਰੀ ਦੀ ਪਾਲਣਾ ਕਰਨ ਦੀ ਅਪੀਲ ਕਰਦਿਆਂ ਉਨ੍ਹਾਂ ਕਿਹਾ ਕਿ ਇਸ ਮੌਸਮ ਦੌਰਾਨ ਆਮ ਲੋਕਾਂ ਦੇ ਨਾਲ-ਨਾਲ ਖਾਸ ਕਰਕੇ ਉਨ੍ਹਾਂ ਲੋਕਾਂ, ਜਿਹੜੇ ਜੋਖਮ ਸ਼੍ਰੇਣੀ ਵਿੱਚ ਆਉਂਦੇ ਹਨ, ਨੂੰ ਚੌਕਸ ਰਹਿਣ ਦੀ ਲੋੜ ਹੈ। ਉਨ੍ਹਾਂ ਸਲਾਹ ਦਿੰਦਿਆਂ ਕਿਹਾ ਕਿ ਟੀ.ਵੀ., ਰੇਡੀਓ, ਅਖਬਾਰਾਂ ਆਦਿ ਰਾਹੀਂ ਸਥਾਨਕ ਮੌਸਮ ਦੀਆਂ ਖਬਰਾਂ ਵੱਲ ਧਿਆਨ ਦਿੱਤਾ ਜਾਣਾ ਚਾਹੀਦਾ ਹੈ। ਇਸ ਤੋਂ ਇਲਾਵਾ ਮੌਸਮ ਵਿਭਾਗ ਦੀ ਵੈੱਬਸਾਈਟ ‘ਤੋਂ ਮੌਸਮ ਦੀ ਤਾਜ਼ਾ ਜਾਣਕਾਰੀ ਪ੍ਰਾਪਤ ਕੀਤੀ ਜਾ ਸਕਦੀ ਹੈ। ਲੋਕ ਪੂਰਵ ਅਨੁਮਾਨ ਦੇ ਅਨੁਸਾਰ ਆਪਣੀਆਂ ਰੋਜ਼ਾਨਾ ਦੀਆਂ ਗਤੀਵਿਧੀਆਂ ਦੀ ਯੋਜਨਾ ਬਣਾਉਣ।

ਹੀਟ ਸਟਰੋਕ ਲਈ ਨਵਜੰਮੇ ਬੱਚੇ, ਛੋਟੇ ਬੱਚੇ, ਗਰਭਵਤੀ ਔਰਤਾਂ, 65 ਸਾਲ ਜਾਂ ਵੱਧ ਉਮਰ ਦੇ ਬਜ਼ੁਰਗ, ਮਜ਼ਦੂਰ, ਮੋਟਾਪੇ ਤੋਂ ਪੀੜਤ ਵਿਅਕਤੀ ਵਧੇਰੇ ਜ਼ੋਖਮ ‘ਤੇ ਹੁੰਦੇ ਹਨ। ਉਨ੍ਹਾਂ ਦੱਸਿਆ ਕਿ ਘਰ ਤੋਂ ਬਾਹਰ ਦੇ ਕੰਮ ਦਿਨ ਦੇ ਠੰਡੇ ਸਮੇਂ, ਜਿਵੇਂ ਕਿ ਸਵੇਰ ਅਤੇ ਸ਼ਾਮ ਵਿੱਚ ਕੀਤੇ ਜਾਣੇ ਚਾਹੀਦੇ ਹਨ। ਪਿਆਸ ਨਾ ਲੱਗਣ ‘ਤੇ ਵੀ ਹਰ ਅੱਧੇ ਘੰਟੇ ਬਾਅਦ ਪਾਣੀ ਪੀਣਾ ਯਕੀਨੀ ਬਣਾਉਣਾ ਚਾਹੀਦਾ ਹੈ। ਮਿਰਗੀ ਜਾਂ ਦਿਲ ਦੀ ਬਿਮਾਰੀ, ਗੁਰਦੇ ਜਾਂ ਜਿਗਰ ਦੀ ਬਿਮਾਰੀ ਵਾਲੇ ਲੋਕ ਜੋ ਤਰਲ-ਪ੍ਰਤੀਬੰਧਿਤ ਖੁਰਾਕ ‘ਤੇ ਹਨ, ਉਨ੍ਹਾਂ ਨੂੰ ਪਾਣੀ ਦੀ ਮਾਤਰਾ ਵਧਾਉਣ ਤੋਂ ਪਹਿਲਾਂ ਡਾਕਟਰ ਨਾਲ ਸਲਾਹ ਕਰਨੀ ਚਾਹੀਦੀ ਹੈ। ਬਾਹਰ ਕੰਮ ਕਰਦੇ ਸਮੇਂ ਹਲਕੇ ਰੰਗ ਦੇ ਪੂਰੀਆਂ ਬਾਹਾਂ ਵਾਲੇ ਕੱਪੜੇ ਪਾਓ। ਕੋਸ਼ਿਸ਼ ਕਰੋ ਕਿ ਗਰਮੀਆਂ ਵਿੱਚ ਸਿਰਫ਼ ਸੂਤੀ ਕੱਪੜੇ ਹੀ ਪਹਿਨੇ ਜਾਣ।

ਉਨ੍ਹਾਂ ਕਿਹਾ ਕਿ ਸਿੱਧੀ ਧੁੱਪ ਤੋਂ ਆਪਣੇ ਸਿਰ ਨੂੰ ਢੱਕਣ ਲਈ ਛੱਤਰੀ, ਟੋਪੀ, ਤੌਲੀਆ, ਪੱਗ ਜਾਂ ਦੁਪੱਟੇ ਦੀ ਵਰਤੋਂ ਕਰੋ। ਨੰਗੇ ਪੈਰੀਂ ਬਾਹਰ ਨਾ ਨਿਕਲੋ, ਧੁੱਪ ਵਿਚ ਬਾਹਰ ਜਾਣ ਵੇਲੇ ਹਮੇਸ਼ਾ ਜੁੱਤੀ ਜਾਂ ਚੱਪਲਾਂ ਪਾਓ। ਧੁੱਪ ਵਿਚ ਕੰਮ ਕਰਨ ਵਾਲੇ ਲੋਕਾਂ ਨੂੰ ਸਰੀਰ ਦਾ ਤਾਪਮਾਨ ਸਹੀ ਬਰਕਰਾਰ ਰੱਖਣ ਲਈ ਛਾਂ ਵਿਚ ਆਰਾਮ ਕਰਨਾ ਚਾਹੀਦਾ ਹੈ ਜਾਂ ਸਿਰ ‘ਤੇ ਗਿੱਲਾ ਕੱਪੜਾ ਰੱਖਣਾ ਚਾਹੀਦਾ ਹੈ। ਧੁੱਪ ਵਿਚ ਨਿਕਲਦੇ ਸਮੇਂ ਹਮੇਸ਼ਾ ਪਾਣੀ ਨਾਲ ਰੱਖੋ। ਮੌਸਮੀ ਫਲ ਅਤੇ ਸਬਜ਼ੀਆਂ ਜਿਵੇਂ ਕਿ ਤਰਬੂਜ, ਸੰਤਰਾ, ਅੰਗੂਰ, ਖੀਰੇ ਦਾ ਸੇਵਨ ਕਰਨਾ ਚਾਹੀਦਾ ਹੈ, ਕਿਉਂਕਿ ਇੰਨ੍ਹਾਂ ਵਿਚ ਪਾਣੀ ਦੀ ਮਾਤਰਾ ਜ਼ਿਆਦਾ ਹੁੰਦੀ ਹੈ। ਗਰਮੀ ਅਤੇ ਲੂ ਤੋਂ ਬਚਣ ਲਈ ਵੱਧ ਤੋਂ ਵੱਧ ਪਾਣੀ ਪੀਣਾ ਚਾਹੀਦਾ ਹੈ।

LEAVE A REPLY

Please enter your comment!
Please enter your name here