ਚੰਡੀਗੜ੍ਹ, 27 ਮਾਰਚ: ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੂੰ ਕਥਿਤ ਤੌਰ ‘ਤੇ ਗੈਰ-ਕਾਨੂੰਨੀ ਹਿਰਾਸਤ ‘ਚ ਰੱਖਣ ਦੇ ਮਾਮਲੇ ‘ਚ ਅੱਜ ਸੁਣਵਾਈ ਦੌਰਾਨ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਅਹਿਮ ਹੁਕਮ ਦਿੱਤਾ ਹੈ। ਅਦਾਲਤ ਨੇ ਸਪੱਸ਼ਟ ਕੀਤਾ ਕਿ ਡੱਲੇਵਾਲ ਕਿਸੇ ਵੀ ਤਰ੍ਹਾਂ ਦੀ ਪੁਲਿਸ ਹਿਰਾਸਤ ਵਿੱਚ ਨਹੀਂ ਹਨ, ਉਹ ਆਪਣੀ ਮਰਜ਼ੀ ਨਾਲ ਪਟਿਆਲਾ ਦੇ ਇੱਕ ਨਿੱਜੀ ਹਸਪਤਾਲ ਵਿੱਚ ਦਾਖ਼ਲ ਹਨ। ਅਦਾਲਤ ਨੇ ਡੱਲੇਵਾਲ ਦੇ ਪਰਿਵਾਰ ਅਤੇ ਸਮਰਥਕਾਂ ਨੂੰ ਮਿਲਣ ਦੀ ਇਜਾਜ਼ਤ ਦੇਣ ਦਾ ਹੁਕਮ ਦਿੱਤਾ ਹੈ। ਨਾਲ ਹੀ ਇਸ ਪਟੀਸ਼ਨ ਦਾ ਨਿਪਟਾਰਾ ਕਰ ਦਿੱਤਾ ਗਿਆ ਹੈ। ਇਸ ਤੋਂ ਪਹਿਲਾਂ 24 ਜਨਵਰੀ ਨੂੰ ਪੰਜਾਬ ਸਰਕਾਰ ਵੱਲੋਂ ਸਟੇਟਸ ਰਿਪੋਰਟ ਦਾਇਰ ਕੀਤੀ ਗਈ ਸੀ।
ਜ਼ਿਕਰਯੋਗ ਹੈ ਕਿ ਕਿਸਾਨ ਆਗੂ ਡੱਲੇਵਾਲ ਦੇ ਸਮਰਥਕ ਗੁਰਮੁੱਖ ਸਿੰਘ ਨੇ ਹਾਈਕੋਰਟ ‘ਚ ਪਟੀਸ਼ਨ ਦਾਇਰ ਕਰਕੇ ਦਾਅਵਾ ਕੀਤਾ ਸੀ ਕਿ ਡੱਲੇਵਾਲ ਨੂੰ 19 ਮਾਰਚ 2025 ਨੂੰ ਪੰਜਾਬ ਪੁਲਿਸ ਨੇ ਗੈਰ-ਕਾਨੂੰਨੀ ਤੌਰ ‘ਤੇ ਹਿਰਾਸਤ ‘ਚ ਲਿਆ ਸੀ, ਜਦੋਂ ਉਹ ਕੇਂਦਰੀ ਮੰਤਰੀਆਂ ਨਾਲ ਮੀਟਿੰਗ ਕਰਕੇ ਸ਼ੰਭੂ ਅਤੇ ਖਨੌਰੀ ਸਰਹੱਦ ਵੱਲ ਵਾਪਿਸ ਪਰਤ ਰਹੇ ਸਨ। ਪਟੀਸ਼ਨ ਵਿੱਚ ਕਿਹਾ ਗਿਆ ਸੀ ਕਿ ਡੱਲੇਵਾਲ ਕਿਸਾਨਾਂ ਦੀਆਂ ਮੰਗਾਂ ਦੇ ਹੱਕ ਵਿੱਚ ਪਿਛਲੇ ਕਈ ਮਹੀਨਿਆਂ ਤੋਂ ਭੁੱਖ ਹੜਤਾਲ ’ਤੇ ਹਨ।
ਇਸ ਤੋਂ ਬਾਅਦ ਰਾਜ ਸਰਕਾਰ ਨੇ ਅਦਾਲਤ ਵਿੱਚ ਦਾਇਰ ਹਲਫ਼ਨਾਮੇ ਵਿੱਚ ਕਿਹਾ ਕਿ ਡੱਲੇਵਾਲ ਨੂੰ ਹਿਰਾਸਤ ਵਿੱਚ ਨਹੀਂ ਲਿਆ ਗਿਆ ਸੀ ਬਸ ਸਿਹਤ ਖ਼ਰਾਬ ਹੋਣ ਕਾਰਨ ਅਦਾਲਤ ਦੇ ਹੁਕਮਾਂ ਅਨੁਸਾਰ ਉਸ ਨੂੰ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਸੀ ਅਤੇ ਹੁਣ ਉਹ ਆਪਣੀ ਮਰਜ਼ੀ ਨਾਲ ਉੱਥੇ ਹਨ। ਅਦਾਲਤ ਨੇ ਇਹ ਵੀ ਰਿਕਾਰਡ ’ਤੇ ਲਿਆ ਕਿ ਡੱਲੇਵਾਲ ਦਾ ਪਰਿਵਾਰ ਅਤੇ ਹੋਰ ਕਿਸਾਨ ਆਗੂ ਉਸ ਨੂੰ ਹਸਪਤਾਲ ਵਿੱਚ ਮਿਲੇ ਹਨ।
ਜਸਟਿਸ ਮਨੀਸ਼ਾ ਬੱਤਰਾ ਦੇ ਸਿੰਗਲ ਬੈਂਚ ਨੇ ਹੁਕਮ ਦਿੱਤਾ ਕਿ ਜੇਕਰ ਡੱਲੇਵਾਲ ਹਸਪਤਾਲ ਤੋਂ ਛੁੱਟੀ ਲੈਣਾ ਚਾਹੁੰਦੇ ਹਨ ਤਾਂ ਉਹ ਆਜ਼ਾਦ ਹਨ ਅਤੇ ਰਾਜ ਜਾਂ ਹਸਪਤਾਲ ਪ੍ਰਸ਼ਾਸਨ ਵੱਲੋਂ ਕੋਈ ਪਾਬੰਦੀ ਨਹੀਂ ਹੋਵੇਗੀ।