ਧੂਰੀ, 15 ਸਤੰਬਰ 2025 : ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ (Chief Minister Bhagwant Singh Mann) ਦੀ ਅਗਵਾਈ ਵਿੱਚ ਸੂਬੇ ਨੂੰ ਨਸ਼ਾ ਮੁਕਤ ਕਰਨ ਲਈ ਚਲਾਈ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਤਸਕਰਾਂ ਵਿਰੁੱਧ ਕਾਰਵਾਈ ਜੰਗੀ ਪੱਧਰ ‘ਤੇ ਕੀਤੀ ਜਾ ਰਹੀ ਹੈ, ਜਿਸ ਤਹਿਤ ਜ਼ਿਲ੍ਹਾ ਪੁਲਿਸ ਮੁਖੀ ਸਰਤਾਜ ਸਿੰਘ ਚਾਹਲ (Police Chief Sartaj Singh Chahal) ਦੇ ਨਿਰਦੇਸ਼ਾਂ ਮੁਤਾਬਕ ਐਸ. ਪੀ. (ਸਥਾਨਕ) ਦਿਲਪ੍ਰੀਤ ਸਿੰਘ ਦੀ ਅਗਵਾਈ ਵਿੱਚ ਪੁਲਸ ਤੇ ਸਿਵਲ ਪ੍ਰਸ਼ਾਸਨ ਵੱਲੋਂ ਬਾਜ਼ੀਗਰ ਬਸਤੀ ਧੂਰੀ ਵਿਖੇ ਨਸ਼ਾ ਤਸਕਰਾਂ ਵੱਲੋਂ ਉਸਾਰੀਆਂ ਨਾਜਾਇਜ਼ ਉਸਾਰੀਆਂ ਨੂੰ ਢਾਹਿਆ ਗਿਆ ।
ਨਸ਼ੇ ਦੀ ਹਰੇਕ ਤਰ੍ਹਾਂ ਦੀ ਗਤੀਵਿਧੀ ਵਿੱਚ ਲੱਗੇ ਲੋਕਾਂ ਨੂੰ ਬਖਸ਼ਿਆ ਨਹੀਂ ਜਾਵੇਗਾ : ਐੱਸ. ਪੀ. ਦਿਲਪ੍ਰੀਤ ਸਿੰਘ
ਇਸ ਮੌਕੇ ਦਿਲਪ੍ਰੀਤ ਸਿੰਘ ਨੇ ਦੱਸਿਆ ਕਿ ਇਸ ਇਲਾਕੇ ਵਿੱਚ ਰਹਿੰਦੇ 11 ਵਿਅਕਤੀਆਂ ਖਿਲਾਫ ਐਨ. ਡੀ. ਪੀ. ਐੱਸ. ਐਕਟ ਦੇ ਕਈ ਕੇਸ ਦਰਜ ਹਨ । ਇਹਨਾਂ ਵੱਲੋਂ ਸਰਕਾਰੀ ਜਗ੍ਹਾ/ਰਸਤਿਆਂ ਉਪਰ ਨਜ਼ਾਇਜ਼ ਕਬਜ਼ੇ ਵੀ ਕੀਤੇ ਹੋਏ ਹਨ । ਅੱਜ ਢੁਕਵੀਂ ਪ੍ਰਕਿਰਿਆ ਰਾਹੀਂ ਇਹਨਾਂ ਦੀਆਂ ਨਜ਼ਾਇਜ਼/ਗੈਰ ਕਾਨੂੰਨੀ ਉਸਾਰੀਆਂ ਨੂੰ ਢਾਹਿਆ ਗਿਆ ਹੈ ।
ਪੰਜਾਬ ਸਰਕਾਰ ਵੱਲੋਂ ਅਪਣਾਈ ਜਾ ਰਹੀ ਹੈ ਨਸ਼ਿਆਂ ਖਿਲਾਫ ਜ਼ੀਰੋ ਟਾਲਰੈਂਸ ਨੀਤੀ
ਉਹਨਾਂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਖਿਲਾਫ ਜ਼ੀਰੋ ਟਾਲਰੈਂਸ ਨੀਤੀ ਅਪਣਾਈ ਜਾ ਰਹੀ ਹੈ ਅਤੇ ਨਸ਼ਿਆਂ ਦੇ ਤਸਕਰਾਂ ਖਿਲਾਫ ਸਖਤ ਕਾਰਵਾਈ ਕੀਤੀ ਜਾ ਰਹੀ ਹੈ। ਜਿਹੜੇ ਨੌਜਵਾਨ ਨਸ਼ਾ ਛੱਡ ਕੇ ਚੰਗੀ ਜ਼ਿੰਦਗੀ ਜਿਉਣਾ ਚਾਹੁੰਦੇ ਹਨ, ਉਹ ਅੱਗੇ ਆਉਣ ਪੰਜਾਬ ਸਰਕਾਰ ਉਹਨਾਂ ਦੀ ਹਰ ਹਾਲ ਮਦਦ ਕਰ ਰਹੀ ਹੈ। ਇਸ ਸਬੰਧੀ ਜ਼ਿਲ੍ਹੇ ਦੇ ਵਿੱਚ ਸਰਕਾਰੀ ਨਸ਼ਾ ਛੁੜਾਊ ਤੇ ਮੁੜ ਵਸੇਵਾ ਕੇਂਦਰ ਕਾਰਜਸ਼ੀਲ ਹਨ ।
ਨਸ਼ਾ ਤਸਕਰ ਨਸ਼ੇ ਵੇਚਣ ਦਾ ਕੰਮ ਛੱਡ ਦੇਣ ਨਹੀਂ ਤਾਂ ਉਨ੍ਹਾਂ ਵਿਰੁੱਧ ਵੀ ਇਹੋ ਜਿਹੀ ਕਾਰਵਾਈ ਕੀਤੀ ਜਾਵੇਗੀ
ਐੱਸ. ਪੀ. (ਸਥਾਨਕ) ਨੇ ਨਸ਼ਾ ਤਸਕਰਾਂ ਨੂੰ ਸਖਤ ਚੇਤਾਵਨੀ ਦਿੰਦਿਆਂ ਕਿਹਾ ਕਿ ਉਹ ਨਸ਼ੇ ਵੇਚਣ ਦਾ ਕੰਮ ਛੱਡ ਦੇਣ ਨਹੀਂ ਤਾਂ ਉਨ੍ਹਾਂ ਵਿਰੁੱਧ ਵੀ ਇਹੋ ਜਿਹੀ ਕਾਰਵਾਈ ਕੀਤੀ ਜਾਵੇਗੀ । ਨਸ਼ਾ ਤਸਕਰਾਂ ਨੇ ਸੂਬੇ ਦੀ ਜਵਾਨੀ ਨੂੰ ਕੁਰਾਹੇ ਪਾਇਆ ਹੈ ਅਤੇ ਪੰਜਾਬ ਸਰਕਾਰ ਜਵਾਨੀ ਨੂੰ ਬਚਾਉਣ ਲਈ ਪੂਰੀ ਤਰ੍ਹਾਂ ਦ੍ਰਿੜ੍ਹ ਹੈ । ਉਨ੍ਹਾਂ ਕਿਹਾ ਕਿ “ਯੁੱਧ ਨਸ਼ਿਆਂ ਵਿਰੁੱਧ ਮੁਹਿੰਮ” (“War on Drugs Campaign”) ਨਿਰੰਤਰ ਜਾਰੀ ਰਹੇਗੀ ਅਤੇ ਨਸ਼ਿਆਂ ਨਾਲ ਸਬੰਧਤ ਕਿਸੇ ਵੀ ਗਤੀਵਿਧੀ ਵਿੱਚ ਸ਼ਾਮਿਲ ਕਿਸੇ ਵੀ ਵਿਅਕਤੀ ਨੂੰ ਬਖਸ਼ਿਆ ਨਹੀਂ ਜਾਵੇਗਾ । ਇਸ ਮੌਕੇ ਧੂਰੀ ਦੇ ਡੀ. ਐੱਸ. ਪੀ. ਦਮਨਬੀਰ ਸਿੰਘ, ਡੀ. ਐੱਸ. ਪੀ. ਕਰਨੈਲ ਸਿੰਘ ਸਮੇਤ ਵੱਖੋ-ਵੱਖ ਵਿਭਾਗਾਂ ਦੇ ਅਧਿਕਾਰੀ ਤੇ ਵੱਡੀ ਗਿਣਤੀ ਵਿੱਚ ਪੁਲਿਸ ਮੁਲਾਜ਼ਮ ਹਾਜ਼ਰ ਸਨ ।
Read More : ਰਾਮ ਨਗਰ ਬਸਤੀ ਵਿਖੇ ਨਸ਼ਾ ਤਸਕਰਾਂ ਵੱਲੋਂ ਕੀਤੀ ਨਾਜਾਇਜ਼ ਉਸਾਰੀ ਢਾਹੀ